ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਦੇ ਹੁਕਮਾਂ ਨੂੰ ਹਾਈਕੋਰਟ ‘ਚ ਦਿੱਤੀ ਚੁਣੌਤੀ
ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਮਾਮਲੇ ‘ਚ ਸੁਣਵਾਈ ਅੱਜ
ਚੰਡੀਗੜ੍ਹ,16ਮਾਰਚ(ਵਿਸ਼ਵ ਵਾਰਤਾ)-ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੇ ਹੁਕਮਾਂ ਨੂੰ ਦੂਜੀ ਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ। ਇਸ ਮਾਮਲੇ ਦੀ ਸੁਣਵਾਈ ਅੱਜ ਹਾਈ ਕੋਰਟ ਵਿੱਚ ਹੋਣੀ ਹੈ। ਮਨੀਸ਼ਾ ਗੁਲਾਟੀ ਨੇ ਸਰਕਾਰੀ ਫੈਸਲੇ ‘ਚ ਸਪੱਸ਼ਟ ਨਾ ਹੋਣ ਸਮੇਤ ਤਕਨੀਕੀ ਕਾਰਨਾਂ ਦੇ ਆਧਾਰ ‘ਤੇ ਹੁਕਮਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਮਨੀਸ਼ਾ ਗੁਲਾਟੀ ਨੇ ਸੀਨੀਅਰ ਵਕੀਲ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਇਰ ਕਰਦਿਆਂ ਹਾਈ ਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ 13 ਮਾਰਚ 2018 ਨੂੰ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲਾਂ ਲਈ ਕੀਤੀ ਗਈ ਸੀ। ਉਸ ਨੂੰ 18 ਸਤੰਬਰ 2020 ਤੋਂ 19 ਮਾਰਚ 2021 ਤੱਕ ਅਤੇ ਫਿਰ 18 ਮਾਰਚ 2024 ਤੱਕ ਨਿਰਧਾਰਤ ਪ੍ਰਕਿਰਿਆ ਅਧੀਨ ਵਾਧਾ ਦਿੱਤਾ ਗਿਆ ਸੀ। ਪਟੀਸ਼ਨਰ ਨੇ ਕਿਹਾ ਕਿ 31 ਜਨਵਰੀ ਨੂੰ ਪੰਜਾਬ ਸਰਕਾਰ ਨੇ ਉਸ ਦੇ ਐਕਸਟੈਂਸ਼ਨ ਦੇ ਹੁਕਮਾਂ ਨੂੰ ਰੱਦ ਕਰਦਿਆਂ ਕਿਹਾ ਸੀ ਕਿ ਉਸ ਨੂੰ ਐਕਟ ਦੀ ਉਲੰਘਣਾ ਕਰਕੇ ਸੇਵਾਕਾਲ ਵਿਚ ਵਾਧਾ ਕੀਤਾ ਗਿਆ ਸੀ। ਮਨੀਸ਼ਾ ਗੁਲਾਟੀ ਨੇ ਪਟੀਸ਼ਨ ‘ਚ ਕਿਹਾ ਹੈ ਕਿ ਜਿਸ ਅਥਾਰਟੀ ਅਤੇ ਐਕਟ ਤਹਿਤ ਉਸ ਦੀ ਨਿਯੁਕਤੀ ਕੀਤੀ ਗਈ ਹੈ, ਉਸ ਤਹਿਤ ਉਸ ਨੂੰ ਸੇਵਾਕਾਲ ਵਿਚ ਵਾਧਾ ਵੀ ਕੀਤਾ ਜਾ ਸਕਦਾ ਹੈ। ਅਜਿਹੇ ‘ਚ ਐਕਸਟੈਂਸ਼ਨ ਰੱਦ ਕਰਨ ਦੇ ਹੁਕਮਾਂ ਨੂੰ ਗਲਤ ਦੱਸਦੇ ਹੋਏ ਇਸ ਫੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।























