ਬਿਜਲੀ ਦੇ ਪਾਵਰ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਕੀਤਾ ਚੱਕਾ ਜਾਮ
ਹੁਸ਼ਿਆਰਪੁਰ, 16 ਅਪ੍ਰੈਲ (ਤਰਸੇਮ ਦੀਵਾਨਾ/ਵਿਸ਼ਵ ਵਾਰਤਾ) – ਸਰਕਾਰ ਵੱਲੋਂ ਪੰਜਾਬ ਵਿੱਚ ਚੌਵੀ ਘੰਟੇ ਬਿਜਲੀ ਸਪਲਾਈ ਦੇਣ ਦੇ ਕੀਤੇ ਜਾ ਰਹੇ ਐਲਾਨਾਂ ਦੀ ਪੋਲ ਉਦੋਂ ਖੁੱਲ੍ਹੀ ਜਦੋਂ ਅੱਜ ਟਿਊਬਵੈੱਲਾਂ ਦੀ ਬਿਜਲੀ ਦੇ ਪਾਵਰ ਕੱਟਾਂ ਕਾਰਨ ਇਲਾਕੇ ਦੇ ਕਿਸਾਨਾਂ ਨੇ ਪਾਵਰਕਾਮ ਵਿਭਾਗ ਦੇ ਉਪ ਮੰਡਲ ਮਰਨਾਈਆਂ ਖ਼ੁਰਦ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਦਿਆਂ ਪੰਜਾਬ ਸਰਕਾਰ ਅਤੇ ਪਾਵਰਕੌਮ ਵਿਭਾਗ ਖਿਲਾਫ ਜੰਮ ਕੇ ਨਾਅਰੇਬਾਜ਼ੀ ਕਰਦਿਆਂ ਹੁਸ਼ਿਆਰਪੁਰ-ਫਗਵਾੜਾ ਰੋਡ ਤੇ ਚੱਕਾ ਜਾਮ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀ ਕਿਸਾਨਾਂ ਨੇ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਵਿਭਾਗ ਵੱਲੋਂ ਟਿਊਬਵੈੱਲਾਂ ਦੀ ਬਿਜਲੀ ਸਪਲਾਈ ਵਿਚ ਕੱਟ ਲਗਾ ਕੇ ਕਿਸਾਨਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਕਿਸਾਨਾਂ ਨੇ ਕਿਹਾ ਕਿ ਬਿਜਲੀ ਕੱਟਾਂ ਕਾਰਨ ਉਨ੍ਹਾਂ ਦੀ ਕਣਕ ਦੀ ਫਸਲ ਬਰਬਾਦ ਹੋ ਰਹੀ ਹੈ। ਇਸ ਮੌਕੇ ਹਾਜ਼ਰ ਜੱਸਾ ਸਿੰਘ ਮਰਨਾਈਆਂ, ਜਸਪਾਲ ਸਿੰਘ ਜਿੰਮੀ ਅੱਤੋਵਾਲ, ਮਨਿੰਦਰ ਸਿੰਘ, ਹੈਪੀ ਤਨੂਲੀ, ਦੀਪ ਮਰਨਾਈਆਂ, ਲੱਖਾ ਸਿੰਘ ਆਦਿ ਨੇ ਕਿਹਾ ਕਿ ਵਿਭਾਗ ਵੱਲੋਂ ਨਿਸ਼ਚਿਤ ਸਮੇਂ ਤੇ ਬਿਜਲੀ ਸਪਲਾਈ ਨਹੀਂ ਦਿੱਤੀ ਜਾ ਰਹੀ। ਜਿਸ ਕਰਕੇ ਕਿਸਾਨ ਖੱਜਲ ਖੁਆਰ ਹੋ ਰਹੇ ਹਨ। ਸੂਚਨਾ ਮਿਲਦੇ ਹੀ ਥਾਣਾ ਮੇਹਟੀਆਣਾ ਮੁਖੀ ਸਬ ਇੰਸਪੈਕਟਰ ਦੇਸ ਰਾਜ ਪੁਲਸ ਫੋਰਸ ਸਮੇਤ ਚੱਕਾ ਜਾਮ ਵਾਲੀ ਥਾਂ ਪਹੁੰਚ ਗਏ। ਜਿਨ੍ਹਾਂ ਨੇ ਐੱਸ ਡੀ ਓ ਇੰਜੀਨੀਅਰ ਯਸ਼ਪਾਲ ਨਾਲ ਵਾਰਤਾ ਕੀਤੀ। ਐੱਸ.ਡੀ.ਓ. ਨੇ ਕਿਹਾ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਲਗਾਏ ਜਾ ਰਹੇ ਕੱਟਾਂ ਕਾਰਨ ਪੇਸ਼ ਆ ਰਹੀ ਸਮੱਸਿਆ ਬਾਰੇ ਮਹਿਕਮੇ ਦੇ ਉੱਚ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਜਲਦੀ ਹੀ ਸਮੱਸਿਆ ਹੱਲ ਕਰ ਦਿੱਤੀ ਜਾਵੇਗੀ। ਪ੍ਰਦਰਸ਼ਨਕਾਰੀਆਂ ਨੇ ਵਿਭਾਗ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸੋਮਵਾਰ ਤੱਕ ਇਸ ਸਮੱਸਿਆ ਦਾ ਹੱਲ ਨਾ ਹੋਇਆ ਤਾਂ ਸੋਮਵਾਰ ਤੋਂ ਸੰਘਰਸ਼ ਤੇਜ਼ ਕਰਦਿਆਂ ਦੁਬਾਰਾ ਚੱਕਾ ਜਾਮ ਕੀਤਾ ਜਾਵੇਗਾ।