ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦਾ 35ਵਾਂ ਦਿਨ
ਅੱਜ ਲਗਾਤਾਰ ਪੰਜਵੇਂ ਦਿਨ ਮੁੱਖ ਮੰਤਰੀ ਰਿਹਾਇਸ਼ ਵੱਲ ਵਧੇਗਾ ਮੋਰਚੇ ਦਾ ਜਥਾ
ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਪੁਲਿਸ ਦਾ ਹਾਈ ਅਲਰਟ,ਕੰਡਿਆਲੀ ਤਾਰ ਨਾਲ ਬੈਰੀਕੇਡਿੰਗ
ਚੰਡੀਗੜ੍ਹ 10 ਫਰਵਰੀ(ਵਿਸ਼ਵ ਵਾਰਤਾ ਬਿਉਰੋ)- ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਚੰਡੀਗੜ੍ਹ-ਮੁਹਾਲੀ ਬਾਰਡਰ ਤੇ ਕੌਮੀ ਇਨਸਾਫ ਮੋਰਚੇ ਵੱਲੋਂ ਲਗਾਏ ਗਏ ਪੱਕੇ ਧਰਨੇ ਦਾ ਅੱਜ 35ਵਾਂ ਦਿਨ ਹੈ।ਅੱਜ ਵੀ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਚੰਡੀਗੜ੍ਹ ਪੁਲਿਸ ਪੂਰੀ ਮੁਸਤੈਦੀ ਨਾਲ ਖੜ੍ਹੀ ਹੈ। ਇਸ ਦੇ ਨਾਲ ਹੀ ਮੋਹਾਲੀ ਪੁਲਸ ਵੀ ਮੌਕੇ ‘ਤੇ ਮੌਜੂਦ ਹੈ। ਦੋਵੇਂ ਪਾਸੇ ਪੁਲੀਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ ’ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਦੂਜੇ ਪਾਸੇ ਕੌਮੀ ਇਨਸਾਫ਼ ਮੋਰਚਾ ਦੇ ਮੈਂਬਰ ਸਮੇਂ-ਸਮੇਂ ‘ਤੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਪੰਜਾਬ ਦੀ ਸਰਕਾਰੀ ਰਿਹਾਇਸ਼ ਵੱਲ ਕੂਚ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਪਰ ਮੋਰਚੇ ਦੇ ਮੈਂਬਰਾਂ ਅਤੇ ਪੁਲਿਸ ਵਿਚਾਲੇ ਬੁੱਧਵਾਰ ਨੂੰ ਹੋਏ ਟਕਰਾਅ ਤੋਂ ਬਾਅਦ ਇਹ ਸਰਹੱਦੀ ਪੁਆਇੰਟ ਸੰਵੇਦਨਸ਼ੀਲ ਬਣਿਆ ਹੋਇਆ ਹੈ।
ਬੀਤੇ ਕੱਲ੍ਹ ਵੀ ਮੋਰਚੇ ਦੇ ਮੈਂਬਰਾਂ ਵੱਲੋਂ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕੀਤਾ ਗਿਆ ਸੀ। ਪਰ, ਚੰਡੀਗੜ੍ਹ ਪੁਲਿਸ ਵੱਲੋਂ ਰੋਕੇ ਜਾਣ ਤੋਂ ਬਾਅਦ ਉਹ ਸੜਕ ਤੇ ਹੀ ਧਰਨੇ ਤੇ ਬੈਠ ਗਏ ਸਨ। ਅੱਜ ਵੀ ਮੋਰਚੇ ਦਾ ਜਥਾ ਮੁੱਖ ਮੰਤਰੀ ਰਿਹਾਇਸ਼ ਵੱਲ ਕੂਚ ਕਰ ਸਕਦਾ ਹੈ। ਉਹ ਮੁੱਖ ਮੰਤਰੀ ਨਾਲ ਮੁਲਾਕਾਤ ਲਈ ਬਜਿੱਦ ਹਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਬਾਰਡਰ ‘ਤੇ ਕੰਡਿਆਲੀ ਤਾਰ ਲਗਾ ਕੇ ਬੈਰੀਕੇਡਿੰਗ ਕੀਤੀ ਗਈ ਹੈ।