ਚੰਡੀਗੜ੍ਹ, 17 ਅਗਸਤ – ਮੌਸਮ ਵਿਭਾਗ ਵਲੋਂ ਪੰਜਾਬ ਵਿਚ ਅਗਲੇ 48 ਘੰਟੇ ਦੌਰਾਨ ਭਾਰੀ ਬਾਰਿਸ਼ ਦੀ ਪੇਸ਼ੀਨਗੋਈ ਕੀਤੀ ਗਈ ਹੈ। ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿਚ ਅੱਜ ਸਵੇਰ ਤੋਂ ਹੀ ਰੁਕ-ਰੁਕ ਕੇ ਤੇਜ਼ ਬਾਰਿਸ਼ ਹੋ ਰਹੀ ਹੈ।
ਦੂਸਰੇ ਪਾਸੇ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ ਵਧ ਗਿਆ ਹੈ, ਜਿਸ ਕਾਰਨ ਫਲੱਡ ਗੇਟ ਖੋਲ ਦਿੱਤੇ ਗਏ ਹਨ, ਜਿਸ ਕਾਰਨ ਪਿੰਡਾਂ ਵਿਚ ਹੜ੍ਹਾਂ ਦਾ ਖਤਰਾ ਹੋਰ ਵਧ ਗਿਆ ਹੈ।
ਇਸ ਦੌਰਾਨ ਅਗਲੇ 48 ਤੋਂ 72 ਘੰਟਿਆਂ ਦਰਮਿਆਨ ਸੂਬੇ ਵਿੱਚ ਭਾਰੀ ਮੀਂਹ ਦੀ ਪੇਸ਼ੀਨਗੋਈ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੀਤੀ ਰਾਤ ਹਾਈ ਅਲਰਟ ਜਾਰੀ ਕਰਦਿਆਂ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਸਥਿਤੀ ਤੇ ਨੇੜਿਓਂ ਨਿਗਰਾਨੀ ਰੱਖਣ ਦੇ ਹੁਕਮ ਦਿੱਤੇ ਹਨ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਹੋਈ ਚਿਤਾਵਨੀ ਦੇ ਸੰਦਰਭ ਵਿੱਚ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਚੌਕਸ ਰਹਿਣ ਦੀ ਹਦਾਇਤ ਦਿੰਦਿਆਂ ਕਿਹਾ ਕਿ ਜੇਕਰ ਅਗਲੇ 2-3 ਦਿਨਾਂ ਦੌਰਾਨ ਭਾਰੀ ਮੀਂਹ ਪੈਣ ਨਾਲ ਕੋਈ ਹੰਗਾਮੀ ਸਥਿਤੀ ਪੈਦਾ ਹੁੰਦੀ ਹੈ ਤਾਂ ਇਸ ਸੂਰਤ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਈ ਜਾਵੇ।
ਇਕ ਸਰਕਾਰੀ ਬੁਲਾਰੇ ਮੁਤਾਬਕ ਮੁੱਖ ਮੰਤਰੀ ਖੁਦ ਵੀ ਸਥਿਤੀ ਤੇ ਨਜ਼ਰ ਰੱਖ ਰਹੇ ਹਨ। ਉਨਾਂ ਨੇ ਮਾਲ ਵਿਭਾਗ, ਡਰੇਨੇਜ਼, ਸਿਹਤ, ਖੁਰਾਕ ਅਤੇ ਪਸ਼ੂ ਧਨ ਵਿਭਾਗਾਂ ਦੇ ਫੀਲਡ ਅਧਿਕਾਰੀਆਂ ਨੂੰ ਚੌਕਸ ਰਹਿਣ ਅਤੇ ਭਾਰੀ ਮੀਂਹ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਿਪਟਣ ਦੇ ਹੁਕਮ ਦਿੱਤੇ। ਉਨਾਂ ਨੇ ਰਾਹਤ ਤੇ ਮੁੜ ਵਸੇਬਾ ਕਾਰਜਾਂ ਲਈ ਵੀ ਕਾਰਜ ਯੋਜਨਾ ਤਿਆਰ ਰੱਖਣ ਲਈ ਆਖਿਆ ਤਾਂ ਜੋ ਲੋੜ ਪੈਣ ’ਤੇ ਇਸ ਨੂੰ ਤੁਰੰਤ ਅਮਲ ਵਿੱਚ ਲਿਆਂਦਾ ਜਾ ਸਕੇ।
ਭਾਰੀ ਮੀਂਹ ਪੈਣ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਨੇ ਫੀਲਡ ਅਧਿਕਾਰੀਆਂ ਨੂੰ ਆਪੋ-ਆਪਣੇ ਹੈੱਡਕੁਆਰਟਰ ਨਾ ਛੱਡਣ ਦੇ ਹੁਕਮ ਦਿੱਤੇ ਹਨ।