ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਤੋਂ ਸ਼ੁਰੂ
ਪਹਿਲੇ ਦਿਨ ਸਿੱਧੂ ਮੂਸੇਵਾਲਾ ਸਮੇਤ ਹੋਰ ਵਿਛੜੀਆਂ ਰੂਹਾਂ ਨੂੰ ਦਿੱਤੀ ਜਾਵੇਗੀ ਸ਼ਰਧਾਂਜਲੀ
ਪੜ੍ਹੋ ਕੀ ਹੋਵੇਗਾ ਖਾਸ ਇਸ ਵਾਰ ਦੇ ਬਜਟ ਵਿੱਚ ਅਤੇ ਸੈਸ਼ਨ ਦੌਰਾਨ ਸਰਕਾਰ ਲਿਆਵੇਗੀ ਕਿਹੜੇ ਮਤੇ
ਚੰਡੀਗੜ੍ਹ,24 ਜੂਨ(ਵਿਸ਼ਵ ਵਾਰਤਾ)- ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ ਅੱਜ ਤੋਂ ਸ਼ੁਰੂ ਹੋ ਰਿਹਾ ਹੈ। ਇਹ ਸੈਸ਼ਨ 30 ਜੂਨ ਤੱਕ ਚੱਲੇਗਾ। 27 ਜੂਨ ਨੂੰ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਆਪਣਾ ਪਹਿਲਾ ਪੂਰਣ ਬਜਟ ਪੇਸ਼ ਕਰੇਗੀ। ਇਸ ਬਜਟ ਦੀ ਸਭ ਤੋਂ ਪਹਿਲੀ ਖਾਸ ਗੱਲ ਇਹ ਹੋਵੇਗੀ ਕਿ ਇਹ ਪੇਪਰਲੈੱਸ ਹੋਵੇਗਾ ਅਤੇ ਵਿਧਾਇਕਾਂ ਨੂੰ ਮੋਬਾਈਲ ਐਪ ਰਾਹੀਂ ਉਪਲਬਧ ਕਰਵਾਇਆ ਜਾਵੇਗਾ।
ਅੱਜ ਦੇ ਸੈਸ਼ਨ ਦੀ ਕਾਰਵਾਈ ਤੇ ਨਜ਼ਰ ਮਾਰੀ ਜਾਵੇ ਤਾਂ ਸਭ ਤੋਂ ਪਹਿਲਾਂ ਪਿਛਲੇ ਸਮੇਂ ਦੌਰਾਨ ਵਿੱਛੜੀਆਂ ਉੱਘੀਆਂ ਸਖਸ਼ਿਅਤਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ।ਇਹਨਾਂ ਵਿੱਚ ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਨੂੰ ਵੀ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਇਸ ਸੈਸ਼ਨ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਇੱਕ ਵਿਧਾਇਕ-ਇੱਕ ਪੈਨਸ਼ਨ ਅਤੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਪ੍ਰਸਤਾਵ ਲਿਆਵੇਗੀ। ਦੱਸ ਦਈਏ ਕਿ ਮਾਨ ਸਰਕਾਰ ਨੇ ਪਹਿਲਾਂ ਇੱਕ ਵਿਧਾਇਕ-ਇੱਕ ਪੈਨਸ਼ਨ ਦਾ ਆਰਡੀਨੈਂਸ ਪਾਸ ਕੀਤਾ ਸੀ। ਜਿਸ ਨੂੰ ਮਨਜ਼ੂਰੀ ਲਈ ਰਾਜਪਾਲ ਕੋਲ ਭੇਜਿਆ ਗਿਆ ਸੀ। ਹਾਲਾਂਕਿ, ਰਾਜਪਾਲ ਨੇ ਆਰਡੀਨੈਂਸ ਨੂੰ ਇਹ ਕਹਿ ਕੇ ਵਾਪਸ ਕਰ ਦਿੱਤਾ ਕਿ ਇਸਨੂੰ ਵਿਧਾਨ ਸਭਾ ਤੋਂ ਪਾਸ ਕਰਕੇ ਭੇਜਿਆ ਜਾਵੇ। ਜਿਸ ਤੋਂ ਬਾਅਦ ਅੱਜ ਤੋਂ ਹੀ ਸ਼ੁਰੂ ਹੋਣ ਵਾਲੇ ਸੈਸ਼ਨ ਵਿੱਚ ਇਸ ਦੇ ਪਾਸ ਕੀਤੇ ਜਾਣ ਦੀ ਸੰਭਾਵਨਾ ਹੈ।
ਬਜਟ ਵੱਲ ਝਾਤੀ ਮਾਰੀ ਜਾਵੇ ਤਾਂ ਬਜਟ ਵਿੱਚ ਸਰਕਾਰ ਮੁਫਤ ਬਿਜਲੀ ਤੋਂ ਇਲਾਵਾ ਸਕੂਲ ਅਤੇ ਸਿਹਤ ਢਾਂਚੇ ਸਬੰਧੀ ਵੱਡੇ ਪ੍ਰਬੰਧ ਕੀਤੇ ਜਾ ਸਕਦੇ ਹਨ।