ਪੰਜਾਬ ਵਿੱਚ ਕੇਂਦਰੀ ਸੁਰੱਖਿਆ ਬਲ ਤਾਇਨਾਤ
ਚੰਡੀਗੜ੍ਹ, 3 ਮਾਰਚ(ਵਿਸ਼ਵ ਵਾਰਤਾ)- ਪੰਜਾਬ ਵਿੱਚ ਹੋਣ ਜਾ ਰਹੇ ਜੀ-20 ਸੰਮੇਲਨ ਦੇ ਵੱਖ-ਵੱਖ ਸਮਾਗਮਾਂ ਤੇ 8 ਤੋਂ 10 ਮਾਰਚ ਤੱਕ ਹੋਲੇ ਮੁਹੱਲੇ ਦੇ ਮੱਦੇਨਜ਼ਰ ਕੇਂਦਰ ਨੇ ਕੇਂਦਰੀ ਸੁਰੱਖਿਆ ਬਲਾਂ ਦੀਆਂ 18 ਕੰਪਨੀਆਂ ਪੰਜਾਬ ਵਿੱਚ ਤਾਇਨਾਤ ਕਰਨ ਦਾ ਫੈਸਲਾ ਕੀਤਾ ਹੈ। ਸੀਆਰਪੀਐਫ-ਆਰਏਐਫ ਦੀਆਂ 18 ਕੰਪਨੀਆਂ ਪੰਜਾਬ ਲਈ ਰਵਾਨਾ ਕਰ ਦਿੱਤੀਆਂ ਗਈਆਂ ਹਨ। ਪੰਜਾਬ ਵਿੱਚ 6 ਮਾਰਚ ਤੋਂ 16 ਮਾਰਚ ਤੱਕ 1900 ਦੇ ਕਰੀਬ ਕੇਂਦਰੀ ਸੁਰੱਖਿਆ ਮੁਲਾਜ਼ਮ ਤਾਇਨਾਤ ਰਹਿਣਗੇ। ਇਸ ਤੋਂ ਬਾਅਦ ਹਾਲਾਤ ਮੁਤਾਬਕ ਇਨ੍ਹਾਂ ਕੰਪਨੀਆਂ ਬਾਰੇ ਫੈਸਲਾ ਲਿਆ ਜਾਵੇਗਾ। ਜ਼ਿਕਰਯੋਗ ਹੈ ਕਿ ਬੀਤੇ ਵੀਰਵਾਰ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੀਂ ਦਿੱਲੀ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਸੁਰੱਖਿਆ ਸਥਿਤੀ ‘ਤੇ ਚਰਚਾ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਸਰਹੱਦ ਪਾਰੋਂ ਡਰੋਨਾਂ ਰਾਹੀਂ ਹਥਿਆਰਾਂ ਅਤੇ ਨਸ਼ਿਆਂ ਦੀ ਤਸਕਰੀ ਵਧ ਰਹੀ ਹੈ। ਅੰਮ੍ਰਿਤਪਾਲ ਸਿੰਘ ਅਤੇ ਹੋਰ ਗਰਮ ਖਿਆਲੀਆਂ ਦੀਆਂ ਗਤੀਵਿਧੀਆਂ ਬਾਰੇ ਵੀ ਚਰਚਾ ਕੀਤੀ ਗਈ।