ਬੀਐਸਐਫ ਦਾ ਦਾਇਰਾ ਵਧਾਉਣ ਤੇ ਗਰਮਾਈ ਸਿਆਸਤ
ਮੁੱਖ ਮੰਤਰੀ ਨੇ ਸੱਦੀ ਆੱਲ ਪਾਰਟੀ ਮੀਟਿੰਗ
ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ
ਚੰਡੀਗੜ੍ਹ, 22ਅਕਤੂਬਰ (ਵਿਸ਼ਵ ਵਾਰਤਾ)-ਭਾਰਤ ਸਰਕਾਰ ਵੱਲੋਂ 11 ਅਕਤੂਬਰ2021 ਨੂੰ ਪੰਜਾਬ, ਅਸਾਮ ਅਤੇ ਪੱਛਮੀ ਬੰਗਾਲ ਵਿੱਚ ਅੰਤਰਰਾਸ਼ਟਰੀ ਸਰਹੱਦਾਂ ਦੇ ਨਾਲ ਬੀਐਸਐਫ ਦੇ ਅਧਿਕਾਰੀ ਖੇਤਰ ਨੂੰ 15ਕਿਲੋਮੀਟਰ ਤੋਂ ਵਧਾ ਕੇ 50ਕਿਲੋਮੀਟਰ ਤੱਕ ਕਰ ਦਿੱਤਾ ਗਿਆ ਸੀ। ਜਿਸ ਤੇ ਉਸ ਦਿਨ ਤੋਂ ਹੀ ਵਿਰੋਧੀ ਪਾਰਟੀਆਂ ਅਤੇ ਹੋਰਨਾਂ ਵੱਲੋਂ ਇਤਰਾਜ਼ ਜਤਾਇਆ ਜਾ ਰਿਹਾ ਹੈ। ਹੁਣ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਬੀਐਸਐਫ ਦਾ ਖੇਤਰ ਵਧਾਉਣ ਦੇ ਫੈਸਲੇ ਨੂੰ ਵਾਪਸ ਲੈ ਕੇ ਪਹਿਲਾਂ ਵਾਲੀ ਸਥਿਤੀ ਬਹਾਲ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਚੰਨੀ ਨੇ ਪ੍ਰਧਾਨ ਮੰਤਰੀ ਨੂੰ ਇਸ ਮੁੱਦੇ ਉਤੇ ਮੀਟਿੰਗ ਲਈ ਸਮਾਂ ਦੇਣ ਦੀ ਅਪੀਲ ਵੀ ਕੀਤੀ। ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਇਸ ਗੰਭੀਰ ਮਸਲੇ ਤੇ ਵਿਚਾਰ ਚਰਚਾ ਲਈ 25 ਅਕਤੂਬਰ, ਸੋਮਵਾਰ ਨੂੰ ਸਰਬ ਪਾਰਟੀ ਮੀਟਿੰਗ ਵੀ ਬੁਲਾਈ ਹੈ।
ਦੱਸ ਦੱਈਏ ਕਿ ਪੰਜਾਬ ਦੀ ਪਾਕਿਸਤਾਨ ਨਾਲ 425 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਸਰਹੱਦੀ ਜ਼ਿਲ੍ਹਿਆਂ ਜਿਵੇਂ ਪਠਾਨਕੋਟ, ਗੁਰਦਾਸਪੁਰ, ਅਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ ਦੇ ਕੁੱਲ ਖੇਤਰ ਦਾ 80 ਫੀਸਦੀ ਤੋਂ ਵੱਧ ਖੇਤਰ 50 ਕਿਲੋਮੀਟਰ ਦੇ ਦਾਇਰੇ ਵਿੱਚ ਆਉਂਦਾ ਹੈ, ਜਿਸ ਤੇ ਹੁਣ ਬੀਐਸਐਫ ਦਾ ਅਧਿਕਾਰ ਹੋ ਗਿਆ ਹੈ।























