ਪੰਜਾਬ ਸਰਕਾਰ ਲੋਕਾਂ ਤੱਕ ਬੁਨਿਆਦੀ ਸੁਵਿਧਾਵਾਂ ਪਹੁੰਚਾਣ ਲਈ ਵਚਨਬੱਧ: ਸੁੰਦਰ ਸ਼ਾਮ ਅਰੋੜਾ
ਕੈਬਨਿਟ ਮੰਤਰੀ ਨੇ 10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਬਹਾਦੁਰਪੁਰ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 29 ਜੂਨ (ਵਿਸ਼ਵ ਵਾਰਤਾ / ਤਰਸੇਮ ਦੀਵਾਨਾ ) ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਤੱਕ ਹਰ ਬੁਨਿਆਦੀ ਸੁਵਿਧਾਵਾਂ ਪਹੁੰਚਾਣ ਲਈ ਵਚਨਬੱਧ ਹੈ। ਇਸੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਹੁਸ਼ਿਆਰਪੁਰ ਵਿੱਚ ਵਿਕਾਸ ਕਾਰਜਾ ਲਗਾਤਾਰ ਜਾਰੀ ਹਨ। ਉਹ 10 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਬਸੀ ਪੁਰਾਣੀ ਤੋਂ ਬਹਾਦੁਰਪੁਰ ਤੱਕ ਬਨਣ ਵਾਲੀ ਸੜਕ ਦੇ ਨਿਰਮਾਣ ਕਾਰਜ ਨੂੰ ਸ਼ੁਰੂ ਕਰਵਾਉਣ ਦੌਰਾਨ ਸੰਬੋਧਨ ਕਰ ਰਹੇ ਸਨ।
ਇਸ ਦੌਰਾਨ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤ ਕਰਦੇ ਹੋਏ ਕੈਬਨਿਟ ਮੰਤਰੀ ਨੇ ਕਿਹਾ ਕਿ ਸੜਕ ਨਿਰਮਾਣ ਦੇ ਕੰਮਾਂ ਵਿੱਚ ਗੁਣਵੱਤਾ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਸਮਝੌਤਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਿਰਮਾਣ ਕਾਰਜ ਦੀ ਗੁਣਵੱਤਾ ਨੂੰ ਹੋਰ ਏਜੰਸੀਆਂ ਤੋਂ ਵੀ ਚੈਕ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਵਿੱਚ ਸੂਬੇ ਵਿੱਚ ਰਿਕਾਰਡਤੋੜ ਵਿਕਾਸ ਕਰਵਾਇਆ ਹੈ ਅਤੇ ਹਰ ਖੇਤਰ ਦੀਆਂ ਸਮੱਸਿਆਵਾਂ ਦੇ ਹੱਲ ਲਈ ਉਚਿਤ ਯਤਨ ਕੀਤੇ ਹਨ।
ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਪੰਜਾਬ ਸਰਕਾਰ ਗੰਭੀਰ ਹੈ, ਜਿਸ ਲਈ ਸਰਕਾਰ ਦੁਆਰਾ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਯਤਨ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡ ਵਾਸੀਆਂ ਦੀ ਹਰ ਮੰਗ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਸਾਰੇ ਵਰਗਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਯੋਗ ਲਾਭਪਾਤਰੀਆਂ ਤੱਕ ਯੋਜਨਾਵਾਂ ਦਾ ਲਾਭ ਪਹੁੰਚੇ ਇਸ ਲਈ ਸਰਕਾਰ ਵਲੋਂ ਉਚਿਤ ਕਦਮ ਉਠਾਏ ਗਏ ਹਨ।
ਇਸ ਮੌਕੇ ਸਰਪੰਚ ਕੁਲਦੀਪ ਅਰੋੜਾ, ਸ਼ਵੇਤਾ ਗੋਹਿਲ, ਵਿਮਲ ਕੁਮਾਰ, ਰੌਸ਼ਨ ਲਾਲ (ਸਾਰੇ ਪੰਚ), ਬਲਾਕ ਦਿਹਾਤੀ ਕਾਂਗਰਸ ਪ੍ਰਧਾਨ ਕੈਪਟਨ ਕਰਮ ਚੰਦ, ਕੌਂਸਲਰ ਅਸ਼ੋਕ ਮਹਿਰਾ, ਰਾਜੇਸ਼ ਕੁਮਾਰ, ਸੁਰਿੰਦਰ ਸਿੰਘ, ਰਾਹੁਲ ਗੋਹਿਲ, ਰਾਜੀਵ ਗੋਹਿਲ, ਵਰਿੰਦਰ ਕੁਮਾਰ ਆਦਿ ਵੀ ਮੌਜੂਦ ਸਨ।