ਪੰਜਾਬ ਵਿੱਚ ਵੱਜਿਆ ਪੰਚਾਇਤੀ ਚੋਣਾਂ ਦਾ ਬਿਗੁਲ
ਪੰਜਾਬ ਦੀਆਂ ਸਾਰੀਆਂ ਪੰਚਾਇਤਾਂ ਭੰਗ
ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦ
ਪੜ੍ਹੋ, ਕਦੋਂ ਹੋ ਸਕਦੀਆਂ ਹਨ ਚੋਣਾਂ
ਚੰਡੀਗੜ੍ਹ,11ਅਗਸਤ(ਵਿਸ਼ਵ ਵਾਰਤਾ)- ਪੰਜਾਬ ਵਿੱਚ ਸਰਕਾਰ ਨੇ ਸਾਰੀਆਂ ਪੰਚਾਇਤਾਂ ਭੰਗ ਕਰ ਦਿੱਤੀਆਂ ਹਨ। ਅੱਜ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਉਥੇ ਮੈਨੇਜਰ ਲਗਾਏ ਗਏ ਹਨ। ਚੋਣਾਂ ਦੀਆਂ ਤਰੀਕਾਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਐਕਟ, 1994 ਦੀ ਧਾਰਾ 29-ਏ ਤਹਿਤ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਹੈ। ਰਾਜ ਸਰਕਾਰ ਦੇ ਪੰਚਾਇਤੀ ਰਿਕਾਰਡ ਦੀ ਸੰਭਾਲ ਅਤੇ ਸੁਰੱਖਿਆ ਲਈ ਸਮਾਜਿਕ ਸਿੱਖਿਆ ਅਤੇ ਪੰਚਾਇਤ ਅਫ਼ਸਰ, ਪੰਚਾਇਤ ਅਫ਼ਸਰ, ਜੂਨੀਅਰ ਇੰਜੀਨੀਅਰ ਅਤੇ ਪੇਂਡੂ ਵਿਕਾਸ ਅਫ਼ਸਰਾਂ ਨੂੰ ਪ੍ਰਬੰਧਕ ਨਿਯੁਕਤ ਕੀਤਾ ਜਾ ਰਿਹਾ ਹੈ। ਇਸ ਲਈ ਪ੍ਰਬੰਧਕਾਂ ਨੂੰ 14 ਅਗਸਤ ਤੱਕ ਗ੍ਰਾਮ ਪੰਚਾਇਤਾਂ ਨੂੰ ਵੰਡ ਕੇ ਪ੍ਰੋਫਾਰਮਾ ਪੈਨ ਡਰਾਈਵ ਸਮੇਤ ਸਾਫਟ ਕਾਪੀ ਰਾਹੀਂ ਭੇਜਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਮਿਲੀ ਜਾਣਕਾਰੀ ਅਨੁਸਾਰ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ 25 ਨਵੰਬਰ ਨੂੰ ਹੋ ਸਕਦੀਆਂ ਹਨ। ਦੂਜੇ ਪਾਸੇ ਗਰਾਮ ਪੰਚਾਇਤਾਂ ਦੀਆਂ ਚੋਣਾਂ 31 ਦਸੰਬਰ ਨੂੰ ਹੋ ਸਕਦੀਆਂ ਹਨ। ਹਾਲਾਂਕਿ ਸਰਕਾਰ ਵੱਲੋਂ ਇਸ ਬਾਰੇ ਰਸਮੀ ਐਲਾਨ ਹੋਣਾ ਬਾਕੀ ਹੈ। ਪਰ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਅਤੇ ਗ੍ਰਾਮ ਪੰਚਾਇਤਾਂ ਨੂੰ ਭੰਗ ਕਰ ਦਿੱਤਾ ਗਿਆ ਹੈ।























