ਕਮਿਸ਼ਨਰ ਨਗਰ ਨਿਗਮ ਬਲਵਿੰਦਰ ਸਿੰਘ ਤੇ ਸਾਬਕਾ ਮੰਤਰੀ ਅਸ਼ਵਨੀ ਸੇਖੜੀ ਨੇ ਲੋੜਵੰਦਾਂ ਦੇ ਘਰ ਤੱਕ ਪਹੁੰਚਾਇਆ ਰਾਸ਼ਨ
ਬਟਾਲਾ, 2 ਅਪ੍ਰੈਲ ( ਵਿਸ਼ਵ ਵਾਰਤਾ ) – ਕੋਰੋਨਾ ਵਾਇਰਸ ਦੇ ਫੈਲਾਵ ਨੂੰ ਰੋਕਣ ਦੇ ਮਕਸਦ ਤਹਿਤ ਲਗਾਏ ਕਰਫਿਊ ਦੌਰਾਨ ਪੰਜਾਬ ਸਰਕਾਰ ਵਲੋਂ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਮੁੱਖ ਮੰਤਰੀ ਰਿਲੀਫ ਫੰਡ ਵਿੱਚੋਂ ਆਏ ਰਾਸ਼ਨ ਨੂੰ ਅੱਜ ਬਟਾਲਾ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਵਿੱਚ ਲੋੜਵੰਦਾਂ ਤੱਕ ਪਹੁੰਚਾਇਆ ਗਿਆ।
ਕਮਿਸ਼ਨਰ ਨਗਰ ਨਿਗਮ ਸ. ਬਲਵਿੰਦਰ ਸਿੰਘ ਵਲੋਂ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਅਤੇ ਹੋਰ ਮੋਹਤਬਰਾਂ ਦੇ ਸਹਿਯੋਗ ਨਾਲ ਅੱਜ ਈਸਾ ਨਗਰ, ਲੇਬਰ ਕਲੋਨੀ, ਧੱਕਾ ਕਲੋਨੀ, ਮੁਰਗੀ ਮੁਹੱਲਾ ਅਤੇ ਸ਼ਹਿਰ ਦੇ ਹੋਰ ਹਿੱਸਿਆਂ ਵਿੱਚ ਰਾਸ਼ਨ ਦੀ ਵੰਡ ਕੀਤੀ ਗਈ। ਪੰਜਾਬ ਸਰਕਾਰ ਵਲੋਂ ਭੇਜੀ ਰਾਹਤ ਸਮੱਗਰੀ ਦੀ ਇੱਕ ਗੁੱਥੀ ਵਿੱਚ 10 ਕਿਲੋ ਆਟਾ, 2 ਕਿਲੋ ਦਾਲ ਅਤੇ 2 ਕਿਲੋ ਖੰਡ ਹੈ। ਪੰਜਾਬ ਸਰਕਾਰ ਵਲੋਂ ਇਹ ਰਾਸ਼ਨ ਗਰੀਬ ਤੇ ਲੋੜਵੰਦ ਪਰਿਵਾਰਾਂ ਨੂੰ ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਦੇ ਨਾਲ ਹੀ ਈਸਾ ਨਗਰ ਵਿੱਚ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਅਮੂਲ ਦੇ ਦੁੱਧ ਦੇ ਪੈਕਟ ਵੀ ਲੋੜਵੰਦਾਂ ਨੂੰ ਵੰਡੇ।
ਕਮਿਸ਼ਨਰ ਨਗਰ ਨਿਗਮ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕੋਈ ਵੀ ਗਰੀਬ ਭੁੱਖਾ ਨਹੀਂ ਰਹਿਣ ਦਿੱਤਾ ਜਾਵੇਗਾ ਅਤੇ ਹਰ ਲੋੜਵੰਦ ਦੇ ਘਰ ਤੱਕ ਰਾਸ਼ਨ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬੀ.ਐਲ.ਓ. ਨੂੰ ਹਦਾਇਤ ਕੀਤੀ ਗਈ ਹੈ ਕਿ ਜੇਕਰ ਓਨਾਂ ਦੇ ਬੂਥ ਵਿੱਚ ਇੱਕ ਵੀ ਗਰੀਬ ਭੁੱਖਾ ਰਹਿ ਗਿਆ ਤਾਂ ਇਸਦੇ ਜੁਆਬਦੇਹ ਓਹ ਖੁਦ ਹੋਣਗੇ। ਉਨ੍ਹਾਂ ਕਿਹਾ ਕਿ ਰਾਸ਼ਨ ਦੀ ਵੰਡ ਦਾ ਕੰਮ ਲਗਾਤਾਰ ਜਾਰੀ ਹੈ ਅਤੇ ਪ੍ਰਸ਼ਾਸਨ ਵਲੋਂ ਹਰ ਗਰੀਬ ਤੇ ਲੋੜਵੰਦ ਤੱਕ ਪਹੁੰਚ ਕੀਤੀ ਜਾ ਰਹੀ ਹੈ।
ਇਸ ਮੌਕੇ ਸਾਬਕਾ ਮੰਤਰੀ ਸ੍ਰੀ ਅਸ਼ਵਨੀ ਸੇਖੜੀ ਨੇ ਪੰਜਾਬ ਸਰਕਾਰ ਤੇ ਸਥਾਨਕ ਪ੍ਰਸ਼ਾਸਨ ਵਲੋਂ ਇਸ ਸੰਕਟ ਦੀ ਘੜ੍ਹੀ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਹਰ ਲੋੜਵੰਦ ਤੱਕ ਸਰਕਾਰ ਦੀ ਮਦਦ ਪਹੁੰਚ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਨੂੰ ਉਨ੍ਹਾਂ ਦੀਆਂ ਲੋੜਾਂ ਦੀ ਫਿਕਰ ਹੈ ਅਤੇ ਲੋਕਾਂ ਨੂੰ ਬੱਸ ਆਪਣੇ ਘਰਾਂ ਦੇ ਅੰਦਰ ਹੀ ਰਹਿਣਾ ਚਾਹੀਦਾ ਹੈ।