ਬੀਕੇਯੂ-ਡਕੌਂਦਾ ਨੇ ਸੂਬਾ ਪੱਧਰੀ ਜੂਝਾਰ-ਰੈਲੀ ਲਈ ਜ਼ੋਰਦਾਰ ਤਿਆਰੀਆਂ ਸ਼ੁਰੂ, ਵੱਖ-ਵੱਖ ਜਿਲ੍ਹਿਆਂ ‘ਚ ਮੀਟਿੰਗਾਂ ਦਾ ਦੌਰ ਜਾਰੀ
ਚੰਡੀਗੜ੍ਹ/ਸੰਗਰੂਰ, 06 ਜਨਵਰੀ(ਵਿਸ਼ਵ ਵਾਰਤਾ)-ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਨੇ 10 ਜਨਵਰੀ ਨੂੰ ਬਰਨਾਲਾ ਵਿਖੇ ਕੀਤੀ ਜਾਣ ਵਾਲ਼ੀ ਸੂਬਾ-ਪੱਧਰੀ ‘ਜੂਝਾਰ ਰੈਲੀ’ ਲਈ ਜ਼ੋਰਦਾਰ ਤਿਆਰੀਆਂ ਵਿੱਢ ਦਿੱਤੀਆਂ ਹਨ। ਜਥੇਬੰਦੀ ਵੱਲੋਂ ਵੱਖ-ਵੱਖ ਜਿਲ੍ਹਿਆਂ ‘ਚ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਬੀਕੇਯੂ ਏਕਤਾ (ਡਕੌਂਦਾ) ਦੇ ਸੂਬਾ ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ, ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਕਿਸਾਨੀ ਕਰਜ਼ੇ ਰੱਦ ਕਰਵਾਉਣ, ਸਾਰੀਆਂ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਲਈ ਗਰੰਟੀ ਕਾਨੂੰਨ ਬਣਾਉਣ, ਫਸਲਾਂ ਦੀ ਸਰਕਾਰੀ ਖ੍ਰੀਦ ਦੀ ਗਰੰਟੀ ਦੇਣ, ਸਵਾਮੀਨਾਥਨ ਕਮਿਸ਼ਨ ਰਿਪੋਰਟ ਲਾਗੂ ਕਰਵਾਉਣ, ਸ਼ਹੀਦਾਂ ਕਿਸਾਨਾਂ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਅਤੇ ਮੁਆਵਜ਼ਾ ਦਿਵਾਉਣ, ਗੁਲਾਬੀ ਸੁੰਡੀ ਅਤੇ ਝੋਨੇ ਦੀ ਫਸਲ ਦੇ ਖ਼ਰਾਬੇ ਦਾ ਮੁਆਵਜ਼ਾ ਹਾਸਲ ਕਰਨ ਸਮੇਤ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸਬੰਧਤ ਵੱਖ-ਵੱਖ ਮੰਗਾਂ ਦੀ ਪੂਰਤੀ ਲਈ ‘ਜੂਝਾਰ ਰੈਲੀ’ ਕੀਤੀ ਜਾਵੇਗੀ।
ਆਗੂਆਂ ਨੇ ਦੱਸਿਆ ਕਿ ਰੈਲੀ ਦੌਰਾਨ ਬਠਿੰਡਾ, ਸੰਗਰੂਰ, ਬਰਨਾਲਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਮਾਨਸਾ, ਪਟਿਆਲਾ, ਮੁਹਾਲੀ, ਲੁਧਿਆਣਾ, ਗੁਰਦਾਸਪੁਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਸ਼੍ਰੀ ਮੁਕਤਸਰ ਸਾਹਿਬ ਸਮੇਤ ਵੱਖ-ਵੱਖ ਜਿਲ੍ਹਿਆਂ ਤੋਂ ਹਜ਼ਾਰਾਂ ਦੀ ਗਿਣਤੀ ‘ਚ ਕਿਸਾਨ ਪਹੁੰਚਣਗੇ।
ਫੋਟੋ : ਪਿੰਡ ਬਾਲੀਆਂ (ਸੰਗਰੂਰ) ‘ਚ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀਕੇਯੂ-ਡਕੌਂਦਾ ਦੇ ਜਨਰਲ-ਸਕੱਤਰ ਜਗਮੋਹਨ ਸਿੰਘ ਪਟਿਆਲਾ।