ਨਗਰ ਨਿਗਮ ਜਲੰਧਰ ਦੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ ਅਤੇ ਵਿਕਾਸ ਕਾਰਜਾਂ ਲਈ ਖਰਚ ਕੀਤੇ ਜਾਣਗੇ 2.67 ਕਰੋੜ: ਡਾ.ਇੰਦਰਬੀਰ ਸਿੰਘ ਨਿੱਜਰ
ਚੰਡੀਗੜ੍ਹ, 19 ਦਸੰਬਰ(ਵਿਸ਼ਵ ਵਾਰਤਾ)-: ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ, ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇੱਕ ਕਦਮ ਅੱਗੇ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲੰਧਰ ਨਗਰ ਨਿਗਮ ਦੀ ਠੋਸ ਰਹਿੰਦ ਖੂੰਹਦ ਦੇ ਨਿਪਟਾਰੇ ਅਤੇ ਹੋਰ ਵਿਕਾਸ ਕਾਰਜਾਂ ਲਈ ਲਗਭਗ 2.67 ਕਰੋੜ ਰੁਪਏ ਖਰਚਣ ਦਾ ਫੈਸਲਾ ਕੀਤਾ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਭਾਗ ਵੱਲੋਂ ਮਿਉਂਸਪਲ ਠੋਸ ਰਹਿੰਦ-ਖੂੰਹਦ ਚੁੱਕਣ ਲਈ 6 ਟਿੱਪਰ (10 ਟਾਇਰ ਵਾਹਨ ਟਿੱਪਰ-2516 ਅਤੇ ਇਸ ਤੋਂ ਉੱਪਰ) 2 ਜੇ.ਸੀ.ਬੀ (ਇੱਕ ਮਾਡਲ ਵਿੱਚ 3 ਡੀ ਐਕਸ 6) ਕਿਰਾਏ ‘ਤੇ ਲਏ ਜਾਣਗੇ। ਇਹ ਵਾਹਨ GPS ਸਿਸਟਮ ਨਾਲ ਲੈਸ ਹੋਣਗੇ। ਇਸ ਕੰਮ ਲਈ ਇਕ ਡਰਾਈਵਰ ਅਤੇ ਇਕ ਹੈਲਪਰ ਦੀਆਂ ਸੇਵਾਵਾਂ ਵੀ ਲਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਕੰਮ ਲਈ ਲਗਭਗ 2.50 ਕਰੋੜ ਰੁਪਏ ਖਰਚ ਕੀਤੇ ਜਾਣਗੇ।
ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੱਛਮੀ ਹਲਕੇ ਜਲੰਧਰ ਵਿਖੇ ਮੁਰੰਮਤ ਅਤੇ ਪੇਂਟ ਦੇ ਕੰਮ ‘ਤੇ 17.02 ਲੱਖ ਰੁਪਏ ਖਰਚ ਕੀਤੇ ਜਾਣਗੇ।
ਕੈਬਨਿਟ ਮੰਤਰੀ ਡਾ: ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼ ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਮੁਹੱਈਆ ਕਰਵਾਉਣਾ ਹੈ |
ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਵਿਭਾਗ ਨੇ ਪਹਿਲਾਂ ਹੀ ਪੰਜਾਬ ਸਰਕਾਰ ਦੀ ਵੈੱਬਸਾਈਟ http://www.eproc.gov.in ‘ਤੇ ਟੈਂਡਰ ਈ-ਪ੍ਰਕਾਸ਼ਿਤ ਕਰ ਦਿੱਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕੋਈ ਸੋਧ ਕੀਤੀ ਜਾਂਦੀ ਹੈ ਤਾਂ ਇਸ ਦੀ ਸਾਰੀ ਜਾਣਕਾਰੀ ਵੀ ਇਸ ਵੈੱਬਸਾਈਟ ‘ਤੇ ਉਪਲਬਧ ਹੋਵੇਗੀ।
ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰਨ ਲਈ ਵੀ ਕਿਹਾ ਤਾਂ ਜੋ ਸੂਬੇ ਦਾ ਵਿਕਾਸ ਹੋ ਸਕੇ।