ਉਦਯੋਗ ਮੰਤਰੀ ਵਲੋਂ ਵਾਰਡ ਨੰਬਰ 9 ਦੇ ਅਸਲਾਮਾਬਾਦ ’ਚ 33.57 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਦੇ ਕੰਮ ਦੀ ਸ਼ੁਰੂਆਤ

ਹੁਸ਼ਿਆਰਪੁਰ, 2 ਜਨਵਰੀ (ਵਿਸ਼ਵ ਵਾਰਤਾ)-: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਵਾਰਡ ਨੰਬਰ 9 ਦੇ ਮੁਹੱਲਾ ਅਸਲਾਮਾਬਾਦ ਵਿੱਚ 33.57 ਲੱਖ ਰੁਪਏ ਦੀ ਲਾਗਤ ਨਾਲ ਇੰਟਰ ਲਾਕਿੰਗ ਟਾਈਲਾਂ ਨਾਲ ਬਨਣ ਵਾਲੀਆਂ ਗਲੀਆਂ ਦੇ ਕੰਮ ਦੀ ਸ਼ੁਰੂਆਤ ਕਰਵਾਉਂਦਿਆਂ ਕਿਹਾ ਕਿ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ ਤਹਿਤ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕੀਤੀ ਹੈ।
ਵਿਕਾਸ ਕਾਰਜਾਂ ਦੀ ਸ਼ੁਰੂਆਤ ਦੌਰਾਨ ਉਦਯੋਗ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ਹਿਰ ਦੇ ਹਰ ਖੇਤਰ ਵਿੱਚ ਲੋੜੀਂਦੇ ਵਿਕਾਸ ਕਾਰਜ ਯਕੀਨੀ ਬਣਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਦੱਸਿਆ ਕਿ ਹਰ ਵਾਰਡ ਅੰਦਰ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਤਹਿਤ ਗਲੀਆਂ ਦੇ ਕੰਮ ਤੋਂ ਇਲਾਵਾ 100 ਫੀਸਦੀ ਵਾਟਰ ਸਪਲਾਈ ਅਤੇ ਸੀਵਰੇਜ਼ ਦੇ ਕੰਮ ਮੁਕੰਮਲ ਕਰਵਾਏ ਗਏ ਹਨ। ਉਨ੍ਹਾਂ ਨੇ ਐਲਾਨ ਕੀਤਾ ਕਿ ਸ਼ਹਿਰ ਦੇ ਵੱਖ-ਵੱਖ ਖੇਤਰਾਂ ਵਿੱਚ ਚੱਲ ਰਹੇ ਵਿਕਾਸ ਕਾਰਜ ਸਮਾਂਬੱਧ ਢੰਗ ਨਾਲ ਨੇਪਰੇ ਚਾੜ ਕੇ ਲੋਕਾਂ ਨੂੰ ਜਲਦ ਤੋਂ ਜਲਦ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਰਿੰਦਰ ਪਾਲ ਸਿੱਧੂ, ਅਜੀਤ ਸਿੰਘ, ਸੂਰਤ ਸਿੰਘ, ਜੋਗਿੰਦਰ ਸਿੰਘ, ਹਰਭਜਨ ਸਿੰਘ, ਰਜਿੰਦਰ ਸਿੰਘ, ਬਲਦੇਵ ਸਿੰਘ, ਚੈਂਚਲ ਸਿੰਘ, ਵਿਨੋਦ ਕੁਮਾਰ, ਮਨਿੰਦਰ ਸਿੰਘ, ਨਰਿੰਦਰ ਸਿੰਘ, ਯਸ਼ਪੀ੍ਰਤ ਸਿੰਘ, ਬੂਟਾ ਰਾਮ, ਵਿਮਲਾ ਦੇਵੀ, ਗੁਰਮੀਤ ਕੌਰ, ਰਾਜਪ੍ਰੀਤ ਕੌਰ, ਕੁਲਦੀਪ ਕੌਰ ਆਦਿ ਮੌਜੂਦ ਸਨ।






















