ਪੰਜਾਬ ਦੇ ਮੁਲਾਜ਼ਮ ਸੰਘਰਸ਼ ਦੇ ਰਾਹ ਉਤੇ, ਹਰਿਆਣਾ ਤੇ ਹਿਮਾਚਲ ਜਾ ਕੇ ਝੂਠ ਬੋਲ ਰਹੇ ਨੇ ਭਗਵੰਤ ਮਾਨ : ਜਸਵੀਰ ਸਿੰਘ ਗੜ੍ਹੀ
ਚੰਡੀਗੜ੍ਹ, 9 ਸਤੰਬਰ(ਵਿਸ਼ਵ ਵਾਰਤਾ)-ਬਹੁਜਨ ਸਮਾਜ ਪਾਰਟੀ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਵਿੱਚ ਚੋਣਾਂ ਦੀ ਤਿਆਰੀ ਲਈ ਕੀਤੇ ਜਾ ਰਹੇ ਪ੍ਰਚਾਰ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਭਗਵੰਤ ਮਾਨ ਪਹਿਲਾਂ ਪੰਜਾਬ ਨੂੰ ਸੰਭਾਲਣ। ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੰਜਾਬ ਵਿੱਚ ਲਾਅ ਐਂਡ ਆਰਡਰ ਦੀ ਸਥਿਤੀ ਦਿਨੋਂ ਦਿਨ ਖਰਾਬ ਹੁੰਦੀ ਜਾ ਰਹੀ ਹੈ, ਧਾਰਮਿਕ ਸਥਾਨਾਂ ਦੀ ਸ਼ਰਾਰਤੀ ਅਨਸਰਾਂ ਵੱਲੋਂ ਬੇਅਦਬੀ ਕੀਤੀ ਜਾ ਰਹੀ ਹੈ, ਸੂਬੇ ਵਿੱਚ ਨਸ਼ੇ ਨਾਲ ਨੌਜਵਾਨਾਂ ਦੀ ਮੌਤ ਹੋ ਰਹੀ ਹੈ, ਪ੍ਰੰਤੂ ਮੁੱਖ ਮੰਤਰੀ ਭਗਵੰਤ ਮਾਨ ਆਪਣਾ ਸੂਬਾ ਛੱਡ ਦੂਜੇ ਸੂਬਿਆਂ ਵਿੱਚ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਦੂਜੇ ਸੂਬਿਆਂ ਦਾ ਖਿਆਲ ਛੱਡ ਆਪਣਾ ਸੂਬਾ ਸੰਭਾਲਣਾ ਚਾਹੀਦਾ ਹੈ। ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਮੁੱਖ ਮੰਤਰੀ ਝੂਠਾ ਪ੍ਰਚਾਰ ਕਰ ਰਹੇ ਹਨ ਕਿ ਪੰਜਾਬ ਦੇ ਮੁਲਾਜ਼ਮਾਂ ਦੇ ਮਸਲੇ ਹੱਲ ਕਰ ਦਿੱਤੇ, ਪਰ ਇਹ ਦਿਖਾਈ ਨਹੀਂ ਦਿੰਦਾ ਕਿ ਮੁਲਾਜ਼ਮ ਸੰਘਰਸ਼ਾਂ ਦੇ ਰਾਹ ਉਤੇ ਹਨ। ਮੁਲਾਜ਼ਮਾਂ ਨੂੰ ਆਪਣੀ ਤਨਖਾਹ ਲੈਣ ਲਈ ਵੀ ਸੰਘਰਸ਼ ਦਾ ਸਹਾਰਾ ਲੈਣਾ ਪਿਆ। ਜਸਵੀਰ ਸਿੰਘ ਗੜ੍ਹੀ ਨੇ ਕਿ ਰਾਘਵ ਚੱਢਾ ਵੱਲੋਂ ਨਵੇਂ ਲਗਾਏ ਗਏ ਚੇਅਰਮੈਨਾਂ ਨਾਲ ਕੀਤੀ ਮੀਟਿੰਗ ਉਤੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਸਪੱਸ਼ਟ ਦਿਖਾਈ ਦੇ ਰਿਹਾ ਹੈ ਕਿ ਸਰਕਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਹੀਂ ਚਲਾ ਰਹੇ। ‘ਆਪ’ ਦੇ ਦਿੱਲੀ ਵਾਲੇ ਭਗਵੰਤ ਮਾਨ ਨੂੰ ਦੂਜੇ ਸੂਬਿਆਂ ਵਿੱਚ ਰੁਝਾ ਕੇ ਹੌਲੀ ਹੌਲੀ ਸੱਤਾ ਉਤੇ ਪੂਰੀ ਤਰ੍ਹਾਂ ਕਾਬਜ਼ ਹੋਣਾ ਚਾਹੁੰਦੇ ਹਨ।























