ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਕਰਨ ਕੈਪਟਨ ਅਮਰਿੰਦਰ ਸਿੰਘ : ਜਰਨੈਲ ਸਿੰਘ
…ਅਮਰਿੰਦਰ ਸਿੰਘ ਦੇ ਰਾਜ ‘ਚ ਛੋਟੇ ਵਪਾਰੀਆਂ, ਦੁਕਾਨਦਾਰਾਂ ਅਤੇ ਉਦਯੋਗਪਤੀਆਂ ਦਾ ਹੋਇਆ ਬੁਰਾ ਹਾਲ
…ਪੰਜਾਬ ਦੇ ਲੋਕ ਹੁਣ ਲੋਕਾਂ ਨਾਲ ਖੜਨ ਵਾਲਾ ਮੁੱਖ ਮੰਤਰੀ ਚੁਣਨਾ ਚਹੁੰਦੇ ਨੇ
ਚੰਡੀਗੜ, 7 ਜੁਲਾਈ;ਪੰਜਾਬ ਦੇ ਲੋਕਾਂ ਨੂੰ 24 ਘੰਟੇ ਬਿਜਲੀ ਦੇਣ ਦਾ ਵਾਅਦਾ ਕਰਕੇ ਸਰਕਾਰ ਵਿੱਚ ਆਏ ਕੈਪਟਨ ਅਮਰਿੰਦਰ ਸਿੰਘ ਹੁੱਣ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਫ਼ੇਲ ਹੋਏ ਹਨ, ਜਿਸ ਕਾਰਨ ਉਦਯੋਗਾਂ ਨੂੰ ਭਾਰੀ ਆਰਥਿਕ ਨੁਕਸਾਨ ਹੋ ਰਿਹਾ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਤੋਂ ਵਿਧਾਇਕ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ ਨੇ ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕਰਦਿਆਂ ਮੰਗ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਬਿਜਲੀ ਦੀ ਕਮੀ ਕਾਰਨ ਉਦਯੋਗਾਂ ਨੂੰ ਹੋਏ ਆਰਥਿਕ ਨੁਕਸਾਨ ਦੀ ਭਰਪਾਈ ਕਰਨ।
ਜਰਨੈਲ ਸਿੰਘ ਨੇ ਦੋਸ਼ ਲਾਇਆ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬਿਜਲੀ ਦੀ ਘਾਟ ਪੂਰੀ ਕਰਨ ਦੀ ਥਾਂ ਉਦਯੋਗਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ, ਜਿਸ ਕਾਰਨ ਇਨਾਂ ਉਦਯੋਗਾਂ ਵਿੱਚ ਕੰਮ ਕਰਨ ਵਾਲੇ ਹਜ਼ਾਰਾਂ ਲੋਕ ਬੇਰੁਜ਼ਗਾਰ ਹੋ ਕੇ ਰਹਿ ਗਏ ਹਨ ਅਤੇ ਉਤਪਾਦਨ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ। ਉਨਾਂ ਕਿਹਾ ਕਿ ਸੂਬੇ ਵਿੱਚ ਛੋਟੀਆਂ ਫੈਕਟਰੀਆਂ ਦੀ ਹਾਲਤ ਵੀ ਬਹੁਤ ਮਾੜੀ ਹੈ ਅਤੇ ਖੇਤੀਬਾੜੀ ਖੇਤਰ ਵਿੱਚ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਲਾਇਆ ਝੋਨਾ ਖੇਤਾਂ ਵਿੱਚ ਵਾਹੁਣ ਲਈ ਮਜ਼ਬੂਰ ਹੋ ਰਹੇ ਹਨ। ਅਮਰਿੰਦਰ ਸਿੰਘ ਦੇ ਰਾਜ ‘ਚ ਛੋਟੇ ਵਪਾਰੀਆਂ, ਦੁਕਾਨਦਾਰਾਂ, ਕਿਸਾਨਾਂ ਅਤੇ ਉਦਯੋਗਪਤੀਆਂ ਦਾ ਬੁਰਾ ਹਾਲ ਹੋ ਗਿਆ ਹੈ।
ਵਿਧਾਇਕ ਜਰਨੈਲ ਸਿੰਘ ਨੇ ਸਬੂਤ ਪੇਸ਼ ਕਰਦਿਆਂ ਕਿਹਾ ਕਿ ਦਿੱਲੀ ਰਾਜ ਵਿੱਚ ਗਰਮੀ ਦੀ ਰੁੱਤ ਦੌਰਾਨ ਇੱਕ ਦਿਨ ਵੀ ਬਿਜਲੀ ਸਪਲਾਈ ਦਾ ਕੱਟ ਨਹੀਂ ਲਾਇਆ ਗਿਆ, ਕਿਉਂਕਿ ਉਥੇ ਸਾਫ਼ ਸੁਥਰੀ ਨੀਅਤ ਵਾਲੀ ਸਰਕਾਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਹਨ। ਉਨਾਂ ਕਿਹਾ ਲੋਕ ਹਿਤੈਸ਼ੀ ਸਰਕਾਰ ਹੋਣ ਦਾ ਫਾਇਦਾ ਲੋਕਾਂ ਨੂੰ ਜ਼ਰੂਰ ਹੁੰਦਾ ਹੈ ਕਿਉਂਕਿ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕ ਹਿਤੈਸ਼ੀ ਫ਼ੈਸਲਾ ਲੈਂਦੇ ਹੋਏ ਕੋਰੋਨਾ ਨਾਲ ਜਾਨ ਗੁਆਉਣ ਵਾਲੇ ਵਿਅਕਤੀ ਦੇ ਪਰਿਵਾਰ ਅਤੇ ਅਨਾਥ ਹੋਏ ਹੋਏ ਬੱਚਿਆਂ ਲਈ ਵਿੱਤੀ ਸਹਾਇਤਾ ਦੀ ਯੋਜਨਾ ਸ਼ੁਰੂ ਕੀਤੀ ਹੈ, ਜੋ ਦੇਸ਼ ਭਰ ਵਿੱਚੋਂ ਨਿਵੇਕਲੀ ਯੋਜਨਾ ਹੈ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਲੋਚਨਾ ਕਰਦਿਆਂ ਜਰਨੈਲ ਸਿੰਘ ਨੇ ਕਿਹਾ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਤੋਂ ਭੱਜੇ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਦਿੱਲੀ ਦਰਬਾਰ ਦੀ ਹਾਜ਼ਰੀ ਭਰਨ ਲੱਗੇ ਹੋਏ ਹਨ। ਉਨਾਂ ਕਿਹਾ ਕਿ ਕਾਂਗਰਸ ਦੀ ਖਾਨਾਜੰਗੀ ਨੇ ਪੰਜਾਬ ਦੇ ਲੋਕਾਂ ਨੂੰ ਗਰੀਬ ਬਣਾ ਕੇ ਰੱਖ ਦਿੱਤਾ ਹੈ। ਉਨਾਂ ਕਿਹਾ ਫੇਲ਼ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਕਿਉਂਕਿ ਪੰਜਾਬ ਦੇ ਲੋਕ ਹੁੱਣ ਲੋਕਾਂ ਨਾਲ ਖੜਨ ਵਾਲਾ ਮੁੱਖ ਮੰਤਰੀ ਚੁਣਨਾ ਚਾਹੁੰਦੇ ਹਨ।