ਪੰਜਾਬ ਸਰਕਾਰ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੂਰੀ ਤਰ੍ਹਾਂ ਸੁਹਿਰਦ : ਪਰਗਟ ਸਿੰਘ
ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ
ਕੈਬਨਿਟ ਮੰਤਰੀ ਨੇ ਪੰਜਾਬੀ ਭਾਸ਼ਾ ਦੀ ਮਜ਼ਬੂਤੀ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ‘ਤੇ ਦਿੱਤਾ ਜ਼ੋਰ
ਜਲੰਧਰ, 19 ਦਸੰਬਰ (ਵਿਸ਼ਵ ਵਾਰਤਾ):-ਪੰਜਾਬ ਦੇ ਸਕੂਲ ਸਿੱਖਿਆ, ਉਚੇਰੀ ਸਿੱਖਿਆ, ਭਾਸ਼ਾ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਪਰਗਟ ਸਿੰਘ ਨੇ ਅੱਜ ਕਿਹਾ ਕਿ ਮਾਂ ਬੋਲੀ ਦੇ ਪਸਾਰ ਤੇ ਪ੍ਰਫੁੱਲਤਾ ਲਈ ਪੰਜਾਬ ਸਰਕਾਰ ਵੱਲੋਂ ਪੂਰੀ ਸੁਹਿਰਦਤਾ ਨਾਲ ਕੰਮ ਕਰਦਿਆਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਵਾਉਣ ਸਮੇਤ ਕਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਪੰਜਾਬੀ ਭਾਸ਼ਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕੀਤੀ ਜਾ ਸਕੇ।
ਸਥਾਨਕ ਦੇਸ਼ ਭਗਤ ਯਾਦਗਾਰ ਹਾਲ ਵਿਖੇ ਕੇਂਦਰੀ ਪੰਜਾਬੀ ਲੇਖਕ ਸਭਾ ਵੱਲੋਂ ਮਾਤ ਭਸ਼ਾਵਾਂ ਦਾ ਮਹੱਤਵ: ਭਾਰਤੀ ਪ੍ਰਸੰਗ ਵਿਸ਼ੇ ‘ਤੇ ਕਰਵਾਈ ਪੰਜਾਬੀ ਭਾਸ਼ਾ ਚੇਤਨਾ ਕਾਨਫਰੰਸ ਦੌਰਾਨ ਸੰਬੋਧਨ ਕਰਦਿਆਂ ਭਾਸ਼ਾ ਮੰਤਰੀ ਨੇ ਮਾਂ ਬੋਲੀ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਕੋਈ ਵੀ ਦੇਸ਼ ਜਾਂ ਸੂਬਾ ਆਪਣੀ ਭਾਸ਼ਾ ਨੂੰ ਅਣਗੌਲਿਆਂ ਕਰਕੇ ਤਰੱਕੀ ਨਹੀਂ ਕਰ ਸਕਦਾ। ਪੰਜਾਬੀ ਭਾਸ਼ਾ ਦੇ ਵਿਸ਼ਾਲ ਦਾਇਰੇ ਅਤੇ ਇਤਿਹਾਸਕ ਪਿਛੋਕੜ ਦੀ ਗੱਲ ਕਰਦਿਆਂ ਪਰਗਟ ਸਿੰਘ ਨੇ ਕਿਹਾ ਕਿ ਦੇਸ਼ ਵਿੱਚ ਹੀ ਨਹੀਂ ਸਗੋਂ ਵਿਦੇਸ਼ਾਂ ਵਿੱਚ ਵੀ ਪੰਜਾਬੀ ਬੋਲੀ ਦਾ ਵਿਸ਼ੇਸ਼ ਪ੍ਰਭਾਵ ਹੈ, ਜਿਸ ਦੇ ਮੱਦੇਨਜ਼ਰ ਸਾਰਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਅਮੀਰ ਭਾਸ਼ਾ ਤੋਂ ਪੂਰੀ ਤਰ੍ਹਾਂ ਵਾਕਿਫ਼ ਕਰਵਾਉਣ ਲਈ ਬਣਦੇ ਉਪਰਾਲੇ ਕਰਨੇ ਚਾਹੀਦੇ ਹਨ।
ਪੰਜਾਬ ਸਰਕਾਰ ਵੱਲੋਂ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਕੀਤੇ ਗਏ ਉਪਰਾਲਿਆਂ ‘ਤੇ ਚਾਨਣਾ ਪਾਉਂਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਐਕਟ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਜਿਥੇ ਖਾਲੀ ਪਈਆਂ ਅਸਾਮੀਆਂ ‘ਤੇ ਜ਼ਿਲ੍ਹਾ ਭਾਸ਼ਾ ਅਫ਼ਸਰਾਂ ਨੂੰ ਤਾਇਨਾਤ ਕੀਤਾ ਗਿਆ ਹੈ ਉਥੇ ਰਾਜ ਭਾਸ਼ਾ ਕਮਿਸ਼ਨ ਬਣਾਉਣ ਲਈ ਯਤਨ ਜੰਗੀ ਪੱਧਰ ‘ਤੇ ਜਾਰੀ ਹਨ ਅਤੇ ਇਸ ਕਾਰਜ ਨੂੰ ਆਉਣ ਵਾਲੇ ਦਿਨਾਂ ਵਿੱਚ ਅਮਲੀ ਜਾਮਾ ਪਹਿਨਾਇਆ ਜਾਵੇਗਾ । ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ 10ਵੀਂ ਜਮਾਤ ਤੱਕ ਸਾਰੇ ਸਕੂਲਾਂ ਵਿੱਚ ਪੰਜਾਬੀ ਪੜ੍ਹਾਉਣ ਨੂੰ ਲਾਜ਼ਮੀ ਕਰਕੇ ਪੰਜਾਬੀ ਮਾਂ ਬੋਲੀ ਨੂੰ ਹੋਰ ਪ੍ਰਫੁੱਲਤ ਕਰਨ ਲਈ ਅਹਿਮ ਕਦਮ ਚੁੱਕਿਆ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲੇ ਸਕੂਲਾਂ ਨੂੰ ਜੁਰਮਾਨੇ ਦੀ ਵਿਵਸਥਾ ਵੀ ਕੀਤੀ ਗਈ ਹੈ।ਇਸ ਤੋਂ ਇਲਾਵਾ ਸਾਰੇ ਸਰਕਾਰੀ ਅਫ਼ਸਰ/ਕਰਮਚਾਰੀ ਸਮੁੱਚਾ ਦਫ਼ਤਰੀ ਕੰਮ ਪੰਜਾਬੀ ਭਾਸ਼ਾ ਵਿੱਚ ਕਰਨਗੇ ਅਤੇ ਅਜਿਹਾ ਨਾ ਹੋਣ ਦੀ ਸੂਰਤ ਵਿੱਚ ਭਾਸ਼ਾ ਵਿਭਾਗ ਦੀਆਂ ਸਿਫ਼ਾਰਸ਼ਾਂ ‘ਤੇ ਬਣਦਾ ਜੁਰਮਾਨਾ ਵੀ ਕੀਤਾ ਜਾਵੇਗਾ ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬੀ ਮਾਂ ਬੋਲੀ ਦੇ ਪਸਾਰ ਅਤੇ ਹੋਰ ਬਿਹਤਰੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਸ ਸਬੰਧੀ ਹਰ ਲੋੜੀਂਦਾ ਕਦਮ ਚੁੱਕਿਆ ਜਾ ਰਿਹਾ ਹੈ।
ਮਾਂ ਬੋਲੀ ਦੀ ਹੋਰ ਬਿਹਤਰੀ ਤੇ ਵਿਕਾਸ ਲਈ ਸਾਂਝੇ ਹੰਭਲੇ ਮਾਰਨ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਸਾਨੂੰ ਸਾਰਿਆਂ ਨੂੰ ਆਪਣੀ ਭਾਸ਼ਾ ਦੀ ਮਜ਼ਬੂਤੀ ਲਈ ਰਲ ਕੇ ਯਤਨ ਕਰਨੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਆਪਣੀ ਭਾਸ਼ਾ, ਵਿਰਸੇ ਤੇ ਸੱਭਿਆਚਾਰ ਨਾਲ ਜੁੜੀ ਰਹੇ। ਕਾਨਫਰੰਸ ਦੇ ਮੁੱਖ ਬੁਲਾਰੇ, ਮੁੰਬਈ ਯੂਨੀਵਰਸਿਟੀ, ਮੁੰਬਈ ਤੋਂ ਆਏ ਪ੍ਰੋ. ਦੀਪਕ ਪਵਾਰ ਨੇ ਦੇਸ਼ ਵਿੱਚ ਖੇਤਰੀ ਭਾਸ਼ਾਵਾਂ ਨੂੰ ਮਿੱਥ ਕੇ ਅਣਗੌਲਿਆਂ ਕਰਨ ‘ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅੱਜ ਖੇਤਰੀ ਭਾਸ਼ਾਵਾਂ ਨੂੰ ਮੁੱਢਲੀ ਤੇ ਉਚੇਰੀ ਸਿੱਖਿਆ ਦਾ ਮਾਧਿਅਮ ਬਣਾਉਣ ਦੀ ਲੋੜ ਹੈ ਤਾਂ ਜੋ ਇਨ੍ਹਾਂ ਭਾਸ਼ਾਵਾਂ ਨੂੰ ਬਣਦਾ ਦਰਜਾ ਦਿੱਤਾ ਜਾ ਸਕੇ।
ਇਸ ਮੌਕੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਉਪ ਕੁਲਪਤੀ ਪ੍ਰੋ. ਅਰਵਿੰਦ, ਡਾ. ਜੋਗਾ ਸਿੰਘ, ਡਾ. ਮਨਜੀਤ ਸਿੰਘ, ਡਾ. ਸਰਬਜੀਤ ਸਿੰਘ, ਡਾ. ਸੁਖਵਿੰਦਰ ਸਿੰਘ ਸੰਘਾ, ਕੇਂਦਰੀ ਪੰਜਾਬੀ ਲੇਖ ਸਭਾ ਦੇ ਪ੍ਰਦਾਨ ਦਰਸ਼ਨ ਬੁੱਟਰ, ਜਨਰਲ ਸਕੱਤਰ ਡਾ. ਸੁਖਦੇਵ ਸਿੰਘ ਸਿਰਸਾ ਆਦਿ ਨੇ ਵੀ ਖੇਤਰੀ ਭਾਸ਼ਾਵਾਂ ਬਾਰੇ ਵੱਡਮੁੱਲੇ ਵਿਚਾਰ ਰੱਖੇ। ਸਭਾ ਦੇ ਅਹੁਦੇਦਾਰਾਂ ਵੱਲੋਂ ਕੈਬਨਿਟ ਮੰਤਰੀ ਪਰਗਟ ਸਿੰਘ ਦਾ ਪੰਜਾਬੀ ਭਾਸ਼ਾ ਦੀ ਹੋਰ ਮਜ਼ਬੂਤੀ ਲਈ ਕੀਤੇ ਜਾ ਰਹੇ ਕਾਰਜਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨ ਵੀ ਕੀਤਾ।