ਪੰਜਾਬ ਦੇ 9 ਇੰਪਰੂਵਮੈਂਟ ਟਰੱਸਟ ਹੋਣਗੇ ਬੰਦ,ਸਰਕਾਰ ਨੇ ਜਾਰੀ ਕੀਤੇ ਹੁਕਮ
ਚੰਡੀਗੜ੍ਹ 13 ਅਕਤੂਬਰ(ਵਿਸ਼ਵ ਵਾਰਤਾ)- ਪੰਜਾਬ ਸਰਕਾਰ ਨੇ ਵਿੱਤੀ ਸੰਕਟ ਨਾਲ ਜੂਝ ਰਹੇ 9 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। CM ਭਗਵੰਤ ਮਾਨ ਦੀ ਇਜਾਜ਼ਤ ਤੋਂ ਬਾਅਦ ਲੋਕਲ ਬਾਡੀਜ਼ ਵਿਭਾਗ ਦੇ 9 ਇੰਪਰੂਵਮੈਂਟ ਟਰੱਸਟ ਬੰਦ ਹੋ ਜਾਣਗੇ। ਸਥਾਨਕ ਸਰਕਾਰਾਂ ਬਾਰੇ ਮੰਤਰੀ ਇੰਦਰਬੀਰ ਸਿੰਘ ਨਿੱਝਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਲੋਕਲ ਬਾਡੀਜ਼ ਵਿਭਾਗ ਨੇ ਇੰਪਰੂਵਮੈਂਟ ਟਰੱਸਟ ਕੋਟਕਪੂਰਾ, ਖੰਨਾ, ਨੰਗਲ, ਸਮਾਣਾ, ਮਲੇਰਕੋਟਲਾ, ਰਾਜਪੁਰਾ, ਅਬੋਹਰ, ਕਰਤਾਰਪੁਰ ਅਤੇ ਇੰਪਰੂਵਮੈਂਟ ਟਰੱਸਟ ਮਾਛੀਵਾੜਾ ਨੂੰ ਬੰਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਦੱਸ ਦਈਏ ਕਿ ਲੋਕਲ ਬਾਡੀਜ਼ ਵਿਭਾਗ ਅਧੀਨ 30 ਇੰਪਰੂਵਮੈਂਟ ਟਰੱਸਟ ਹਨ ਅਤੇ ਸਰਕਾਰ ਇਨ੍ਹਾਂ ਵਿੱਚੋਂ 20 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦੀ ਯੋਜਨਾ ਬਣਾ ਰਹੀ ਹੈ। ਹਾਲ ਹੀ ਵਿੱਚ ਜ਼ਿਆਦਾਤਰ ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਲਈ ਮਤੇ ਪਾਸ ਕੀਤੇ ਗਏ ਹਨ। ਸਰਕਾਰ ਵੱਲੋਂ ਗਠਿਤ ਕਮੇਟੀ ਨੇ ਘੱਟੋ-ਘੱਟ 12 ਇੰਪਰੂਵਮੈਂਟ ਟਰੱਸਟਾਂ ਨੂੰ ਬੰਦ ਕਰਨ ਦੀ ਸਿਫ਼ਾਰਸ਼ ਕੀਤੀ ਸੀ।
ਦੱਸਿਆ ਗਿਆ ਕਿ ਹੁਣ ਨਗਰ ਸੁਧਾਰ ਟਰੱਸਟ ਨੂੰ ਨਗਰ ਪਾਲਿਕਾਵਾਂ ਵਿੱਚ ਮਿਲਾ ਦਿੱਤਾ ਜਾਵੇਗਾ। ਟਰੱਸਟ ਦੀ ਜਾਇਦਾਦ, ਪੈਸਾ ਅਤੇ ਬਕਾਇਆ ਨਗਰ ਪਾਲਿਕਾ ਨੂੰ ਟਰਾਂਸਫਰ ਕੀਤਾ ਜਾਵੇਗਾ।