
ਚੰਡੀਗੜ, 28 ਅਗਸਤ – ਪੰਜਾਬ ਵਿਧਾਨ ਸਭਾ ‘ਚ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ‘ਤੇ ਬਹਿਸ ਜਾਰੀ ਹੈ। ਇਸ ਬਹਿਸ ਵਿਚ ਕਾਂਗਰਸ ਤੇ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਵਿਧਾਇਕ ਹਿੱਸਾ ਲੈ ਰਹੇ ਹਨ। ਜਦਕਿ ਅਕਾਲੀ ਆਗੂਆਂ ਵਲੋਂ ਵਾਕਆਊਟ ਕੀਤਾ ਗਿਆ।
ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਬੇਅਦਬੀ ਮਾਮਲੇ ਵਿਚ ਸੁਖਬੀਰ ਸਿੰਘ ਬਾਦਲ ਤੇ ਅਕਾਲੀਆਂ ਖਿਲਾਫ ਧਾਰਾ 295 ਤਹਿਤ ਪਰਚਾ ਰੱਦ ਕੀਤਾ ਜਾਵੇ। ਉਹਨਾਂ ਕਿਹਾ ਕਿ ਬਾਦਲਾਂ ਦੇ ਜੁਲਮਾਂ ਨੇ ਮੁਗਲਾਂ ਨੂੰ ਵੀ ਮਾਤ ਪਾ ਦਿਤੀ ਹੈ। ਉਹਨਾਂ ਕਿਹਾ ਕਿ ਬਾਦਲਾਂ ਦੇ ਰਾਜ ਵਿਚ ਰਾਮ ਰਹੀਮ ਦੀ ਫਿਲਮ ਐਮ.ਐਸ.ਜੀ ਚੱਲੀ। ਉਹਨਾਂ ਕਿਹਾ ਕਿ ਬਹਿਬਲ ਕਲਾਂ ਵਿਖੇ ਗੋਲੀਆਂ ਚਲਾਉਣ ਵਾਲਿਆਂ ਖਿਲਾਫ ਸਖਤ ਕਾਰਵਾਈ ਹੋਵੇ। ਉਹਨਾਂ ਨੇ ਬਾਦਲ ਪਰਿਵਾਰ ਨੂੰ ਅਕ੍ਰਿਤਘਣ ਦੱਸਿਆ। ਉਹਨਾਂ ਨੇ ਮੰਗ ਕੀਤੀ ਕਿ ਬਾਦਲ ਤੋਂ ਫਖਰ-ਏ-ਕੌਮ ਦਾ ਖਿਤਾਬ ਵਾਪਸ ਲਿਆ ਜਾਵੇ।
ਇਸ ਤੋਂ ਇਲਾਵਾ ਆਪ ਦੇ ਸੀਨੀਅਰ ਆਗੂ ਐੱਚ.ਐੱਸ ਫੂਲਕਾ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਵਾਲੇ ਬਖਸ਼ੇ ਨਹੀਂ ਜਾਣੇ ਚਾਹੀਦੇ।
ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਮੈਂ ਕੱਲ੍ਹ ਸੁਖਬੀਰ ਸਿੰਘ ਬਾਦਲ ਨੂੰ ਚੁਣੌਤੀ ਦਿੱਤੀ ਸੀ ਕਿ ਉਹ ਇਥੇ ਮੌਜੂਦ ਰਹਿਣ, ਪਰ ਸਾਰੇ ਅਕਾਲੀ ਆਗੂ ਇਥੋਂ ਭੱਜ ਗਏ। ਉਹਨਾਂ ਨੇ ਸਾਬਕਾ ਮੁੱਖ ਮੰਤਰੀ ਉਤੇ ਦੋਸ਼ ਲਾਉਂਦਿਆਂ ਕਿਹਾ ਕਿ ਬਹਿਬਲਕਲਾਂ ਗੋਲੀਕਾਂਡ ਦੇ ਆਦੇਸ਼ ਉਹਨਾਂ ਨੇ ਹੀ ਦਿੱਤੇ ਸਨ। ਉਹਨਾ ਕਿਹਾ ਮੈਂ ਮੁੱਖ ਮੰਤਰੀ ਸਾਹਿਬ ਨੂੰ ਅਪੀਲ ਕਰਦਾ ਹਾਂ ਕਿ ਉਹ ਖੁਦ ਫੈਸਲਾ ਕਰਨ ਤੇ ਇਸ ਮਾਮਲੇ ਦੀ ਜਾਂਚ ਸੀਬੀਆਈ ਤੋਂ ਨਾ ਕਰਾਈ ਜਾਵੇ।






















