ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਅਰਜ਼ੀ ਦੇਣ ਦੀ ਆਖਰੀ ਤਰੀਕ ਵਧਾਈ
ਚੰਡੀਗੜ੍ਹ, 6ਜੂਨ(ਵਿਸ਼ਵ ਵਾਰਤਾ)- ਸਕੂਲ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਦੀ ਭਰਤੀ ਲਈ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਪੰਜਾਬ ਸਰਕਾਰ ਨੇ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ ਅਸਾਮੀਆਂ ਲਈ ਅਪਲਾਈ ਕਰਨ ਦੀ ਆਖਰੀ ਤਰੀਕ 9 ਜੂਨ 2021 ਤੱਕ ਵਧਾ ਦਿੱਤੀ ਹੈ।
ਇਹ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ਼ ਐਜੂਕੇਸ਼ਨ ਰਿਕਰੂਟਮੈਂਟ ਨੇ 21 ਦਸੰਬਰ 2020 ਤੱਕ ਪ੍ਰੀ-ਪ੍ਰਾਇਮਰੀ ਅਧਿਆਪਕਾਂ ਦੀਆਂ 8393 ਅਸਾਮੀਆਂ ਭਰਨ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ ਸਨ ਅਤੇ ਬਾਅਦ ਵਿੱਚ ਇਸ ਤਰੀਕ ਨੂੰ ਵਧਾ ਕੇ 24 ਅਪ੍ਰੈਲ 2021 ਕਰ ਦਿੱਤਾ ਗਿਆ ਸੀ। ਬੁਲਾਰੇ ਅਨੁਸਾਰ ਕੁਝ ਤਕਨੀਕੀ ਕਾਰਨਾਂ ਕਰਕੇ ਅਤੇ ਉਮੀਦਵਾਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ, ਹੁਣ ਇਹ ਤਾਰੀਖ 9 ਜੂਨ, 2021 ਨਿਰਧਾਰਤ ਕੀਤੀ ਗਈ ਹੈ ਤਾਂ ਜੋ ਸਾਰੇ ਉਮੀਦਵਾਰ ਬਿਨੈ ਕਰ ਸਕਣ। ਬੁਲਾਰੇ ਅਨੁਸਾਰ ਇਹ ਦਰਖਾਸਤਾਂ ਵਿਭਾਗ ਦੀ ਵੈਬਸਾਈਟ www.educationrecruitmentboard.com ਉੱਤੇ ਭੇਜੀਆਂ ਜਾ ਸਕਦੀਆਂ ਹਨ।