ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਕੀਤੀ ਖ਼ਤਮ
ਚੰਡੀਗੜ੍ਹ,8ਦਸੰਬਰ(ਵਿਸ਼ਵ ਵਾਰਤਾ)-ਜੇਲ੍ਹ ‘ਚ ਬੰਦ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਅੱਜ ਸ਼ੁੱਕਰਵਾਰ ਸਵੇਰੇ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ੍ਰੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨਾਲ ਮੀਟਿੰਗ ਤੋਂ ਬਾਅਦ ਬਲਵੰਤ ਸਿੰਘ ਰਾਜੋਆਣਾ ਨੇ ਭੁੱਖ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ‘ਤੇ ਰਾਜੋਆਣਾ ਨੇ ਹੜਤਾਲ ਖ਼ਤਮ ਕਰ ਦਿੱਤੀ ਹੈ। ਇਸ ਦੇ ਨਾਲ ਹੀ ਰਾਜੋਆਣਾ ਨੇ ਆਖਿਆ ਹੈ ਕਿ ਉਹ ਹੁਣ ਹੋਰ ਉਡੀਕ ਨਹੀਂ ਕਰ ਸਕਦੇ ਹਨ, ਅਤੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਕੇਸ ਵਿਚ ਫ਼ੈਸਲਾ ਕਰਵਾਇਆ ਜਾਵੇ।
ਜਿਕਰਯੋਗ ਹੈ ਕਿ ਬਲਵੰਤ ਸਿੰਘ ਰਾਜੋਆਣਾ 5 ਦਸੰਬਰ ਤੋਂ ਭੁੱਖ ਹੜਤਾਲ ‘ਤੇ ਸਨ। ਪਿਛਲੇ ਤਿੰਨ ਦਿਨਾਂ ਤੋਂ ਪਟਿਆਲਾ ਜੇਲ੍ਹ ਵਿੱਚ ਬੰਦ ਬਲਵੰਤ ਸਿੰਘ ਰਾਜੋਆਣਾ ਦੀ ਭੁੱਖ ਹੜਤਾਲ ਖ਼ਤਮ ਕਰਵਾਉਣ ਦੀਆਂ ਕੋਸ਼ਿਸ਼ਾਂ ਜਾਰੀ ਸਨ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਾਹੀਂ ਇੱਕ ਉੱਚ ਪੱਧਰੀ ਵਫ਼ਦ ਨੇ ਜੇਲ੍ਹ ਵਿਭਾਗ ਤੋਂ ਰਾਜੋਆਣਾ ਨੂੰ ਮਿਲਣ ਦਾ ਸਮਾਂ ਮੰਗਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸਵੇਰੇ ਪਟਿਆਲਾ ਜੇਲ੍ਹ ਵਿੱਚ ਰਾਜੋਆਣਾ ਨਾਲ ਮੁਲਾਕਾਤ ਕੀਤੀ। ਜਿਸ ਤੋਂ ਬਾਅਦ ਹੀ ਰਾਜੋਆਣਾ ਨੇ ਜਲ ਪੀ ਕੇ ਆਪਣੀ ਹੜਤਾਲ ਖਤਮ ਕਰ ਦਿੱਤੀ।