ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ! ਇਤਿਹਾਸ ਦੀਆਂ 3 ਕਿਤਾਬਾਂ ਦੀ ਵਿਕਰੀ ‘ਤੇ ਲਾਈ ਰੋਕ
ਚੰਡੀਗੜ੍ਹ, 1ਮਈ (ਵਿਸ਼ਵ ਵਾਰਤਾ)- ਪੰਜਾਬ ‘ਚ ਪਿਛਲੇ 3-4 ਮਹੀਨਿਆਂ ਤੋਂ ਇਤਿਹਾਸ ਦੀਆਂ ਕਿਤਾਬਾਂ ਸਬੰਧੀ ਚੱਲ ਰਿਹਾ ਵਿਵਾਦ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਪੰਜਾਬ ਸਰਕਾਰ ਨੇ ਹੱਲ ਕਰਨ ਦੀ ਕੋਸ਼ਿਸ਼ ਕੀਤੀ ਹੈ। ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਹੁਕਮ ਜਾਰੀ ਕੀਤਾ ਹੈ ਕਿ ਲੇਖਕਾਂ ਡਾ. ਮਨਜੀਤ ਸਿੰਘ ਸੋਢੀ ਤੇ ਡਾ. ਐੱਮਐੱਸ ਮਾਨ ਤੇ ਲੇਖਿਕਾ ਡਾ. ਮਹਿੰਦਰਪਾਲ ਕੌਰ ਦੀਆਂ ਕਿਤਾਬਾਂ ਦੀ ਪੰਜਾਬ ‘ਚ ਵਿਕਰੀ ‘ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸਿੱਖ ਆਗੂ ਬਲਦੇਵ ਸਿੰਘ ਸਿਰਸਾ ਦੀ ਅਗਵਾਈ ਵਿੱਚ ਵਿਵਾਦਤ ਕਿਤਾਬਾਂ ਨੂੰ ਲੈ ਸੰਘਰਸ਼ ਕੀਤਾ ਜਾ ਰਿਹਾ ਹੈ। ਬਲਦੇਵ ਸਿੰਘ ਸਿਰਸਾ ਵੱਲੋਂ 12ਵੀਂ ਕਲਾਸ ਦੇ ਪੰਜਾਬ ਦੇ ਇਤਿਹਾਸ ਵਿਸ਼ੇ ਨਾਲ ਸਬੰਧਤ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਪੁਸਤਕਾਂ ਵਿਚ ਸਿੱਖੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ ਦਰਜ ਕੁੱਝ ਟਿੱਪਣੀਆਂ ਨੂੰ ਲੈ ਕੇ ਸ਼ਿਕਾਇਤਾਂ ਕੀਤੀਆਂ ਸਨ। ਇਸ ਤੋਂ ਬਾਅਦ ਪੜਤਾਲੀਆ ਅਫਸਰ ਵਲੋਂ ਪੇਸ਼ ਕੀਤੀ ਰਿਪੋਰਟ ’ਤੇ ਕਾਰਵਾਈ ਕਰਦਿਆ 12ਵੀਂ ਸ਼੍ਰੇਣੀ ਦੇ ਪੰਜਾਬ ਦਾ ਇਤਿਹਾਸ ਦੀਆਂ ਪ੍ਰਾਈਵੇਟ ਪਬਲਿਸ਼ਰਾਂ ਦੀਆਂ ਵਿਵਾਦਿਤ 3 ਪੁਸਤਕਾਂ ਦੀ ਵਿੱਕਰੀ ’ਤੇ ਤੁਰੰਤ ਪਾਬੰਦੀ ਲਗਾਉਣ ਅਤੇ ਇਨ੍ਹਾਂ ਪੁਸਤਕਾਂ ਨੂੰ ਕਿਸੇ ਵੀ ਰੂਪ ਵਿਚ ਪੰਜਾਬ ਰਾਜ ਦੇ ਸਕੂਲਾਂ ਵਿਚ ਨਹੀਂ ਪੜ੍ਹਾਉਣ ਦਾ ਫ਼ੈਸਲਾ ਕੀਤਾ ਹੈ ਜਦਕਿ ਇਸ ਸ਼੍ਰੇਣੀ ਦੇ ਇਸੇ ਵਿਸ਼ੇ ਦੀਆਂ ਕੁਝ ਹੋਰ ਪੁਸਤਕਾਂ ਦੀ ਪੜਤਾਲ ਦੀ ਰਿਪੋਰਟ ਪ੍ਰਾਪਤ ਹੋਣ ’ਤੇ ਉਨ੍ਹਾਂ ’ਤੇ ਵੀ ਲੋੜੀਂਦੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋ. ਯੋਗਰਾਜ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪੜਤਾਲੀਆ ਅਫ਼ਸਰ ਆਈ.ਪੀ.ਐਸ. ਮਲਹੋਤਰਾ ਨੇ ਪੜਤਾਲ ਰਿਪੋਰਟ ’ਤੇ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਇਹ ਕਦਮ ਚੁੱਕਿਆ।























