ਪੰਜਾਬ ਮੰਤਰੀ ਮੰਡਲ ਵੱਲੋਂ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ
ਚੰਡੀਗੜ੍ਹ, 18ਨਵੰਬਰ(ਵਿਸ਼ਵ ਵਾਰਤਾ)- ਕੈਬਨਿਟ ਨੇ ਸਰਕਾਰੀ ਕਾਲਜਾਂ ਵਿੱਚ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਲਈ ਉਮਰ ਹੱਦ 45 ਤੋਂ ਵਧਾ ਕੇ 53 ਸਾਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਤਾਂ ਕਿ ਸਹਾਇਕ ਪ੍ਰੋਫੈਸਰਾਂ/ਪ੍ਰੋਫੈਸਰਾਂ ਨੂੰ 53 ਸਾਲ ਦੀ ਉਮਰ ਤੱਕ ਇਨ੍ਹਾਂ ਆਸਾਮੀਆਂ ਲਈ ਬਿਨੈ ਕਰਨ ਦੇ ਯੋਗ ਬਣਾਇਆ ਜਾ ਸਕੇ। ਇਹ ਆਸਾਮੀਆਂ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਰਾਹੀਂ ਭਰੀਆਂ ਜਾਣਗੀਆਂ। ਉਮਰ ਹੱਦ ਵਿੱਚ ਇਸ ਛੋਟ ਨਾਲ ਸਰਕਾਰ ਕੋਲ ਯੋਗ ਤੇ ਸਮਰੱਥ ਵਿਅਕਤੀਆਂ ਦਾ ਇਕ ਵੱਡਾ ਪੂਲ ਮੁਹੱਈਆ ਹੋਵੇਗਾ, ਜਿਸ ਵਿੱਚੋਂ ਪੀ.ਪੀ.ਐਸ.ਸੀ. ਵੱਲੋਂ ਉਮੀਦਵਾਰਾਂ ਦੀ ਚੋਣ ਕੀਤੀ ਜਾ ਸਕੇਗੀ। ਇਸ ਕਦਮ ਨਾਲ ਤਸੱਲੀਬਖ਼ਸ਼ ਅਕਾਦਮਿਕ ਯੋਗਦਾਨ ਵਾਲੇ ਤਜਰਬੇਕਾਰ ਅਧਿਆਪਕ, ਜਿਨ੍ਹਾਂ ਕੋਲ ਪ੍ਰਬੰਧਕੀ ਮੁਹਾਰਤ ਵੀ ਹੋਵੇਗੀ, ਇਨ੍ਹਾਂ ਆਸਾਮੀਆਂ ਲਈ ਬਿਨੈ ਕਰਨ ਦੇ ਯੋਗ ਹੋਣਗੇ।