ਪੰਜਾਬ ਵਿੱਚ ਅੱਜ ਤੋਂ ਲਗਾਏ ਜਾਣਗੇ ਬਲਾਕ ਸਿਹਤ ਮੇਲੇ
ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਪਹਿਲਾਂ ਹੀ ਕਰ ਚੁੱਕੇ ਹਨ ਐਲਾਨ
ਚੰਡੀਗੜ੍ਹ, 18 ਅਪ੍ਰੈਲ(ਵਿਸ਼ਵ ਵਾਰਤਾ)-:ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਵਿਜੇ ਸਿੰਗਲਾ ਨੇ ਬੀਤੀ 15ਅਪ੍ਰੈਲ ਨੂੰ ਇਹ ਐਲਾਨ ਕੀਤਾ ਕਿ ਸੂਬੇ ਵਿੱਚ 18 ਅਪ੍ਰੈਲ ਯਾਨਿ ਕਿ ਅੱਜ ਤੋਂ ਸਿਹਤ ਮੇਲੇ ਲਗਾਏ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਵਾਸੀ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਦੋਹਰੀ ਮਾਰ ਝੱਲ ਰਹੇ ਹਨ ਅਤੇ ਇਨ੍ਹਾਂ ਵਿੱਚੋਂ ਬਹੁਤ ਸਾਰੀਆਂ ਬਿਮਾਰੀਆਂ ਦੀ ਰੋਕਥਾਮ ਜਲਦੀ ਜਾਂਚ ਕਰਕੇ, ਸਿਹਤ ਸਿੱਖਿਆ ਪ੍ਰਦਾਨ ਕਰਕੇ, ਸਮੇਂ ਸਿਰ ਰੈਫਰਲ ਅਤੇ ਪ੍ਰਬੰਧਨ ਨਾਲ ਕੀਤੀ ਜਾ ਸਕਦੀ ਹੈ। ਡਾ. ਸਿੰਗਲਾ ਨੇ ਕਿਹਾ ਕਿ ਇਸ ਤੋਂ ਇਲਾਵਾ ਜਾਗਰੂਕਤਾ ਦੀ ਘਾਟ ਅਤੇ ਸਿਹਤ ਪ੍ਰਤੀ ਮਾੜੀਆਂ ਆਦਤਾਂ ਕਈ ਬਿਮਾਰੀਆਂ ਦੇ ਮੁੱਖ ਕਾਰਨ ਪਾਏ ਗਏ ਹਨ।
ਇਨ੍ਹਾਂ ਸਿਹਤ ਮੇਲਿਆਂ ਦੇ ਆਯੋਜਨ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਅੱਗੇ ਦੱਸਿਆ ਕਿ ਜਲਦੀ ਜਾਂਚ ਅਤੇ ਰੋਕਥਾਮ ਨਾਲ ਬੀਮਾਰੀਆਂ ਦੀ ਦਰ ਅਤੇ ਰੋਕਥਾਮਯੋਗ ਮੌਤ ਦਰ ਨੂੰ ਕਾਫੀ ਹੱਦ ਤੱਕ ਘਟਾਇਆ ਜਾ ਸਕਦਾ ਹੈ। ਇਹ ਮੇਲੇ ਬਲਾਕ ਪੱਧਰ `ਤੇ ਆਯੋਜਿਤ ਕੀਤੇ ਜਾਣਗੇ ਜਿੱਥੇ ਸਿਹਤ ਸੇਵਾਵਾਂ ਦੇ ਨਾਲ-ਨਾਲ ਵੱਖ-ਵੱਖ ਬਿਮਾਰੀਆਂ ਅਤੇ ਉਨ੍ਹਾਂ ਤੋਂ ਬਚਾਅ ਦੇ ਉਪਾਵਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਸਿਹਤ ਮੰਤਰੀ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ ਮੇਲੇ ਸਰਕਾਰ ਦੀਆਂ ਵੱਖ-ਵੱਖ ਸਕੀਮਾਂ ਅਤੇ ਪ੍ਰੋਗਰਾਮਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਹੱਤਵਪੂਰਨ ਸਿੱਧ ਹੋਣਗੇ।ਇਨ੍ਹਾਂ ਮੇਲਿਆਂ ਵਿੱਚ ਸਿਹਤ ਅਤੇ ਪਰਿਵਾਰ ਭਲਾਈ ਤੋਂ ਇਲਾਵਾ ਸਰਕਾਰ ਦੇ ਹੋਰ ਕਈ ਵਿਭਾਗ ਜਿਵੇਂ ਖੁਰਾਕ ਅਤੇ ਸਪਲਾਈਜ਼ ਵਿਭਾਗ, ਯੁਵਕ ਮਾਮਲੇ ਅਤੇ ਖੇਡ ਵਿਭਾਗ, ਆਯੂਸ਼ ਵਿਭਾਗ, ਸਕੂਲ ਸਿੱਖਿਆ ਵਿਭਾਗ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਚਾਇਤੀ ਰਾਜ ਸੰਸਥਾ ਅਤੇ ਸ਼ਹਿਰੀ ਵਿਕਾਸ ਵਿਭਾਗ ਹਿੱਸਾ ਲੈਣਗੇ।
ਕੈਬਨਿਟ ਮੰਤਰੀ ਨੇ ਵੱਖ-ਵੱਖ ਸੰਚਾਰੀ ਅਤੇ ਗੈਰ-ਸੰਚਾਰੀ ਬਿਮਾਰੀਆਂ ਦੀ ਰੋਕਥਾਮ ਲਈ ਲੋਕਾਂ ਵਿੱਚ ਸਿਹਤ ਸਬੰਧੀ ਜਾਗਰੂਕਤਾ ਵਧਾਉਣ ਦੀ ਲੋੜ `ਤੇ ਜ਼ੋਰ ਦਿੱਤਾ ਅਤੇ ਇਹ ਮੇਲੇ ਸਿਹਤ ਵਿਵਹਾਰ ਵਿੱਚ ਸਕਾਰਾਤਮਕ ਤਬਦੀਲੀਆਂ ਲਿਆਉਣ ਲਈ ਨਵੀਨਤਾਕਾਰੀ ਮਾਸ ਮੀਡੀਆ ਅਤੇ ਮਿਡ-ਮੀਡੀਆ ਗਤੀਵਿਧੀਆਂ ਰਾਹੀਂ ਲਾਭਪਾਤਰੀਆਂ ਨੂੰ ਪ੍ਰੇਰਿਤ ਕਰਨਗੇ।