ਪੰਜਾਬ ਵਿਧਾਨ ਸਭਾ ਜ਼ਿਮਨੀ ਚੋਣਾਂ : ਜਗਮੀਤ ਬਰਾੜ ਨਹੀਂ ਲੜ ਰਹੇ ਗਿੱਦੜਬਾਹਾ ਜ਼ਿਮਨੀ ਚੋਣ
ਪੜ੍ਹੋ, ਚੋਣ ਨਾ ਲੜਨ ਦੀ ਕੀ ਹੈ ਵਜ੍ਹਾ
ਚੰਡੀਗੜ੍ਹ, 30ਅਕਤੂਬਰ(ਵਿਸ਼ਵ ਵਾਰਤਾ) ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ‘ਤੇ 13 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਕੁੱਲ 45 ਉਮੀਦਵਾਰ ਚੋਣ ਮੈਦਾਨ ਵਿੱਚ ਹਨ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਬਰਨਾਲਾ, ਡੇਰਾ ਬਾਬਾ ਨਾਨਕ, ਚੱਬੇਵਾਲ ਅਤੇ ਗਿੱਦੜਬਾਹਾ ਵਿਧਾਨ ਸਭਾ ਸੀਟਾਂ ‘ਤੇ ਜ਼ਿਮਨੀ ਚੋਣਾਂ ਹੋ ਰਹੀਆਂ ਹਨ। ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਵਰਣਨਯੋਗ ਹੈ ਕਿ ਸਾਬਕਾ ਸੰਸਦ ਮੈਂਬਰ ਜਗਮੀਤ ਸਿੰਘ ਬਰਾੜ ਨੇ ਬੀਤੀ 25 ਅਕਤੂਬਰ ਨੂੰ ਅਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਸਨ। ਬੀਤੇ ਦਿਨ ਪ੍ਰੈੱਸ ਕਾਨਫਰੰਸ ਦੌਰਾਨ ਜਗਮੀਤ ਸਿੰਘ ਬਰਾੜ ਨੇ ਦੱਸਿਆ ਕਿ ਉਹਨਾਂ ਨੇ 20 ਅਕਤੂਬਰ ਨੂੰ ਆਪਣੀ ਇਕ ਸਲਾਹਕਾਰ ਕਮੇਟੀ ਦਾ ਗਠਨ ਕੀਤਾ ਸੀ ਅਤੇ ਨਾਮਜ਼ਦਗੀ ਪੱਤਰ ਦਾਖਲ ਕਰਨ ਉਪਰੰਤ ਉਹ 45 ਵਿਚੋਂ 25 ਪਿੰਡਾਂ ਵਿਚ ਗਏ ਅਤੇ ਇਸ ਚੋਣ ਸੰਬੰਧੀ ਰਾਏ ਮਸ਼ਵਰਾ ਕੀਤਾ। ਉਨ੍ਹਾਂ ਕਿਹਾ ਕਿ ਮੇਰੀ ਸਲਾਹਕਾਰ ਕਮੇਟੀ ਦੇ ਕੁਝ ਮੈਂਬਰ ਜਦੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਸ ਗਏ ਤਾਂ ਉਨ੍ਹਾਂ ਕਿਹਾ ਕਿ ਜਗਮੀਤ ਸਿੰਘ ਬਰਾੜ ਨੂੰ ਹਲਕੇ ਵਿਚੋਂ 3 ਹਜ਼ਾਰ ਵੋਟ ਹੀ ਮਿਲਣਗੇ ਅਤੇ ਫਿਰ ਵੀ ਜੇਕਰ ਜਗਮੀਤ ਬਰਾੜ ਦਾ ਮਨ ਹੋਵੇ ਤਾਂ ਉਹ ਚੋਣ ਲੜ ਕੇ ਦੇਖ ਸਕਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਮਾੜੇ ਲੋਕਾਂ ਦਾ ਵਿਰੋਧ ਕਰਦੇ ਹੋਏ ਉਹ ਚੋਣ ਲੜ ਰਹੇ ਚੰਗੇ ਉਮੀਦਵਾਰਾਂ ਦਾ ਨੁਕਸਾਨ ਨਹੀਂ ਕਰ ਸਕਦੇ, ਇਸ ਕਰਕੇ ਉਨ੍ਹਾਂ ਆਪਣੀ ਸਲਾਹਕਾਰ ਕਮੇਟੀ ਨਾਲ ਮੀਟਿੰਗ ਤੋਂ ਬਾਅਦ ਗਿੱਦੜਬਾਹਾ ਜ਼ਿਮਨੀ ਚੋਣ ਨਾ ਲੜਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਕਿਸੇ ਵੀ ਸੂਰਤੇਹਾਲ ਕਾਂਗਰਸ ਪਾਰਟੀ ਵਿਚ ਨਹੀਂ ਜਾਣਗੇ। ਜਗਮੀਤ ਬਰਾੜ ਨੇ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਪੰਜਾਬ ਦੇ ਪਾਣੀ ਅਤੇ ਨਸ਼ੇ ਦੇ ਮੁੱਦੇ ਤੇ ਲੜਾਈ ਲੜਣਗੇ ਅਤੇ ਕਿਸੇ ਵੀ ਸਿਆਸੀ ਪਾਰਟੀ ਦਾ ਹਿੱਸਾ ਨਹੀਂ ਬਣਨਗੇ।