ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 11 ਮੈਂਬਰੀ ਕਮੇਟੀ ਦਾ ਗਠਨ
ਸੰਗਰੂਰ ਲੋਕ ਸਭਾ ਸੀਟ ਤੋਂ ਉਤਾਰੇਗੀ ਸਾਂਝਾ ਉਮੀਦਵਾਰ
ਚੰਡੀਗੜ੍ਹ, 4 ਜੂਨ (ਵਿਸ਼ਵ ਵਾਰਤਾ)-ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਣਾਈ ਗਈ 11 ਮੈਂਬਰੀ ਕਮੇਟੀ ਹੁਣ ਸਿਆਸਤ ਵਿੱਚ ਆ ਰਹੀ ਹੈ। ਸੰਗਰੂਰ ਵਿੱਚ ਹੋਣ ਜਾ ਰਹੀ ਉਪ ਚੋਣ ਵਿੱਚ ਸਾਰੇ ਮੈਂਬਰਾਂ ਨੇ ਇੱਕ ਸਾਂਝਾ ਮੈਂਬਰ ਉਤਾਰਨ ਦਾ ਐਲਾਨ ਕੀਤਾ ਹੈ। ਸ਼ੁੱਕਰਵਾਰ ਦੇਰ ਸ਼ਾਮ ਹੋਈ ਮੀਟਿੰਗ ਤੋਂ ਬਾਅਦ 11 ਮੈਂਬਰੀ ਕਮੇਟੀ ਨੇ ਸਾਂਝੇ ਮੈਂਬਰ ਨੂੰ ਮੈਦਾਨ ਵਿਚ ਉਤਾਰਨ ਬਾਰੇ ਵਿਚਾਰ ਕੀਤਾ ਅਤੇ ਹੁਣ ਜਲਦ ਹੀ ਇਸ ਦੇ ਨਾਂ ਦਾ ਐਲਾਨ ਕੀਤਾ ਜਾ ਸਕਦਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਿਛਲੇ ਦਿਨੀਂ 11 ਮੈਂਬਰਾਂ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਸੀ, ਜਿਸ ਵਿੱਚ ਉਨ੍ਹਾਂ ਸਾਰੇ ਬੰਦੀ ਸਿੱਖਾਂ ਦੀ ਰਿਹਾਈ ਲਈ ਚੱਲ ਰਹੇ ਯਤਨਾਂ ਦੇ ਹਿੱਸੇ ਵਜੋਂ ਮੁਲਾਕਾਤ ਲਈ ਸਮਾਂ ਮੰਗਿਆ ਸੀ, ਪਰ ਕਾਫੀ ਸਮਾਂ ਬੀਤਣ ਤੋਂ ਬਾਅਦ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਉਨ੍ਹਾਂ ਨੂੰ ਕੋਈ ਜਵਾਬ ਨਹੀਂ ਮਿਲਿਆ। ਇਸ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਾਰੇ 11 ਮੈਂਬਰਾਂ ਨੂੰ ਇੱਕ ਵਾਰ ਫਿਰ ਇਕੱਠੇ ਹੋਣ ਲਈ ਕਿਹਾ ਸੀ। ਸ਼ੁੱਕਰਵਾਰ ਦੇਰ ਰਾਤ ਹੋਈ ਮੀਟਿੰਗ ਵਿੱਚ ਸੁਖਬੀਰ ਬਾਦਲ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਸਮੇਤ ਸਾਰੇ ਮੈਂਬਰ ਪੁੱਜੇ। ਮੀਟਿੰਗ ਵਿੱਚ ਸਾਰਿਆਂ ਨੇ ਲੋਕ ਸਭਾ ਉਪ ਚੋਣ ਵਿੱਚ ਆਪਣਾ ਸਾਂਝਾ ਉਮੀਦਵਾਰ ਖੜ੍ਹਾ ਕਰਨ ਦਾ ਐਲਾਨ ਕੀਤਾ ਹੈ, ਜਲਦ ਹੀ 11 ਮੈਂਬਰੀ ਕਮੇਟੀ ਵੱਲੋਂ ਉਮੀਦਵਾਰ ਦੇ ਨਾਂ ਦਾ ਐਲਾਨ ਕਰ ਦਿੱਤਾ ਜਾਵੇਗਾ।























