ਚੇਅਰਮੈਨ ਅਮਰਦੀਪ ਚੀਮਾ ਨੇ ਕਾਂਗਰਸ ਪ੍ਰਧਾਨ ਸੋਨੀਆਂ ਗਾਂਧੀ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
ਬਟਾਲਾ, 5 ਮਈ( ਵਿਸ਼ਵ ਵਾਰਤਾ ) – ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀਮਤੀ ਸੋਨੀਆਂ ਗਾਂਧੀ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀਆਂ ਕੋਸ਼ਿਸ਼ਾਂ ਸਦਕਾ ਪਰਵਾਸੀ ਮਜ਼ਦੂਰਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਰਾਹ ਪੱਧਰਾ ਹੋ ਸਕਿਆ ਹੈ। ਸ੍ਰੀਮਤੀ ਸੋਨੀਆਂ ਗਾਂਧੀ ਦੇ ਦਖਲ ਸਦਕਾ ਅਤੇ ਪੰਜਾਬ ਸਰਕਾਰ ਵਲੋਂ ਮਜ਼ਦੂਰਾਂ ਦੇ ਭਾੜੇ ਦਾ ਖਰਚਾ ਚੁੱਕਣ ਮਗਰੋਂ ਅੱਜ ਜਲੰਧਰ ਤੋਂ ਝਾਰਖੰਡ ਲਈ ਰੇਲਗੱਡੀ ਰਵਾਨਾ ਕੀਤੀ ਗਈ ਹੈ ਜਿਸ ਵਿੱਚ 1200 ਤੋਂ ਵੱਧ ਪ੍ਰਵਾਸੀ ਮਜ਼ਦੂਰ ਆਪਣੇ ਘਰਾਂ ਨੂੰ ਗਏ ਹਨ। ਪੰਜਾਬ ਸਰਕਾਰ ਨੇ ਇਨ੍ਹਾਂ ਮਜ਼ਦੂਰਾਂ ਦੇ ਭਾੜੇ ਦੀ 7 ਲੱਖ ਰੁਪਏ ਰਕਮ ਰੇਲਵੇ ਨੂੰ ਜਮ੍ਹਾਂ ਕਰਾਈ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਇਸ ਸੰਕਟ ਦੀ ਘੜੀ ਵਿੱਚ ਪੰਜਾਬ ਸਰਕਾਰ ਨੇ ਮਾਨਵਵਾਦੀ ਪਹੁੰਚ ਨੂੰ ਅਪਣਾਇਆ ਹੈ ਅਤੇ ਪਰਵਾਸੀ ਮਜ਼ਦੂਰਾਂ ਦੇ ਦਰਦ ਨੂੰ ਸਮਝਿਆ ਹੈ। ਸ. ਚੀਮਾ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਝਾਰਖੰਡ ਲਈ ਰਵਾਨਾ ਹੋਏ ਸਾਰੇ ਮਜ਼ਦੂਰਾਂ ਦੀ ਸਿਹਤ ਦਾ ਮੁਆਇਨਾ ਕੀਤਾ ਹੈ ਅਤੇ ਤੰਦਰੁਸਤ ਵਿਅਕਤੀਆਂ ਨੂੰ ਹੀ ਸਫਰ ਦੀ ਇਜਾਜਤ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸਾਰੇ ਚਾਹਵਾਨ ਪਰਵਾਸੀ ਮਜ਼ਦੂਰਾਂ ਨੂੰ ਉਨ੍ਹਾਂ ਦੇ ਰਾਜ ਵਿੱਚ ਵਾਪਸ ਭੇਜਿਆ ਜਾਵੇਗਾ ਅਤੇ 7 ਲੱਖ ਤੋਂ ਵੱਧ ਪਰਵਾਸੀ ਮਜ਼ਦੂਰਾਂ ਨੇ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਾਈ ਹੈ।
ਚੇਅਰਮੈਨ ਸ. ਅਮਰਦੀਪ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਰੋਨਾ ਦੇ ਸੰਕਟ ਨਾਲ ਨਜਿੱਠਣ ਲਈ ਬਹੁਤ ਵਧੀਆ ਕੰਮ ਕਰ ਰਹੀ ਹੈ ਅਤੇ ਸਰਕਾਰ ਵਲੋਂ ਹਰ ਕਿਸੇ ਦਾ ਖਿਆਲ ਰੱਖਿਆ ਜਾ ਰਿਹਾ ਹੈ।