ਪੰਜਾਬ ਵਿੱਚ ਬਦਲਿਆ ਮੌਸਮ ਦਾ ਮਿਜ਼ਾਜ – ਕਈ ਜ਼ਿਲ੍ਹਿਆਂ ‘ਚ ਮੀਂਹ ਦਾ ਅਲਰਟ
ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)- ਪੰਜਾਬ ਵਿੱਚ ਪੱਛਮੀ ਗੜਬੜੀ ਜ਼ੋਰ ਫੜਨ ਲੱਗੀ ਹੈ। ਅੱਜ ਬੀਤੀ ਸ਼ਾਮ ਨੂੰ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਤਾਪਮਾਨ ਵਿੱਚ ਅਚਾਨਕ ਤਬਦੀਲੀ ਦੇਖਣ ਨੂੰ ਮਿਲੀਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ। ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਅੱਜ ਵੀਰਵਾਰ ਨੂੰ ਵੀ ਮੌਸਮ ਵਿੱਚ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਮੌਸਮ ਵਿਭਾਗ ਨੇ ਅੱਜ 19 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਨੂੰ ਛੱਡ ਕੇ ਪੂਰੇ ਸੂਬੇ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਉਪਰੋਕਤ ਚਾਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮੌਸਮ ਵਿਭਾਗ ਅਨੁਸਾਰ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਜ਼ਿਆਦਾਤਰ ਸ਼ਹਿਰਾਂ ਦਾ ਤਾਪਮਾਨ 40 ਤੋਂ 45 ਡਿਗਰੀ ਦੇ ਆਸ-ਪਾਸ ਚੱਲ ਰਿਹਾ ਸੀ, 2 ਦਿਨਾਂ ਦੇ ਇਸ ਮੌਸਮ ਤੋਂ ਬਾਅਦ ਤਾਪਮਾਨ 40 ਡਿਗਰੀ ਦੇ ਆਸ-ਪਾਸ ਹੇਠਾਂ ਆ ਜਾਵੇਗਾ।ਇਸ ਦੇ ਨਾਲ ਹੀ ਸ਼ਨੀਵਾਰ ਤੋਂ ਪੰਜਾਬ ‘ਚ ਹਾਲਾਤ ਆਮ ਵਾਂਗ ਹੋਣੇ ਸ਼ੁਰੂ ਹੋ ਜਾਣਗੇ।