ਬਿਕਰਮ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ
ਪੜ੍ਹੋ,ਕਦੋਂ ਤੱਕ ਰਹਿਣਗੇ ਜੇਲ੍ਹ ਵਿੱਚ
ਚੰਡੀਗੜ੍ਹ,8 ਮਾਰਚ(ਵਿਸ਼ਵ ਵਾਰਤਾ)- ਐਨਡੀਪੀਐਸ ਦੀਆਂ ਧਾਰਾਵਾਂ ਹੇਠ ਨਸ਼ਾ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਉਹਨਾਂ ਦੀ ਜੁਡੀਸ਼ਿਅਲ ਕਸਟਡੀ 22 ਮਾਰਚ ਤੱਕ ਵਧਾ ਦਿੱਤੀ ਗਈ ਹੈ। ਦੱਸ ਦਈਏ ਕਿ ਮੁਹਾਲੀ ਦੀ ਅਦਾਲਤ ਵੱਲੋਂ ਬਿਕਰਮ ਮਜੀਠੀਆ ਨੂੰ 8 ਮਾਰਚ ਤੱਕ ਨਿਆਂਇਕ ਹਿਰਾਸਤ ਵਿੱਚ ਭੇਜਿਆ ਗਿਆ ਸੀ । ਜੋ ਕਿ ਅੱਜ ਖਤਮ ਹੋਣ ਵਾਲੀ ਸੀ ਜਿਸ ਦੇ ਚੱਲਦਿਆਂ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ਵਿੱਚ ਪੇਸ਼ੀ ਲਈ ਲਿਆਂਦਾ ਗਿਆ ਸੀ।
ਜ਼ਿਕਰਯੋਗ ਹੈ ਕਿ ਪਿਛਲੇ ਸਾਲ ਦਸੰਬਰ ਮਹੀਨੇ ਦੇ ਆਖਰੀ ਹਫਤੇ ਵਿੱਚ ਬਿਕਰਮ ਸਿੰਘ ਮਜੀਠੀਆ ਖਿਲਾਫ ਡਰੱਗਜ਼ ਮਾਮਲੇ ‘ਚ ਐੱਫਆਈਆਰ ਦਰਜ ਕੀਤੀ ਗਈ ਸੀ। ਹਾਲਾਂਕਿ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਸੁਪਰੀਮ ਕੋਰਟ ਨੇ 23 ਫਰਵਰੀ ਤੱਕ ਰੋਕ ਲਗਾ ਦਿੱਤੀ ਸੀ ਤਾਂ ਜੋ ਉਹ ਚੋਣਾਂ ਦੌਰਾਨ ਪ੍ਰਚਾਰ ਕਰ ਸਕਣ। ਬਿਕਰਮ ਮਜੀਠੀਆ ਨੇ 24 ਫਰਵਰੀ ਨੂੰ ਮੁਹਾਲੀ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਸੀ। ਆਤਮ ਸਮਰਪਣ ਕਰਨ ਤੋਂ ਬਾਅਦ ਮਜੀਠੀਆ ਨੂੰ ਪਟਿਆਲਾ ਦੀ ਕੇਂਦਰੀ ਜੇਲ੍ਹ ਵਿੱਚ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਸੀ। ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਸਵੇਰੇ ਅਦਾਲਤ ‘ਚ ਸੁਣਵਾਈ ਹੋਈ, ਜਿਸ ਦੀ ਸੁਣਵਾਈ 22 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਮਜੀਠੀਆ ਲਈ ਇਹ ਵੱਡਾ ਝਟਕਾ ਹੈ ਕਿਉਂਕਿ ਹੁਣ ਉਨ੍ਹਾਂ ਨੂੰ 22 ਮਾਰਚ ਤੱਕ ਪਟਿਆਲਾ ਜੇਲ੍ਹ ‘ਚ ਹੀ ਰਹਿਣਾ ਪਵੇਗਾ ਅਤੇ ਇਸ ਦੌਰਾਨ 10 ਮਾਰਚ ਨੂੰ ਆਉਣ ਵਾਲੇ ਚੋਣ ਨਤੀਜੇ ਵੀ ਉਹਨਾਂ ਨੂੰ ਜੇਲ੍ਹ ਵਿੱਚ ਹੀ ਸੁਣਨੇ ਪੈਣਗੇ।