ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਅੱਜ
ਇਹਨਾਂ ਅਹਿਮ ਮਸਲਿਆਂ ਤੇ ਹੋ ਸਕਦੀ ਹੈ ਵਿਚਾਰ-ਚਰਚਾ
ਚੰਡੀਗੜ੍ਹ, 6 ਜਨਵਰੀ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਬਾਅਦ ਦੁਪਹਿਰ ਚੰਡੀਗੜ੍ਹ ਵਿਖੇ ਹੋਵੇਗੀ। ਇਸ ਅਹਿਮ ਮੀਟਿੰਗ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਅਤੇ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਬਾਰੇ ਚਰਚਾ ਹੋਣ ਦੀ ਸੰਭਾਵਨਾ ਹੈ। ਕਈ ਹੋਰ ਮੁੱਦਿਆਂ ‘ਤੇ ਵੀ ਚਰਚਾ ਹੋ ਸਕਦੀ ਹੈ। ਇਸ ਸਮੇਂ ਪੰਜਾਬ ਵਿੱਚ ਓਪੀਐਸ ਸਕੀਮ ਵੀ ਲਾਗੂ ਨਹੀਂ ਕੀਤੀ ਗਈ ਹੈ। ਹਾਲਾਂਕਿ ਇਸ ਦਾ ਨੋਟੀਫਿਕੇਸ਼ਨ ਹੋ ਚੁੱਕਾ ਹੈ। ਪੰਜਾਬ ਸਰਕਾਰ ਨੇ ਅਜੇ ਤੱਕ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਨਹੀਂ ਬੁਲਾਇਆ ਹੈ। ਮੰਨਿਆ ਜਾ ਰਿਹਾ ਹੈ ਕਿ ਕੈਬਨਿਟ ਮੀਟਿੰਗ ਵਿੱਚ ਇਸ ਬਾਰੇ ਫੈਸਲਾ ਲਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਮਾਨ ਸਰਕਾਰ ਵੱਲੋਂ ਸਾਲ 2023 ਤੋਂ ਪੰਜਾਬ ਪੁਲਿਸ ਵਿੱਚ 1800 ਕਾਂਸਟੇਬਲ ਅਤੇ 300 ਸਬ-ਇੰਸਪੈਕਟਰ ਰੈਂਕ ਦੇ ਪੁਲਿਸ ਮੁਲਾਜ਼ਮ ਭਰਤੀ ਕੀਤੇ ਜਾਣੇ ਹਨ। ਮੀਟਿੰਗ ਤੋਂ ਬਾਅਦ ਭਰਤੀ ਪ੍ਰਕਿਰਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਪੰਜਾਬ ਸਰਕਾਰ ਦੇ ਬਹੁਤ ਸਾਰੇ ਪ੍ਰੋਜੈਕਟ ਅਤੇ ਕੰਮ ਲਾਈਨ ਵਿੱਚ ਹਨ। ਅੱਜ ਦੀ ਮੀਟਿੰਗ ‘ਚ ਆਉਣ ਵਾਲੇ ਸਮੇਂ ਲਈ ਇਨ੍ਹਾਂ ਸਭ ‘ਤੇ ਵਿਚਾਰ ਚਰਚਾ ਕਰਨ ਤੋਂ ਬਾਅਦ ਇਨ੍ਹਾਂ ‘ਚ ਤੇਜ਼ੀ ਲਿਆਂਦੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਮਾਨ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਨੌਜਵਾਨਾਂ ਨੂੰ ਰੁਜ਼ਗਾਰ ਦੇਣ, ਸਕੂਲਾਂ ਦੇ ਨਾਂ ਬਦਲਣ, ਡਾਕਟਰਾਂ ਦੀਆਂ ਨਿਯੁਕਤੀਆਂ ਸਬੰਧੀ ਫੈਸਲੇ ਲੈਣ ਸਮੇਤ ਹੋਰ ਕਈ ਕੰਮ ਕੀਤੇ ਹਨ।























