ਪੰਜਾਬ ਵਿੱਚ ਫਿਰ ਬਦਲੇਗਾ ਮੌਸਮ ਦਾ ਮਿਜਾਜ਼
ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ
ਚੰਡੀਗੜ੍ਹ,29ਫਰਵਰੀ(ਵਿਸ਼ਵ ਵਾਰਤਾ)- ਪੰਜਾਬ ਵਿੱਚ ਇੱਕ ਵਾਰ ਫਿਰ ਪੱਛਮੀ ਗੜਬੜੀ ਸਰਗਰਮ ਹੋ ਰਹੀ ਹੈ। 1 ਅਤੇ 2 ਮਾਰਚ ਨੂੰ ਪੰਜਾਬ ਭਰ ਵਿੱਚ ਬਾਰਿਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਕੁਝ ਇਲਾਕਿਆਂ ‘ਚ ਗੜੇਮਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਆਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਅਨੁਸਾਰ ਇਸ ਪੱਛਮੀ ਗੜਬੜੀ ਦਾ ਪ੍ਰਭਾਵ ਸਿਰਫ਼ ਦੋ ਦਿਨ ਹੀ ਰਹੇਗਾ, ਜਦੋਂ ਕਿ 3 ਮਾਰਚ ਤੋਂ ਮੁੜ ਧੁੱਪ ਨਿਕਲੇਗੀ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਪੱਛਮੀ ਗੜਬੜੀ ਸ਼ੁੱਕਰਵਾਰ ਤੋਂ ਸਰਗਰਮ ਹੋ ਜਾਵੇਗੀ। ਇਸ ਦੌਰਾਨ ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਪੂਰੇ ਪੰਜਾਬ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ ਸ਼ਨੀਵਾਰ ਨੂੰ ਪਠਾਨਕੋਟ, ਅੰਮ੍ਰਿਤਸਰ, ਗੁਰਦਾਸਪੁਰ, ਤਰਨਤਾਰਨ, ਕਪੂਰਥਲਾ, ਮੋਗਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਫਾਜ਼ਿਲਕਾ, ਫ਼ਿਰੋਜ਼ਪੁਰ, ਮੁਕਤਸਰ, ਫ਼ਰੀਦਕੋਟ, ਬਠਿੰਡਾ ਅਤੇ ਮਾਨਸਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।