ਚੰਡੀਗੜ੍ਹ, 8 ਦ੍ਸੰਬਰ (ਵਿਸ਼ਵ ਵਾਰਤਾ) : ਪੰਜਾਬ ਦੇ ਨੌਜਵਾਨਾਂ ਨੂੰ ਭਵਿੱਖ ਦੀਆਂ ਲੋੜਾਂ ਮੁਤਾਬਕ ਹੁਨਰਮੰਦ ਬਣਾ ਕੇ ਰੁਜਗਾਰ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਵਲੋਂ ਹੁਨਰ ਵਿਕਾਸ ਦੇ ਘੱਟ ਸਮੇਂ ਦੇ ਨਵੇਂ ਕੋਰਸ ਸ਼ੁਰੂ ਕੀਤੇ ਜਾਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਤਕਨੀਕੀ ਸਿੱਖਿਆ ਅਤੇ ੳਦਿਯੋਗਿਕ ਸਿਖਲਾਈ ਮੰਤਰੀ ਸ. ਚਰਨਜੀਤ ਸਿੰਘ ਨੇ ਦੱਸਿਆ ਕਿ ਹੁਨਰ ਵਿਕਾਸ ਦੇ ਨਵੇਂ ਕੋਰਸ ਸ਼ੁਰੂ ਕਰਨ ਦੇ ਨਾਲ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਇਨਾਂ ਕੋਰਸਾਂ ਵਿਚ ਦਾਖਲਾ ਲੈਣ ਵਾਲੇ 100 ਫੀਸਦੀ ਨੌਜਵਾਨਾਂ ਨੂੰ ਚੰਗੀਆਂ ਉਜਰਤਾਂ `ਤੇ ਰੁਜਗਾਰ ਮਿਲ ਸਕੇ।
ਇਸ ਤੋਂ ਪਹਿਲਾਂ ਤਕਨੀਕੀ ਸਿੱਖਿਆ ਮੰਤਰੀ ਸ. ਚੰਨੀ ਨੇ ਕੇਂਦਰੀ ਹੁਨਰ ਵਿਕਾਸ ਮੰਤਰਾਲੇ ਦੀ ਵਧੀਕ ਸਕੱਤਰ ਸ੍ਰੀਮਤੀ ਰਜਨੀ ਸੇਖੜੀ ਸਿੱਬਲ ਆਈ.ਏ.ਐਸ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨਾਲ ਪੰਜਾਬ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਦੇਸ਼ ਅਤੇ ਵਿਦੇਸ਼ ਵਿਚ ਰੁਜ਼ਗਾਰ ਦੇ ਵਧੀਆ ਮੌਕੇ ਪ੍ਰਦਾਨ ਕਰਵਾਉਣ ਲਈ ਮੀਟਿੰਗ ਕੀਤੀ।ਮੀਟਿੰਗ ਦੌਰਾਨ ਕੇਂਦਰੀ ਵਧੀਕ ਸਕੱਤਰ ਨੇ ਭਾਰਤ ਸਰਕਾਰ ਦੇ ਹੁਨਰ ਵਿਕਾਸ ਅਤੇ ਉਦਮ ਮੰਤਰਾਲੇ ਵਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ।ਇਸ ਦੇ ਨਾਲ ਹੀ ਉਨ੍ਹਾਂ ਵਲੋਂ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਲਈ ਕੇਂਦਰ ਸਰਕਾਰ ਵਲੋਂ ਚਲਾਏ ਜਾ ਰਹੇ ਘੱਟ ਸਮੇਂ ਦੇ ਨਵੇਂ ਕੋਰਸਾਂ ਬਾਰੇ ਪਾਵਰ ਪੁਆਇੰਟ ਪੇਸ਼ਕਾਰੀ ਦਿੱਤੀ।
ਇਸ ਮੌਕੇ ਸ. ਚੰਨੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਅਧਿਕਾਰੀਆਂ ਨੂੰ ਹੁਕਮ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਦੇ ਇਨ੍ਹਾਂ ਘੱਟ ਸਮੇਂ ਦੇ ਕੋਰਸਾਂ ਨੂੰ ਪੰਜਾਬ ਵਿਚ ਸ਼ੁਰੂ ਕਰਨ ਲਈ ਵਿਸਥਾਰ ਪੂਰਵਕ ਰਿਪੋਰਟ ਤਿਆਰ ਕੀਤੀ ਜਾਵੇ ਤਾਂ ਜੋ ਜਲਦ ਤੋਂ ਜਲਦ ਇਹ ਪ੍ਰਵਾਨਗੀ ਲਈ ਕੇਂਦਰੀ ਹੁਨਰ ਵਿਕਾਸ ਅਤੇ ਉਦਮ ਮੰਤਰਾਲੇ ਕੋਲ ਭੇਜੀ ਜਾ ਸਕੇ।
ਉਨ੍ਹਾ ਕਿਹਾ ਕਿ ਪੰਜਾਬ ਵਿਚ ਪੰਜਾਬ ਦੇ ਨੌਜਵਾਨਾਂ ਨੂੰ ਇਨ੍ਹਾਂ ਕੇਂਦਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ ਲਈ ਸੂਬੇ ਵਿਚ ਪੀ.ਪੀ.ਪੀ ਮਾਡਲ ਅਧੀਨ ਹੁਨਰ ਵਿਕਾਸ ਦੇ ਨਵੇਂ ਕੇਂਦਰ ਖੋਲੇ ਜਾਣਗੇ।ਇਸ ਦੇ ਨਾਲ ਉਨ੍ਹਾਂ ਕਿਹਾ ਕਿ ਨਵੇਂ ਕੇਂਦਰ ਖੋਲਣ ਮੌਕੇ ਇਸ ਗੱਲ ਦਾ ਖਾਸ ਧਿਆਨ ਰੱਖਿਆ ਜਾਵੇਗਾ ਕਿ ਇਨ੍ਹਾਂ ਕੇਂਦਰਾ ਤੋਂ ਸਿਖਲਾਈ ਲੈਣ ਵਾਲੇ ਨੌਜਵਾਨਾਂ ਨੂੰ ਵਧੀਆ ਉਜਰਤਾਂ `ਤੇ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ `ਤੇ ਰੁਜਗਾਰ ਦੇ ਵਧੀਆ ਮੌਕੇ ਉਪਲੱਬਧ ਹੋ ਸਕਣ।
ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਤਕਨੀਕੀ ਸਿੱਖਿਆ ਵਿਭਾਗ ਦੇ ਵਧੀਕ ਮੁੱਖ ਸਕੱਤਰ ਸ੍ਰੀ ਐਮ.ਪੀ.ਸਿੰਘ, ਹੁਨਰ ਵਿਕਾਸ ਮਿਸ਼ਨ ਦੀ ਡਾਇਰੈਕਟਰ ਸ੍ਰੀਮਤੀ ਭਾਵਨਾ ਗਰਗ ਅਤੇ ਛੋਟੀਆਂ ਸੱਨਅਤਾਂ ਵਿਭਾਗ ਦੇ ਐਮ.ਡੀ ਸ੍ਰੀ ਰਜਤ ਅਗਰਵਾਲ ਸਮੇਤ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।