ਬਠਿੰਡਾ ਵਿਖੇ ਏਮਜ਼ ਹਸਪਤਾਲ ਪੁੱਜੇ ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ 26 ਜਨਵਰੀ (ਕੁਲਬੀਰ ਬੀਰਾ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਇਕੱਤਰ ਹੋਏ ਸੈਂਕੜੇ ਕਿਸਾਨਾਂ ਨੇ ਮੋਦੀ ਸਰਕਾਰ ਮੁਰਦਾਬਾਦ ਦੇ ਨਾਅਰੇ ਲਾ ਕੇ ਸ਼ਵੇਤ ਮਲਿਕ ਦੇ ਕਾਫ਼ਲੇ ਦਾ ਕੀਤਾ ਵਿਰੋਧ। ਕਿਸਾਨ ਆਗੂ ਮੋਠੂ ਸਿੰਘ ਕੋਟੜਾ ਅਤੇ ਜਗਸੀਰ ਸਿੰਘ ਜੀਦਾ ਨੇ ਕਿਹਾ ਕਿ ਖੇਤੀ ਕਾਨੂੰਨ ਬਣਾਉਣ ਵਾਲੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਦੇ ਮੰਤਰੀ ਅਤੇ ਆਗੂ ਜਿੱਥੇ ਵੀ ਪੰਜਾਬ ਵਿੱਚ ਪ੍ਰੋਗਰਾਮ ਰੱਖੇ ਗਏ ਅਸੀਂ ਉਨ੍ਹਾਂ ਦਾ ਵਿਰੋਧ ਕਰਾਂਗੇ ਇਸੇ ਤਹਿਤ ਹੀ ਅੱਜ ਬਠਿੰਡਾ ਪੁੱਜੇ ਭਾਜਪਾ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਨੇਤਾ ਸ਼ਵੇਤ ਮਲਿਕ ਦਾ ਵਿਰੋਧ ਕਰਕੇ ਇਹ ਤਿੰਨ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਵਿਰੋਧ ਜਾਰੀ ਰਹੇਗਾ ਜਦੋਂ ਤਕ ਮੋਦੀ ਸਰਕਾਰੀ ਖੇਤੀ ਕਾਨੂੰਨ ਰੱਦ ਨਹੀਂ ਕਰਦੀ। ਕਿਸਾਨਾਂ ਦੇ ਵਿਰੋਧ ਦੇ ਚੱਲਦੇ ਬਠਿੰਡਾ ਪੁਲਸ ਵਲੋਂ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਅਤੇ ਸੈਂਕਡ਼ਿਆਂ ਦੀ ਗਿਣਤੀ ਵਿੱਚ ਮਹਿਲਾ ਅਤੇ ਪੁਰਸ਼ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗਏ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। ਭਾਜਪਾ ਦੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਏਮਜ਼ ਹਸਪਤਾਲ ਵਿੱਚ ਲੱਗ ਰਹੀ ਇਕ ਨਵੀਂ ਮਸ਼ੀਨ ਦਾ ਉਦਘਾਟਨ ਕਰਨ ਆਏ ਸਨ ਜਿੱਥੇ ਉਨ੍ਹਾਂ ਨੂੰ ਬਠਿੰਡਾ ਪੁੱਜਣ ਤੇ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਤੇ ਸਖ਼ਤ ਸੁਰੱਖਿਆ ਪ੍ਰਬੰਧ ਦੇ ਚਲਦੇ ਉਹ ਏਮਜ ਹਸਪਤਾਲ ਪਹੁੰਚੇ।






















