ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸਕੂਲ ਮੁਖੀਆਂ ਨੂੰ ਆਦੇਸ਼
ਵਿਦਿਆਰਥੀਆਂ ਦੇ ਖੁਲਵਾਏ ਜਾਣ ਬੈਂਕ ਖਾਤੇ
ਮੋਹਾਲੀ, 12ਜੁਲਾਈ(ਵਿਸ਼ਵ ਵਾਰਤਾ) ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲ੍ਹਵਾਉਣ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਤਹਿਤ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਬੰਧ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ।