ਚੰਡੀਗੜ੍ਹ, 17 ਫਰਵਰੀ:
ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਕਿਲਾ ਰਾਏਪੁਰ ਦਿਹਾਤੀ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਸਾਲਾਨਾ ਰਿਵਾਇਤੀ ਦੌੜਾਂ ਮੁੜ ਸ਼ੁਰੂ ਕਰਵਾਉਣ ਲਈ ਰਾਹ ਪੱਧਰਾ ਕਰ ਦਿੱਤਾ ਹੈ |
ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਮੌਜੂਦਾ ਬਜਟ ਸਮਾਗਮ ਦੌਰਾਨ ‘ਪਿ੍ਵੈਨਸ਼ਨ ਆਫ ਕਰੂਐਲਿਟੀ ਟੂ ਐਨੀਮਲਜ਼ (ਪੰਜਾਬ ਅਮੈਂਡਮੈਂਟ) ਬਿਲ, 2019 ਨੂੰ ਕਾਨੂੰਨ ਬਣਾਉਣ ਵਾਸਤੇ ਪੇਸ਼ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ |
ਸੁਪਰੀਮ ਕੋਰਟ ਵੱਲੋਂ ਸਾਲ 2014 ਵਿੱਚ ਪਾਬੰਦੀ ਲਾਏ ਜਾਣ ਤੱਕ ਬੈਲਗੱਡੀਆਂ ਦੀਆਂ ਦੌੜਾਂ ਸੂਬੇ ਦੇ ਅਮੀਰ ਸੱਭੀਆਚਾਰ ਅਤੇ ਵਿਰਾਸਤ ਦਾ ਅਨਿੱਖੜਵਾਂ ਅੰਗ ਰਹੀਆਂ ਹਨ | ਇਸ ਰੋਕ ਤੋਂ ਬਾਅਦ ਰਾਜਪਾਲ, ਮੁੱਖ ਮੰਤਰੀ ਅਤੇ ਪਸ਼ੂ ਪਾਲਣ ਮੰਤਰੀ ਨੂੰ ਵੱਖ-ਵੱਖ ਲੋਕਾਂ ਨੇ ਮਿਲ ਕੇ ਬੈਲਗੱਡੀਆਂ ਦੀਆਂ ਦੌੜਾਂ ਨੂੰ ਸ਼ੁਰੂ ਕਰਨ ਵਾਸਤੇ ਆਪਣੀ ਪੇਸ਼ਕਾਰੀ ਕੀਤੀ | ਸੂਬਾ ਮੰਤਰੀ ਮੰਡਲ ਨੇ ਪਿਛਲੇ ਸਾਲ ਅਕਤੂਬਰ ਵਿੱਚ ਹੋਈ ਆਪਣੀ ਮੀਟਿੰਗ ਦੌਰਾਨ ਇਸ ਉੱਤੇ ਵਿਸਤ੍ਰਤ ਵਿਚਾਰ ਵਟਾਂਦਰਾ ਕੀਤਾ ਅਤੇ ਕਿਲਾ ਰਾਏਪੁਰ ਖੇਡਾਂ ਨੂੰ ਕਾਨੂੰਨੀ ਤੌਰ ‘ਤੇ ਆਗਿਆ ਦੇਣ ਲਈ ਕਾਨੂੰਨ ਬਣਾਏ ਜਾਣ ਦੇ ਹੱਕ ਵਿੱਚ ਰਾਇ ਦਿੱਤੀ ਸੀ | ਇਨ੍ਹਾਂ ਖੇਡਾਂ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਤੋਂ ਇਲਾਵਾ ਹੋਰ ਵੀ ਵੱਖ-ਵੱਖ ਪਸ਼ੂ ਸ਼ਮੂਲੀਅਤ ਕਰਦੇ ਹਨ |