ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਖੇਤੀ ਕਾਨੂੰਨਾਂ ਬਾਰੇ ਸੁਪਰੀਮ ਕੋਰਟ ਦੇ ਆਏ ਫੈਸਲੇ ਸੰਬੰਧੀ ਹੋਵੇਗੀ ਵਿਚਾਰ ਚਰਚਾ
ਮੁੱਖ ਮੰਤਰੀ ਨੇ ਐਡਵੋਕੇਟ ਜਨਰਲ ਅਤੇ ਉਚ-ਅਧਿਕਾਰੀਆਂ ਨੂੰ ਪਹਿਲਾਂ ਹੀ ਸੁਪਰੀਮ ਕੋਰਟ ਦੇ ਫੈਸਲੇ ਤੇ ਮੰਥਨ ਕਰਨ ਬਾਰੇ ਦਿੱਤੀ ਸੀ ਹਦਾਇਤ-ਉਹਨਾਂ ਦੀਆਂ ਰਿਪੋਰਟਾਂ ਤੇ ਵੀ ਹੋਵੇਗੀ ਵਿਚਾਰ
ਮੁੱਖ ਮੰਤਰੀ ਦੇ ਸਿਵਲ ਸਕੱਤਰੇਤ ਦਫਤਰ ਵਿਖੇ ਹੋਵੇਗੀ ਮੀਟਿੰਗ
ਚੰਡੀਗੜ੍ਹ, 14ਜਨਵਰੀ (ਵਿਸ਼ਵ ਵਾਰਤਾ) –ਤਿੰਨ ਨਵੇਂ ਬਣੇ ਖੇਤੀ ਕਾਨੂੰਨਾਂ ਜਿਹਨਾਂ ਨੂੰ ਵਾਪਸ ਲੈਣ ਸੰਬੰਧੀ ਦੇਸ਼ ਭਰ ਦੇ ਕਿਸਾਨ ਅੰਦੋਲਨ ਉਤੇ ਹਨ, ਬਾਰੇ 12ਜਨਵਰੀ ਨੂੰ ਦੇਸ਼ ਦੀ ਸਰਵ ਉੱਚ ਅਦਾਲਤ ਸੁਪਰੀਮ ਕੋਰਟ ਵੱਲੋਂ ਆਏ ਫੈਸਲੇ ਸੰਬੰਧੀ ਵਿਚਾਰ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਮੰਤਰੀ ਮੰਡਲ ਦੀ ਇਕ ਅਹਿਮ ਮੀਟਿੰਗ ਅੱਜ ਆਪਣੇ ਸਿਵਲ ਸਕੱਤਰੇਤ ਦਫਤਰ ਵਿਖੇ ਸ਼ਾਮ 4ਵਜੇ ਬੁਲਾਈ ਹੈ। ਮੀਟਿੰਗ ਵਿੱਚ ਆਏ ਫੈਸਲੇ ਦੇ ਹਰ ਪਹਿਲੂ ਉਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਇਸ ਸੰਬੰਧ ਵਿੱਚ ਪਹਿਲਾਂ ਹੀ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੂੰ ਸੁਪਰੀਮ ਕੋਰਟ ਦੇ ਆਏ ਫੈਸਲੇ ਦੀ ਮੁਕੰਮਲ ਕਾਪੀ ਲੈ ਕੇ ਉਸ ਦੇ ਸਾਰੇ ਪਹਿਲੂਆਂ ਨੂੰ ਘੋਖ ਕੇ ਆਪਣੀ ਰਿਪੋਰਟ ਦੇਣ ਲਈ ਹੁਕਮ ਦਿੱਤੇ ਹੋਏ ਹਨ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਦੇ ਮੁੱਖ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਦੀ ਅਗਵਾਈ ਹੇਠ ਵੀ ਇਕ ਉੱਚ-ਪੱਧਰੀ ਮੀਟਿੰਗ ਇਸ ਸੰਬੰਧੀ ਹੋਈ, ਜਿਸ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਉਤੇ ਖੁੱਲ਼੍ਹ ਦੇ ਮੰਥਨ ਕੀਤਾ ਗਿਆ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਤੇਜਵੀਰ ਸਿੰਘ ,ਸਪੈਸ਼ਲ ਪ੍ਰਿੰਸੀਪਲ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ ,ਡੀ.ਜੀ.ਪੀ ਦਿਨਕਰ ਗੁਪਤਾ ਅਤੇ ਹੋਰ ਉੱਚ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਸੰਬੰਧੀ ਕਿਸਾਨਾਂ ਦੇ ਹੱਕ ਵਿੱਚ ਜਾਣ ਸੰਬੰਧੀ ਫੈਸਲਾ ਹੀ ਲਏ ਜਾਣ ਦੀ ਪੂਰੀ ਸੰਭਾਵਨਾ ਹੈ। ਇਥੇ ਇਹ ਗੱਲ ਵਰਨਣਯੋਗ ਹੈ ਕਿ ਕਿਸਾਨ ਜੱਥੇਬੰਦੀਆਂ ਨੇ ਜਿਥੇ ਸੁਪਰੀਮ ਕੋਰਟ ਵੱਲੋਂ ਕੇਂਦਰ ਸਰਕਾਰ ਨੂੰ ਝਾੜ ਪਾਉਣ ਉਤੇ ਤਾਂ ਸਹਿਮਤੀ ਪ੍ਰਗਟ ਕੀਤੀ ਹੈ ਉਥੇ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਅੱਗੇ ਪੇਸ਼ ਹੋਣ ਤੋਂ ਮੁਕੰਮਲ ਇੰਨਕਾਰ ਕੀਤਾ ਹੈ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਫੈਸਲੇ ਉਤੇ ਹੀ ਅੰਦੋਲਨ ਵਾਪਸ ਕਰਨ ਦਾ ਐਲਾਨ ਕੀਤਾ ਹੈ।