ਬੇਅਦਬੀ ਮਾਮਲਿਆਂ ਦੀ ਜਾਂਚ ਨੂੰ ਲੈ ਕੇ ਡੇਰਾ ਮੁਖੀ ਰਾਮ ਰਹੀਮ ਦੀ ਪਟੀਸ਼ਨ ਤੇ ਸੁਣਵਾਈ ਅੱਜ
ਚੰਡੀਗੜ੍ਹ,2 ਅਗਸਤ(ਵਿਸ਼ਵ ਵਾਰਤਾ)-ਬਲਾਤਕਾਰ ਅਤੇ ਕਤਲ ਵਰਗੇ ਗੰਭੀਰ ਮਾਮਲਿਆਂ ਵਿੱਚ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਸਜਾ ਭੁਗਤ ਰਹੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਵੇਗੀ। ਰਾਮ ਰਹੀਮ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਜਾਂਚ ਸੀਬੀਆਈ ਤੋਂ ਵਾਪਸ ਲੈਣ ਦਾ ਵਿਰੋਧ ਕੀਤਾ ਹੈ। ਜਿਕਰਯੋਗ ਹੈ ਕਿ ਪੰਜਾਬ ਪੁਲਿਸ ਦੀ ਐਸਆਈਟੀ ਨੇ ਹਾਲ ਹੀ ਵਿੱਚ ਰਿਪੋਰਟ ਤਿਆਰ ਕੀਤੀ ਹੈ, ਜਿਸ ਵਿੱਚ ਰਾਮ ਰਹੀਮ ਨੂੰ ਬੇਅਦਬੀ ਦੀ ਸਾਜ਼ਿਸ਼ ਦਾ ਮਾਸਟਰਮਾਈਂਡ ਕਰਾਰ ਦਿੱਤਾ ਗਿਆ ਹੈ।
ਇਸ ਦੇ ਨਾਲ ਹੀ ਇਹ ਵੀ ਦੱਸਣਾ ਬਣਦਾ ਹੈ ਕਿ ਸਾਲ 2015 ਵਿੱਚ ਪੰਜਾਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕਈ ਮਾਮਲੇ ਸਾਹਮਣੇ ਆਏ ਸਨ। ਜਿਸ ਦੀ ਜਾਂਚ ਲਈ ਤਤਕਾਲੀ ਅਕਾਲੀ-ਭਾਜਪਾ ਸਰਕਾਰ ਨੇ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਬਣਾਈ ਸੀ। ਇਸ ਤੋਂ ਬਾਅਦ ਜਾਂਚ ਸੀਬੀਆਈ ਕੋਲ ਚਲੀ ਗਈ ਸੀ। । ਬਾਅਦ ਵਿੱਚ ਸਰਕਾਰ ਬਦਲਣ ਤੇ ਕਾਂਗਰਸ ਨੇ ਸੱਤਾ ਵਿੱਚ ਆਉਣ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਸੀਬੀਆਈ ਤੋਂ ਜਾਂਚ ਵਾਪਸ ਲੈ ਲਈ ਸੀ। ਪੰਜਾਬ ਪੁਲਿਸ ਦੀ SIT ਨੇ ਹਾਲ ਹੀ ਵਿੱਚ ਬੇਅਦਬੀ ਮਾਮਲੇ ਦੀ ਜਾਂਚ ਰਿਪੋਰਟ ਤਿਆਰ ਕੀਤੀ ਹੈ। ਜਿਸ ਵਿੱਚ ਰਾਮ ਰਹੀਮ ਨੂੰ ਬੇਅਦਬੀ ਦਾ ਮਾਸਟਰਮਾਈਂਡ ਦੱਸਿਆ ਗਿਆ ਹੈ। SIT ਦਾ ਦਾਅਵਾ ਹੈ ਕਿ ਸਾਰੀ ਸਾਜ਼ਿਸ਼ ਡੇਰਾ ਸੱਚਾ ਸੌਦਾ ਦੇ ਹੈੱਡਕੁਆਰਟਰ ਸਿਰਸਾ ਵਿੱਚ ਰਚੀ ਗਈ ਸੀ। ਰਾਮ ਰਹੀਮ ਦੀ ਫਿਲਮ ਮੈਸੇਂਜਰ ਆਫ ਗੌਡ (MSG) ਦੇ ਰਿਲੀਜ਼ ਨਾ ਹੋਣ ਦੇ ਵਿਰੋਧ ਵਿੱਚ ਬੇਅਦਬੀ ਦੀ ਸਾਜ਼ਿਸ਼ ਰਚੀ ਗਈ ਸੀ। ਰਾਮ ਰਹੀਮ ਨੇ ਹਾਈਕੋਰਟ ‘ਚ ਦਲੀਲ ਦਿੱਤੀ ਕਿ ਇਕ ਦੋਸ਼ੀ ਦੇ ਬਿਆਨ ‘ਤੇ ਉਸ ਨੂੰ ਬੇਅਦਬੀ ਮਾਮਲੇ ‘ਚ ਨਾਮਜ਼ਦ ਕੀਤਾ ਗਿਆ ਸੀ। ਫਿਰ ਉਨ੍ਹਾਂ ਦੇ ਪ੍ਰੋਡਕਸ਼ਨ ਵਾਰੰਟ ਵੀ ਜਾਰੀ ਕੀਤੇ ਗਏ। ਹਾਲਾਂਕਿ ਹਾਈਕੋਰਟ ਦੇ ਹੁਕਮਾਂ ‘ਤੇ ਪੰਜਾਬ ਪੁਲਿਸ ਦੀ ਨਵੀਂ SIT ਨੇ ਸੁਨਾਰੀਆ ਜੇਲ੍ਹ ‘ਚ ਜਾ ਕੇ ਪੁੱਛਗਿੱਛ ਕੀਤੀ | ਡੇਰਾ ਮੁਖੀ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਜਾਣਬੁੱਝ ਕੇ ਫਸਾਇਆ ਜਾ ਰਿਹਾ ਹੈ। ਇਸ ਲਈ ਇਸ ਮਾਮਲੇ ਦੀ ਸੀਬੀਆਈ ਜਾਂਚ ਹੋਣੀ ਜ਼ਰੂਰੀ ਹੈ। ਸਿਆਸੀ ਹਿੱਤਾਂ ਲਈ ਜਾਂਚ ਸੀਬੀਆਈ ਤੋਂ ਐਸਆਈਟੀ ਨੂੰ ਸੌਂਪੀ ਗਈ ਸੀ।