ਪੰਥ ਦੀਆਂ ਮਹਾਨ ਸੰਸਥਾਵਾਂ ਨੂੰ ਬਚਾਉਣ ਲਈ ਕੌਰ ਕਮੇਟੀ ਮੀਟਿੰਗ ਵਿੱਚ ਅਕਾਲੀ ਆਗੂ ਜੁਅਰਤ ਕਰਕੇ ਸੁਖਬੀਰ ਬਾਦਲ ਨੂੰ ਪ੍ਰਧਾਨਗੀ ਤੋਂ ਬਰਖਾਸਤ ਕਰਨ:-ਦਵਿੰਦਰ ਸਿੰਘ ਸੋਢੀ
ਐਸ.ਏ.ਐਸ ਨਗਰ,26 ਜੁਲਾਈ 2022:-ਅਕਾਲੀ ਦਲ ਦੀ ਬਦਹਾਲੀ ਦਾ ਕਾਰਨ ਬਣੇ ਸੁਖਬੀਰ ਸਿੰਘ ਬਾਦਲ ਨੂੰ ਹੁਣ ਪਾਰਟੀ ਵਿੱਚੋਂ ਕੱਢ ਦੇਣਾ ਚਾਹੀਦਾ ਹੈ। ਅਕਾਲੀ ਦਲ (ਬਾਦਲ) ਦੀ ਹੋਣ ਵਾਲੀ ਕੌਰ ਕਮੇਟੀ ਮੀਟਿੰਗ ਵਿੱਚ ਸਮੁੱਚੇ ਆਗੂਆਂ ਨੂੰ ਮਤਾ ਪਾਸ ਕਰਕੇ ਪੰਥ ਅਤੇ ਪੰਜਾਬ ਵਿਰੋਧੀ ਸੁਖਬੀਰ ਬਾਦਲ ਨੂੰ ਪਾਰਟੀ ਦੇ ਪ੍ਰਧਾਨ ਵਜੋਂ ਲਾਂਭੇ ਕਰ ਦੇਣਾ ਚਾਹੀਦਾ ਹੈ।ਕਿਉਂਕਿ ਇਤਿਹਾਸ ਗਵਾਹ ਹੈ ਕਿ ਜਿਸ ਵੀ ਪ੍ਰਧਾਨ ਨੇ ਆਪਣੇ ਕਾਰਜਕਾਲ ਦੌਰਾਨ ਗਲਤੀ ਕੀਤੀ ਤਾਂ ਪੰਥਕ ਲੀਡਰਸ਼ਿਪ ਨੇ ਉਸ ਨੂੰ ਤੁਰੰਤ ਚਲਦਾ ਕੀਤਾ । ਇਹ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਪ੍ਰੈੱਸ ਨੂੰ ਜਾਰੀ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸ.ਸੁਖਦੇਵ ਸਿੰਘ ਢੀਂਡਸਾ ਦੇ ਸਿਆਸੀ ਸਲਾਹਕਾਰ ਤੇ ਪਾਰਟੀ ਦੇ ਬੁਲਾਰੇ ਸ. ਦਵਿੰਦਰ ਸਿੰਘ ਸੋਢੀ ਨੇ ਕਹੀਂ ।ਸ. ਦਵਿੰਦਰ ਸਿੰਘ ਸੋਢੀ ਨੇ ਕਿਹਾ ਕਿ ਸੋਂ ਸਾਲ ਤੋਂ ਵੱਧ ਪੁਰਾਣੀ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਦਾ ਬੜਾ ਸ਼ਾਨੇਮਤਾ ਇਤਿਹਾਸ ਹੈ। ਜਿਸ ਨੇ ਹਮੇਸ਼ਾ ਪੰਥ ਅਤੇ ਪੰਜਾਬ ਦੇ ਹਿੱਤਾਂ ਲਈ ਅਨੇਕਾਂ ਕੁਰਬਾਨੀਆਂ ਕੀਤੀਆਂ ਅਤੇ ਆਪਣਾ-ਆਪ ਨਿਸ਼ਾਵਰ ਕਰਕੇ ਪੰਜਾਬ ਤੇ ਪੰਥ ਦੀ ਬਿਹਤਰੀ ਲਈ ਕੰਮ ਕੀਤਾ। ਪਰ ਜਦੋਂ ਤੋਂ ਬਾਦਲ ਪਰਿਵਾਰ ਦੇ ਹੱਥ ਅਕਾਲੀ ਦਲ ਦੀ ਵਾਂਗਡੋਰ ਆਈ ਹੈ ਉਦੋਂ ਤੋਂ ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਇੱਕ ਪ੍ਰਾਈਵੇਟ ਕੰਪਨੀ ਵਾਂਗ ਚਲਾ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਵਰਤਣਾ ਸ਼ੁਰੂ ਕਰ ਦਿੱਤਾ। ਸ਼੍ਰੋਮਣੀ ਅਕਾਲੀ ਦਲ ਦੀ ਮੌਜੂਦਾ ਬਦਹਾਲੀ ਲਈ ਬਾਦਲ ਪਰਿਵਾਰ ਪੂਰੀ ਤਰ੍ਹਾਂ ਜ਼ਿੰਮੇਵਾਰ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਨਾਮੋਸ਼ੀਜਨਕ ਹਾਰ ਤੋਂ ਬਾਅਦ ਬਾਦਲ ਪਰਿਵਾਰ ਦਾ ਪੰਥ ਅਤੇ ਪੰਜਾਬ ਵਿੱਚ ਪੂਰਾ ਵਿਰੁੱਧ ਹੋ ਰਿਹਾ ਹੈ। ਅਜਿਹੇ ਵਿੱਚ ਅਕਾਲੀ ਦਲ ਦੇ ਲੀਡਰਾਂ ਨੂੰ ਚਾਹੀਦਾ ਹੈ ਕਿ ਉਹ ਬਾਦਲ ਪਰਿਵਾਰ ਦਾ ਵਿਰੋਧ ਕਰਨ ਤਾਂ ਜੋ ਪੰਥਕ ਸੰਸਥਾਵਾਂ ਵਿੱਚ ਆਏ ਨਿਘਾਰ ਨੂੰ ਦੂਰ ਕੀਤਾ ਜਾ ਸਕੇ ਅਤੇ ਪੰਜਾਬ ਅਤੇ ਪੰਥਕ ਸੰਸਥਾਵਾਂ ਨੂੰ ਵੀ ਖ਼ੁਸ਼ਹਾਲੀ ਵੱਲ ਤੋਰਿਆ ਜਾ ਸਕੇ। ਸ. ਸੋਢੀ ਨੇ ਕਿਹਾ ਕਿ ਇਸ ਵੇਲੇ ਪੰਥ ਅਤੇ ਪੰਜਾਬ ਦੇ ਭਲੇ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਐਸਜੀਪੀਸੀ ਤੋਂ ਬਾਦਲ ਪਰਿਵਾਰ ਦਾ ਕਬਜ਼ਾ ਹਟਾਉਣਾ ਬਹੁਤ ਲਾਜ਼ਮੀ ਹੋ ਗਿਆ ਹੈ। ਇਸ ਕਰਕੇ ਸਮੁੱਚੇ ਲੀਡਰਾਂ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਾਦਿਆਂ ਕੌਰ ਕਮੇਟੀ ਵਿੱਚ ਬਾਦਲ ਪਰਿਵਾਰ ਨੂੰ ਇੱਕ ਪਾਸੇ ਕਰਨ ਫ਼ੈਸਲਾ ਕਰਨਾ ਚਾਹੀਦਾ ਹੈ।























