ਪੰਜਾਬ ਵਿੱਚ ਅੱਜ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਹੋਵੇਗੀ ਸ਼ੁਰੂਆਤ
ਚੰਡੀਗੜ੍ਹ, 29 ਅਗਸਤ(ਵਿਸ਼ਵ ਵਾਰਤਾ)- ਅੱਜ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ’ ਦੀ ਸ਼ੁਰੂਆਤ ਕਰਨਗੇ। ਇਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਵੱਡੇ ਪੱਧਰ ‘ਤੇ ਤਿਆਰੀਆਂ ਕਰ ਲਈਆਂ ਹਨ। ਇਸ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਮਾਨ ਕੌਮੀ ਖੇਡ ਦਿਵਸ ਮੌਕੇ ਸਥਾਨਕ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਕਰਨਗੇ। ਖੇਡ ਮੇਲੇ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਟ੍ਰੈਫਿਕ ਪੁਲਸ ਨੇ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਹੈ। ਦੱਸ ਦੱਈਏ ਕਿ ਕੁਝ ਦਿਨ ਪਹਿਲਾਂ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਲਈ ਖੇਡ ਵਿਭਾਗ ਤੇ ਖੇਡ ਐਸੋਸੀਏਸ਼ਨਾਂ ਨੂੰ ਮਿਲ ਕੇ ਚੱਲਣ ਦਾ ਸੱਦਾ ਦਿੱਤਾ ਸੀ। ਇਹ ਗੱਲ ਉਨ੍ਹਾਂ ਨੇ ਪੰਜਾਬ ਓਲੰਪਿਕ ਭਵਨ ਵਿਖੇ ਪੰਜਾਬ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਕਹੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਨਿੱਜੀ ਤੌਰ ਉੱਤੇ ਖੇਡਾਂ ਨੂੰ ਤਰਜੀਹ ਦੇ ਰਹੇ ਹਨ ਅਤੇ ਪੰਜਾਬ ਨੂੰ ਮੁੜ ਨੰਬਰ ਇਕ ਸੂਬਾ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਖੇਡ ਮੰਤਰੀ ਨੇ ਇਹ ਵੀ ਕਿਹਾ ਸੀ ਕਿ ਸੂਬਾ ਸਰਕਾਰ ਨਵੀਂ ਖੇਡ ਨੀਤੀ ਤਿਆਰ ਕਰ ਰਹੀ ਹੈ ਜਿਸ ਵਿੱਚ ਖਿਡਾਰੀਆਂ ਲਈ ਨਗਦ ਇਨਾਮ, ਨੌਕਰੀ ਦੇਣੀ, ਛੋਟੀ ਉਮਰ ਦੇ ਖਿਡਾਰੀਆਂ ਨੂੰ ਉਤਸ਼ਾਹਤ ਕਰਨ ਉੱਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਵਿੱਚ ਖੇਡ ਸੱਭਿਆਚਾਰ ਮੁੜ ਪੈਦਾ ਕਰਨ ਦੀ ਵਚਨਬੱਧਤਾ ਤਹਿਤ ਖੇਡ ਵਿਭਾਗ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਈਆਂ ਜਾ ਰਹੀਆਂ ਜਿਸ ਦਾ ਅੱਜ 29 ਅਗਸਤ ਨੂੰ ਮੁੱਖ ਮੰਤਰੀ ਜਲੰਧਰ ਵਿਖੇ ਉਦਘਾਟਨ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ 5 ਲੱਖ ਦੇ ਕਰੀਬ ਖਿਡਾਰੀ ਹਿੱਸਾ ਲੈਣਗੇ ਜਿਸ ਤੋਂ ਬਾਅਦ ਸੂਬਾ ਪੱਧਰੀ ਟੂਰਨਾਮੈਂਟ ਦੇ ਜੇਤੂ ਖਿਡਾਰੀਆਂ ਦਾ ਪੂਲ ਬਣ ਜਾਵੇਗਾ ਜੋ ਅਗਾਂਹ ਕੌਮੀ ਤੇ ਕੌਮਾਂਤਰੀ ਪੱਧਰ ਉੱਤੇ ਮੱਲਾਂ ਮਾਰਨਗੇ।ਇਸ ਟੂਰਨਾਮੈਂਟ ਦਾ ਮਕਸਦ ਪੰਜਾਬ ਵਿੱਚ ਖਿਡਾਰੀਆਂ ਵਿਚਲੀ ਪ੍ਰਤਿਭਾ ਤੇ ਹੁਨਰ ਦੀ ਤਲਾਸ਼ ਕਰਨਾ ਹੈ।