ਪੰਜਾਬ ਵਿੱਚ ਵੱਜਿਆ ਚੋਣਾਂ ਦਾ ਬਿਗੁਲ
ਅਕਾਲੀ ਦਲ-ਬਸਪਾ ਗੱਠਜੋੜ ਅਤੇ ਆਮ ਆਦਮੀ ਪਾਰਟੀ ਨੇ ਤਾਂ ਉਮੀਦਵਾਰਾਂ ਦਾ ਕੀਤਾ ਐਲਾਨ
ਕਾਂਗਰਸ ਅਤੇ ਭਾਜਪਾ,ਪੰਜਾਬ ਲੋਕ ਕਾਂਗਰਸ ਤੇ ਅਕਾਲੀ ਦਲ(ਸੰਯੁਕਤ) ਗੱਠਜੋੜ ਨਹੀਂ ਕਰ ਸਕੇ ਉਮੀਦਵਾਰਾਂ ਦੀ ਲਿਸਟ ਫਾਇਨਲ
ਕਿਸਾਨਾਂ ਵੱਲੋਂ ਬਣਾਈਆਂ ਪਾਰਟੀਆਂ ਨੇ ਵੀ ਨਹੀਂ ਐਲਾਨੇ ਉਮੀਦਵਾਰ
ਚੰਡੀਗੜ੍ਹ,8 ਜਨਵਰੀ(ਵਿਸ਼ਵ ਵਾਰਤਾ)-ਪੰਜਾਬ ਵਿੱਚ ਚੋਣਾਂ ਦੀਆਂ ਤਰੀਕਾਂ ਦਾ ਹੋ ਚੁੱਕਾ ਹੈ,ਜਿਸ ਅਨੁਸਾਰ ਪੰਜਾਬ ਵਿੱਚ 14 ਫਰਵਰੀ ਨੂੰ ਵੋਟਾਂ ਪੈਣਗੀਆਂ।ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਆਦਾਤਰ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਆਪ ਨੇ ਹੁੁਣ ਤੱਕ 117 ਵਿੱਚੋਂ 104 ਅਤੇ ਸ਼੍ਰੋਮਣੀ ਅਕਾਲੀ ਦਲ ਜੋ ਕਿ ਬਸਪਾ ਨਾਲ ਮਿਲ ਕੇ ਚੋਣ ਲੜ ਰਹੀ ਹੈ ਨੇ ਆਪਣੇ ਹਿੱਸੇ ਦੇ 97 ਉਮੀਦਵਾਰਾਂ ਵਿੱਚੋਂ 91 ਦਾ ਐਲਾਨ ਕਰ ਦਿੱਤਾ ਹੈ। ਉੱਥੇ ਹੀ ਜਿਕਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ(ਸੰਯੁਕਤ) ਨਾਲ ਮਿਲ ਕੇ ਚੋਣਾਂ ਲੜਨ ਦਾ ਐਲਾਨ ਕਰ ਚੁੱਕੀ ਭਾਰਤੀ ਜਨਤਾ ਪਾਰਟੀ ਅਤੇ ਕਾਂਗਰਸ ਵੱਲੋਂ ਅਜੇ ਤੱਕ ਕਿਸੇ ਵੀ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਭਾਜਪਾ,ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ(ਸੰਯੁਕਤ) ਨੇ ਤਾਂ ਅਜੇ ਤੱਕ ਇਹ ਵੀ ਐਲਾਨ ਨਹੀਂ ਕੀਤਾ ਕਿ ਕਿਹੜੀ ਪਾਰਟੀ ਕਿੰਨੀਆਂ ਸੀਟਾਂ ਤੇ ਆਪਣੇ ਉਮੀਦਵਾਰ ਉਤਾਰੇਗੀ। ਜਦੋਂਕਿ ਕਾਂਗਰਸ 2017 ਦੀ ਤਰ੍ਹਾਂ ਹੀ ਸਾਰੀਆਂ ਸੀਟਾਂ ਤੇ ਇੱਕਲਿਆਂ ਹੀ ਚੋਣਾਂ ਲੜੇਗੀ।
ਇਹ ਵੀ ਜਿਕਰ ਕਰਨਾ ਬਣਦਾ ਹੈ ਕਿ ਕਿਸਾਨ ਆਗੂਆਂ ਵੱਲੋਂ ਵੀ ਚੋਣਾਂ ਲੜਨ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਿਸਾਨ ਆਗੂ ਗੁਰਨਾਮ ਸਿੰਘ ਚੜੂੰਨੀ ਨੇ ‘ਸੰਯੁਕਤ ਸੰਘਰਸ਼ ਪਾਰਟੀ’ ਅਤੇ ਪੰਜਾਬ ਦੀਆਂ 22 ਕਿਸਾਨ ਜੱਥੇਬੰਦੀਆਂ ਨੇ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿੱਚ ‘ਸੰਯੁਕਤ ਸਮਾਜ ਮੋਰਚਾ’ ਹੇਠ ਚੋਣਾਂ ਲੜਨ ਦਾ ਐਲਾਨ ਕੀਤਾ ਹੈ। ਉਹਨਾਂ ਵੱਲੋਂ ਵੀ ਅਜੇ ਤੱਕ ਕਿਸੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚੋਣਾਂ ਦੇ ਐਲਾਨ ਤੋਂ ਬਾਅਦ ਇਹ ਕਿਆਸ ਲੱਗਣੇ ਸ਼ੁਰੂ ਹੋ ਗਏ ਹਨ ਕਿ ਇੱਕ ਦੋ ਦਿਨਾਂ ਵਿੱਚ ਹੀ ਸਾਰੀਆਂ ਪਾਰਟੀਆਂ ਵੱਲੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਸਕਦਾ ਹੈ।