ਪੰਜਾਬ ਯੂਨੀਵਰਸਿਟੀ ਦੇ ਮੁੱਦੇ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਦੀ ਅਹਿਮ ਮੀਟਿੰਗ ਅੱਜ
ਚੰਡੀਗੜ੍ਹ,5ਜੂਨ(ਵਿਸ਼ਵ ਵਾਰਤਾ)-ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇੱਕ ਅਹਿਮ ਮੀਟਿੰਗ ਕਰਨ ਜਾ ਰਹੇ ਹਨ। ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਅੱਜ 5 ਜੂਨ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦੀ ਪ੍ਰਧਾਨਗੀ ਹੇਠ ਚੰਡੀਗੜ੍ਹ ਸਿਵਲ ਸਕੱਤਰੇਤ ਵਿਖੇ ਹੋਣੀ ਹੈ। ਇਸ ਮੀਟਿੰਗ ਵਿੱਚ ਪੰਜਾਬ ਯੂਨੀਵਰਸਿਟੀ ਨਾਲ ਸਬੰਧਤ ਕਈ ਮੁੱਦੇ ਵਿਚਾਰੇ ਜਾਣੇ ਹਨ, ਜਿਨ੍ਹਾਂ ਵਿੱਚ ਯੂਨੀਵਰਸਿਟੀ ਨੂੰ ਦਿੱਤੇ ਜਾਣ ਵਾਲੇ ਫੰਡਾਂ ਦੀ ਹਿੱਸੇਦਾਰੀ ਦਾ ਮੁੱਦਾ ਵੀ ਸ਼ਾਮਲ ਹੈ। ਜ਼ਿਕਰਯੋਗ ਹੈ ਕਿ ਪੰਜਾਬ ਯੂਨੀਵਰਸਿਟੀ ਵਿੱਤੀ ਸੰਕਟ ਦਾ ਸਾਹਮਣਾ ਕਰ ਰਹੀ ਹੈ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਤਿੰਨ ਦਿਨ ਪਹਿਲਾਂ ਇਸ ਮੁੱਦੇ ‘ਤੇ ਦੋਵਾਂ ਮੁੱਖ ਮੰਤਰੀਆਂ ਦੀ ਬੈਠਕ ‘ਚ ਕਿਹਾ ਸੀ ਕਿ ਜੇਕਰ ਪੀਯੂ ਹਰਿਆਣਾ ਦੇ ਕੁਝ ਕਾਲਜਾਂ ਨੂੰ ਮਾਨਤਾ ਦਿੰਦੀ ਹੈ ਤਾਂ ਇਸ ਦੇ ਬਦਲੇ ‘ਚ ਉਨ੍ਹਾਂ ਦੀ ਸਰਕਾਰ ਯੂਨੀਵਰਸਿਟੀ ਦੇ ਕੁੱਲ ਖਰਚੇ ਦਾ 40 ਫੀਸਦੀ ਹਿੱਸਾ ਗ੍ਰਾਂਟ ਦੇ ਰੂਪ ‘ਚ ਦੇ ਸਕਦੀ ਹੈ।
ਦੱਸ ਦਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਹਿਲਾਂ ਹੀ ਪੰਜਾਬ ਯੂਨੀਵਰਸਿਟੀ (ਪੀਯੂ) ਵਿੱਚ ਹਰਿਆਣਾ ਨੂੰ ਕੋਈ ਹਿੱਸਾ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੀਯੂ ਪੰਜਾਬ ਦੀ ਵਿਰਾਸਤ ਹੈ ਅਤੇ ਉਨ੍ਹਾਂ ਦੀ ਸਰਕਾਰ ਸੂਬੇ ਦੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹੈ। ਸੀਐਮ ਮਾਨ ਨੇ ਕਿਹਾ ਕਿ ਭਾਵੇਂ ਹਰਿਆਣਾ ਆਪਣੇ ਕੁਝ ਕਾਲਜਾਂ ਨੂੰ ਪੀਯੂ ਤੋਂ ਮਾਨਤਾ ਦੇਣ ਦੀ ਮੰਗ ਕਰ ਰਿਹਾ ਹੈ, ਪਰ ਪੰਜਾਬ ਸਰਕਾਰ ਕਿਸੇ ਵੀ ਕਿਸਮ ਦੀ ਹਿੱਸੇਦਾਰੀ ਦੇ ਪੱਖ ਵਿਚ ਨਹੀਂ।