ਪੰਜਾਬ ਸਰਕਾਰ ਵੱਲੋਂ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰਾਂ ਦੀਆਂ 2000 ਅਸਾਮੀਆਂ ਸਿਰਜਣ ਦੀ ਮਨਜ਼ੂਰੀ
ਚੰਡੀਗੜ੍ਹ, 6ਜਨਵਰੀ(ਵਿਸ਼ਵ ਵਾਰਤਾ)- ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਨਾਲ-ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਮੰਤਰੀ ਮੰਡਲ ਨੇ ਬੀਤੀ ਰਾਤ ਹੋਈ ਮੀਟਿੰਗ ਵਿੱਚ ਸਕੂਲ ਸਿੱਖਿਆ ਵਿਭਾਗ ਦੇ ਭਰਤੀ ਵਿੰਗ ਡਾਇਰੈਕਟੋਰੇਟ ਵੱਲੋਂ 29200 ਰੁਪਏ ਪ੍ਰਤੀ ਮਹੀਨਾ ਤਨਖਾਹ ਮੈਟ੍ਰਿਕਸ ਨਾਲ ਫਿਜ਼ੀਕਲ ਟਰੇਨਿੰਗ ਇੰਸਟ੍ਰਕਟਰ (ਪੀ.ਟੀ.ਆਈ.) ਦੀਆਂ 2000 ਅਸਾਮੀਆਂ ਸਿਰਜਣ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਨਵੀਆਂ ਸਿਰਜੀਆ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਪੜਾਅਵਾਰ ਢੰਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸ ਤੋਂ ਇਲਾਵਾ ਉਪਰੋਕਤ ਅਸਾਮੀਆਂ ਦੀ ਸਿਰਜਣਾ ਲਈ ਸਾਲਾਨਾ 70.08 ਕਰੋੜ ਰੁਪਏ ਦਾ ਵਿੱਤੀ ਬੋਝ ਪਵੇਗਾ। ਇਹਨਾਂ ਨਵੇਂ ਨਿਯੁਕਤੀਆਂ ਨੂੰ ਉਹਨਾਂ ਦੀ ਤਿੰਨ ਸਾਲਾਂ ਦੇ ਪਰਖ ਕਾਲ ਦੌਰਾਨ ਲਾਗੂ ਤਨਖਾਹ ਮੈਟ੍ਰਿਕਸ ਦੀ ਘੱਟੋ ਘੱਟ ਤਨਖਾਹ ਪ੍ਰਦਾਨ ਕੀਤੀ ਜਾਣੀ ਹੈ, ਇਸ ਲਈ ਪਹਿਲੇ ਤਿੰਨ ਸਾਲਾਂ ਲਈ 210.24 ਕਰੋੜ ਰੁਪਏ ਦੇ ਵਿੱਤੀ ਬੋਝ ਪਵੇਗਾ।






















