ਨਵਾਂਸ਼ਹਿਰ, 22 ਜੂਨ(ਵਿਸ਼ਵ ਵਾਰਤਾ)-
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਪੜ੍ਹੇ-ਲਿਖੇ ਬੇਰੋਜ਼ਗਾਰ ਯੁਵਕ/ਯੁਵਤੀਆਂ ਅਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਕਾਊਂਸਲਿੰਗ, ਹੈਲਪ ਲਾਈਨ ਸੇਵਾਵਾਂ, ਵੱਖ-ਵੱਖ ਕਿੱਤਾ ਕੋਰਸਾਂ, ਸਰਕਾਰ ਦੀਆਂ ਸਵੈ-ਰੋਜ਼ਗਾਰ ਸਕੀਮਾਂ, ਕਰਜਾ ਸਹੂਲਤਾਂ ਆਦਿ ਪ੍ਰਦਾਨ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ।
ਉਕਤ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਵਜੋਂ ਵਧੀਕ ਡਿਪਟੀ ਕਮਿਸ਼ਨਰ ਕਮ ਮੁੱਖ ਕਾਰਜਕਾਰੀ ਅਫ਼ਸਰ ਡੀ ਬੀ ਈ ਈ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਦਿੱਤੇ ਆਦੇਸ਼ਾਂ ਅਨੁਸਾਰ ਅੱਜ ਸ਼੍ਰੀਮਤੀ ਰੁਪਿੰਦਰ ਕੌਰ ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਵੱਲੋਂ ਵੱਖ-ਵੱਖ ਕਾਲਜਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਇਨ੍ਹਾਂ ਨੋਡਲ ਅਧਿਕਾਰੀਆਂ ਨੂੰ ਪ੍ਰਾਰਥੀਆਂ/ਵਿਦਿਆਰਥੀਆਂ ਦੀ ਕਾਊਂਸਲਿੰਗ ਉਪਰੰਤ ਨਿਯੋਜਕਾਂ ਦੀ ਮੰਗ ਅਨੁਸਾਰ ਵੱਧ ਤੋਂ ਵੱਧ ਪਲੇਸਮੈਂਟ/ਰਜਿਸਟ੍ਰੇਸ਼ਨ ਕਰਵਾਉਣ ਲਈ ਆਖਿਆ।
ਜ਼ਿਲ੍ਹਾ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਅਫ਼ਸਰ ਸ਼ਹੀਦ ਭਗਤ ਸਿੰਘ ਵਲੋਂ ਦੱਸਿਆ ਗਿਆ ਕਿ ਸੂਬਾ ਸਰਕਾਰ ਵਲੋਂ ਕੋਵਿਡ-19 ਤੋਂ ਬਚਾਅ ਲਈ ਲਾਏ ਗਏ ਲਾਕਡਾਉਨ ਦੇ ਮੱਦੇਨਜ਼ਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਦੇ ਕਾਊਂਸਲਰ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ/ਕਿੱਤਾ ਮਾਹਿਰਾਂ ਰਾਹੀਂ ਨੌਜਵਾਨਾਂ ਨੂੰ ਆਨ-ਲਾਈਨ ਕੌਂਸਲਿੰਗ ਸੈਸ਼ਨ ਰਾਹੀਂ ਬੇ-ਰੋਜ਼ਗਾਰ ਪ੍ਰਾਰਥੀਆਂ ਨੂੰ ਪੰਜਾਬ ਸਰਕਾਰ/ਕੇਂਦਰ ਸਰਕਾਰ ਦੀਆਂ ਵੱਖ-ਵੱਖ ਟ੍ਰੇਨਿੰਗ ਸਹੂਲਤਾਂ, ਕਰਜਾ ਸਹੂਲਤਾਂ, ਸਵੈ-ਰੋਜ਼ਗਾਰ ਸਕੀਮਾਂ, ਆਨਲਾਈਨ ਰਜਿਸਟ੍ਰੇਸ਼ਨ ਆਦਿ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਡਾ.ਸ਼ੀਨਾ ਅਗਰਵਾਲ, ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਡੀ ਬੀ ਈ ਈ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਇਸ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਤਰੀਕੇ ਨਾਲ ਲੋਕਾਂ ਤੱਕ ਲਾਭ ਪਹੰੁਚਾਉਣ ਦੇ ਆਦੇਸ਼ ਦਿੱਤੇ ਗਏ ਹਨ।
ਕਾਲਜਾਂ ਤੇ ਵਿਦਿਅਕ ਸੰਸਥਾਂਵਾਂ ਦੇ ਇਨ੍ਹਾਂ ਨੋਡਲ ਅਧਿਕਾਰੀਆਂ ਨੂੰ ਦੱਸਿਆ ਗਿਆ ਕਿ ਡਾਇਰੈਕਟਰ ਰੋਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋਂ ਦਿੱਤੇ ਗਏ ਆਦੇਸ਼ਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹੇ ਦੇ ਹਰ ਬਲਾਕ ਵਿੱਚ ਬੀ.ਡੀ.ਪੀ.ਓ ਦਫ਼ਤਰ ਵਿਖੇ ਰੋਜ਼ਗਾਰ ਸਹਾਇਤਾ ਕੇਂਦਰ ਸਥਾਪਿਤ ਕੀਤੇ ਗਏ ਹਨ, ਇਨ੍ਹਾਂ ਕੇਂਦਰਾਂ ਦੇ ਸਹਿਯੋਗ ਨਾਲ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਲੋੜ ਅਨੁਸਾਰ ਵੱਖ-ਵੱਖ ਵਿਭਾਗਾਂ ਨਾਲ ਤਾਲਮੇਲ ਸਥਾਪਿਤ ਕਰਕੇ ਰੋਜ਼ਗਾਰ ਦਿਵਾਉਣ ਦੇ ਭਰਪੂਰ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਬੇਰੋਜ਼ਗਾਰ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਪ ਨੂੰ http://www.pgrkam.com ਪੋਰਟਲ ’ਤੇ ਆਨਲਾਈਨ ਰਜਿਸਟਰ ਘਰ ਬੈਠੇ ਵੀ ਕਰ ਸਕਦੇ ਹਨ। ਆਨਲਾਈਨ ਕਾਊਸਲਿੰਗ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ ਦੇ 5 ਵਜੇ (ਸੋਮਵਾਰ ਤੋਂ ਸ਼ੁੱਕਰਵਾਰ) ਤੱਕ ਦਾ ਹੈ। ਕਾਊਂਸਲਿੰਗ ਦਾ ਲਾਭ ਪ੍ਰਾਰਥੀ ਘਰ ਵਿੱਚ ਬੈਠ ਕੇ ਹੀ ਟੈਲੀਫੋਨ/ਵੀਡੀਓ ਕਾਨਫਰੰਸਿੰਗ ਰਾਹੀਂ ਲੈ ਰਹੇ ਹਨ ਅਤੇ ਪ੍ਰਾਰਥੀਆਂ ਵਲੋ ਮੋਬਾਇਲ ਨੰਬਰ 98146-00087 ’ਤੇ ਸੰਪਰਕ ਕੀਤਾ ਜਾ ਸਕਦਾ ਹੈ।




















