ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਅੱਜ
ਪੜ੍ਹੋ, ਕਿਹਨਾਂ ਫੈਸਲਿਆਂ ਤੇ ਲੱਗ ਸਕਦੀ ਹੈ ਮੋਹਰ
ਚੰਡੀਗੜ੍ਹ,13ਅਪ੍ਰੈਲ(ਵਿਸ਼ਵ ਵਾਰਤਾ)- ਅੱਜ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸਵੇਰੇ 11 ਵਜੇ ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਵਿਖੇ ਹੋਵੇਗੀ। ਇਸ ਬੈਠਕ ਵਿੱਚ ਕੱਚੇ ਅਧਿਆਪਕਾਂ ਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਇਲਾਵਾ ਪੰਜਾਬ ਵਾਸੀਆਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣ ਦੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ।
ਦੱਸ ਦੱਈਏ ਕਿ ਬੀਤੇ ਕੱਲ੍ਹ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਿਚਾਲੇ ਕਰੀਬ ਢਾਈ ਘੰਟੇ ਮੀਟਿੰਗ ਚੱਲੀ, ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਇਕ ਟਵੀਟ ਕੀਤਾ ਗਿਆ ਸੀ। ਉਹਨਾਂ ਨੇ ਟਵੀਟ ਵਿੱਚ ਲਿਖਿਆ ਕਿ “ਸਾਡੇ ਲੀਡਰ ਅਤੇ ਦਿੱਲੀ ਦੇ CM ਅਰਵਿੰਦ ਕੇਜਰੀਵਾਲ ਜੀ ਨਾਲ਼ ਬਹੁਤ ਵਧੀਆ ਮੀਟਿੰਗ ਹੋਈ। ਬਹੁਤ ਜਲਦ ਪੰਜਾਬ ਦੇ ਲੋਕਾਂ ਨੂੰ ਇੱਕ ਚੰਗੀ ਖ਼ਬਰ ਦੇਵਾਂਗਾ।” ਇਸ ਮੀਟਿੰਗ ਵਿੱਚ ਉਹਨਾਂ ਦੇ ਨਾਲ ਸਹਿਕਾਰਤਾ, ਖ਼ਜਾਨਾ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਵੀ ਮੌਜੂਦ ਸਨ।
ਇਥੇ ਇਹ ਗੱਲ ਵਰਨਣਯੋਗ ਹੈ ਕਿ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਇਹ ਐਲਾਨ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਪੰਜਾਬ ਵਿੱਚ ਬਣਨ ਤੋਂ ਬਾਅਦ ਪੰਜਾਬ ਵਾਸੀਆਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾਵੇਗੀ, ਜਿਸ ਤੋਂ ਬਾਅਦ ਪੰਜਾਬ ਵਿੱਚ ਆਪ ਦੀ ਸਰਕਾਰ ਬਣੇ ਇਕ ਮਹੀਨਾ ਹੋ ਗਿਆ ਹੈ, ਪਰ ਅਜੇ ਤੱਕ ਇਸ ਐਲਾਨ ਤੇ ਕੋਈ ਅਮਲ ਨਹੀਂ ਹੋਇਆ ਹੈ। ਅੱਜ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਫੈਸਲੇ ਤੇ ਮੋਹਰ ਲੱਗ ਸਕਦੀ ਹੈ।