ਬੇਅਦਬੀ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰ ਪਾਲ ਬਿੱਟੂ ਦੇ ਪਰਿਵਾਰ ਨੂੰ ਪੰਜਾਬ ਸਰਕਾਰ ਦੇਵੇਗੀ 21 ਲੱਖ 83 ਹਜ਼ਾਰ ਰੁਪਏ
ਹਾਈਕੋਰਟ ਨੇ ਸੁਣਾਇਆ ਫੈਸਲਾ
ਚੰਡੀਗੜ੍ਹ,30 ਅਪ੍ਰੈਲ(ਵਿਸ਼ਵ ਵਾਰਤਾ) – ਬੇਅਦਬੀ ਮਾਮਲਿਆਂ ਦੇ ਮੁੱਖ ਦੋਸ਼ੀ ਮਹਿੰਦਰ ਪਾਲ ਬਿੱਟੂ ਦੀ 22 ਜੂਨ ਨੂੰ 2019 ਨੂੰ ਨਾਭਾ ਜੇਲ੍ਹ ਵਿੱਚ ਸਾਥੀ ਕੈਦੀਆਂ ਦੁਆਰਾ ਕੀਤੀ ਗਈ ਹੱਤਿਆ ਨੂੰ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਕਰਾਰ ਦਿੰਦਿਆਂ ਹੋਇਆਂ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਨੂੰ 21 ਲੱਖ 83 ਹਜ਼ਾਰ 581 ਰੁਪਏ ਦਾ ਮੁਆਵਜ਼ਾ ਦੇਣ ਦੇ ਹੁਕਮ ਦਿੱਤੇ ਹਨ। ਇਹ ਹੁਕਮ ਜਸਟਿਸ ਰਾਜ ਮੋਹਨ ਸਿੰਘ ਨੇ ਮ੍ਰਿਤਕ ਮਹਿੰਦਰ ਪਾਲ ਬਿੱਟੂ ਦੇ ਪਿਤਾ ਰਾਮ ਲਾਲ ਵੱਲੋਂ ਐਡਵੋਕੇਟ ਬਲਤੇਜ ਸਿੰਘ ਸਿੱਧੂ ਰਾਹੀਂ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਦੋ ਪੁੱਤਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਸਬੰਧੀ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਦਿੱਤਾ ਗਿਆ ਹੈ। ਇਹ ਵੀ ਜਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਪਹਿਲਾਂ ਹੀ ਇੱਕ ਲੱਖ ਰੁਪਏ ਜਾਰੀ ਕਰ ਚੁੱਕੀ ਹੈ। ਇਸ ਲਈ ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਨੂੰ ਬਕਾਇਆ 20 ਲੱਖ 83 ਹਜ਼ਾਰ 581 ਰੁਪਏ ਤਿੰਨ ਮਹੀਨਿਆਂ ਵਿੱਚ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਜੇਕਰ ਇਹ ਰਕਮ ਇਸ ਸਮੇਂ ਦੇ ਅੰਦਰ ਜਾਰੀ ਨਹੀਂ ਹੁੰਦੀ ਹੈ ਤਾਂ ਉਸ ਤੋਂ ਬਾਅਦ ਇਹ ਰਕਮ 6 ਫੀਸਦੀ ਵਿਆਜ ਨਾਲ ਜਾਰੀ ਕਰਨੀ ਪਵੇਗੀ।
ਮ੍ਰਿਤਕ ਮਹਿੰਦਰ ਪਾਲ ਬਿੱਟੂ ਦੇ ਪਰਿਵਾਰ ਨੇ ਦੱਸਿਆ ਕਿ ਇਸ ਪੂਰੇ ਮਾਮਲੇ ਤੋਂ ਪਹਿਲਾਂ ਉਹ ਕੋਟਕਪੂਰਾ ਵਿੱਚ ਬੇਕਰੀ ਚਲਾਉਂਦਾ ਸੀ ਅਤੇ ਉਸ ਦੀ ਚੰਗੀ ਆਮਦਨ ਸੀ। ਉਸ ਦੀ ਮੌਤ ਤੋਂ ਬਾਅਦ ਹੁਣ ਇਹ ਕੰਮ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ ਅਤੇ ਪਰਿਵਾਰ ਨੂੰ ਰੋਜ਼ੀ-ਰੋਟੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਬਿੱਟੂ ‘ਤੇ ਲੱਗੇ ਦੋਸ਼ਾਂ ਕਾਰਨ ਹੁਣ ਉਸ ਦਾ ਪਰਿਵਾਰ ਵੀ ਖਤਰੇ ‘ਚ ਹੈ। ਬਿੱਟੂ ਦੀ ਮੌਤ ਜੇਲ੍ਹ ਪ੍ਰਸ਼ਾਸਨ ਦੀ ਅਣਗਹਿਲੀ ਕਾਰਨ ਹੋਈ ਹੈ, ਇਸ ਲਈ ਉਸ ਨੂੰ ਮੁਆਵਜ਼ਾ ਦਿੱਤਾ ਜਾਵੇ। ਹਾਲਾਂਕਿ ਪਰਿਵਾਰ ਨੇ ਮੁਆਵਜ਼ੇ ਵਜੋਂ 2 ਕਰੋੜ ਰੁਪਏ ਦੀ ਮੰਗ ਕੀਤੀ ਸੀ।























