ਮੁੱਖ ਮੰਤਰੀ ਪੰਜਾਬ ਵਲੋਂ ਭੇਜੀ ਰਾਹਤ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਹਰ ਲੋੜਵੰਦ ਪਰਿਵਾਰ ਤੱਕ ਪਹੁੰਚਾਇਆ ਜਾਵੇਗਾ
ਘੁਮਾਣ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮੁਫਤ ਰਾਸ਼ਨ ਦੀ ਵੰਡ
ਬਟਾਲਾ, 2 ਅਪ੍ਰੈਲ ( ਵਿਸ਼ਵ ਵਾਰਤਾ ) – ਕੋਰੋਨਾ ਵਾਇਰਸ ਦੇ ਮੱਦੇਨਜ਼ਰ ਲਗਾਏ ਗਏ ਕਰਫਿਊ ਦੌਰਾਨ ਕਿਸੇ ਗਰੀਬ ਅਤੇ ਲੋੜਵੰਦ ਪਰਿਵਾਰ ਨੂੰ ਰੋਟੀ-ਪਾਣੀ ਦੀ ਕੋਈ ਸਮੱਸਿਆ ਨਾ ਆਵੇ ਇਸ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਭੇਜੇ ਗਏ ਰਾਸ਼ਨ ਵੰਡਣ ਦੀ ਸ਼ੁਰੂਆਤ ਅੱਜ ਘੁਮਾਣ ਤੇ ਸ੍ਰੀ ਹਰਗੋਬਿੰਦਪੁਰ ਤੋਂ ਕਰ ਦਿੱਤੀ ਗਈ ਹੈ। ਅੱਜ ਘੁਮਾਣ ਅਤੇ ਸ੍ਰੀ ਹਰਗੋਬਿੰਦਪੁਰ ਵਿੱਚ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਦੀ ਵੰਡ ਹਲਕਾ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਅਤੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਵਲੋਂ ਕੀਤੀ ਗਈ।
ਇਸ ਮੌਕੇ ਵਿਧਾਇਕ ਸ. ਬਲਵਿੰਦਰ ਸਿੰਘ ਲਾਡੀ ਨੇ ਕਿਹਾ ਕਿ ਪੰਜਾਬ ਸਰਕਾਰ ਸੰਕਟ ਦੀ ਘੜ੍ਹੀ ਵਿੱਚ ਕਿਸੇ ਵੀ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਕੋਈ ਮੁਸ਼ਕਲ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਬੀ.ਐੱਲ.ਓ. ਵਲੋਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਹਰ ਗਰੀਬ ਤੇ ਲੋੜਵੰਦ ਪਰਿਵਾਰਾਂ ਦੀਆਂ ਸੂਚੀਆਂ ਤਿਆਰ ਕਰ ਲਈਆਂ ਗਈਆਂ ਹਨ ਅਤੇ ਬੀ.ਐੱਲ.ਓ. ਵਲੋਂ ਸਰਕਾਰ ਵਲੋਂ ਭੇਜੇ ਰਾਸ਼ਨ ਨੂੰ ਲੋੜਵੰਦਾਂ ਦੇ ਘਰ ਤੱਕ ਖੁਦ ਪਹੁੰਚਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਮੇਂ ਪੂਰੀ ਦੁਨੀਆਂ ਉੱਪਰ ਕੋਰੋਨਾ ਦਾ ਸੰਕਟ ਹੈ ਅਤੇ ਇਸ ਖਤਰੇ ਨਾਲ ਨਜਿੱਠਣ ਲਈ ਸਰਕਾਰ ਨੂੰ ਮਜ਼ਬੂਰੀ ਵਿੱਚ ਕਰਫਿਊ ਲਗਾਉਣਾ ਪਿਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਰਹਿ ਕੇ ਇਸ ਵਾਇਰਸ ਨੂੰ ਫੈਲਣ ਤੋਂ ਰੋਕਣਾ ਚਾਹੀਦਾ ਹੈ। ਸ. ਲਾਡੀ ਨੇ ਕਿਹਾ ਕਿ ਗਰੀਬ ਪਰਿਵਾਰ ਕੋਈ ਫਿਕਰ ਨਾ ਕਰਨ ਉਨ੍ਹਾਂ ਨੂੰ ਜਰੂਰਤ ਦਾ ਹਰ ਸਮਾਨ ਸਰਕਾਰ ਘਰ ਤੱਕ ਪਹੁੰਚਾਵੇਗੀ।
ਇਸ ਮੌਕੇ ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰਫਿਊ ਦਾ ਪੂਰੀ ਤਰਾਂ ਪਾਲਣਾ ਕਰਨ ਅਤੇ ਕੋਈ ਵੀ ਵਿਅਕਤੀ ਆਪਣੇ ਘਰ ਤੋਂ ਬਾਹਰ ਨਾ ਆਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਲੱਗਾ ਹੋਇਆ ਹੈ ਅਤੇ ਕਿਸੇ ਨੂੰ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਲੋੜਵੰਦ ਨੂੰ ਕੋਈ ਮੁਸ਼ਕਲ ਆਉਂਦੀ ਹੈ ਤਾਂ ਉਹ ਉਨ੍ਹਾਂ ਦੇ ਦਫ਼ਤਰ ਦੇ ਨੰਬਰ 01871-240036 ਉੱਪਰ ਸੰਪਰਕ ਕਰ ਸਕਦਾ ਹੈ।