ਬੰਦੀ ਸਿੰਘਾਂ ਦੀ ਰਿਹਾਈ ਲਈ ਹੋ ਰਹੇ ਪ੍ਰਦਰਸ਼ਨਾਂ ਵਿਚਾਲੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਗੁਰਦੀਪ ਸਿੰਘ ਖਹਿਰਾ ਨੂੰ ਮਿਲੀ ਪੈਰੋਲ
ਚੰਡੀਗੜ੍ਹ 11 ਫਰਵਰੀ(ਵਿਸ਼ਵ ਵਾਰਤਾ ਬਿਓਰੋ)- ਪੰਜਾਬ ਵਿੱਚ ਬੰਦੀ ਸਿੱਖਾਂ ਦੀ ਰਿਹਾਈ ਨੂੰ ਲੈ ਕੇ ਚੱਲ ਰਹੇ ਪ੍ਰਦਰਸ਼ਨਾਂ ਵਿਚਾਲੇ ਅੰਮ੍ਰਿਤਸਰ ਜੇਲ੍ਹ ਵਿੱਚ ਬੰਦ ਇੱਕ ਸਿੱਖ ਗੁਰਦੀਪ ਸਿੰਘ ਖਹਿਰਾ ਨੂੰ ਪੈਰੋਲ ਮਿਲ ਗਈ ਹੈ। ਜਾਣਕਾਰੀ ਅਨੁਸਾਰ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਹ ਅੰਮ੍ਰਿਤਸਰ ਸਥਿਤ ਪਿੰਡ ਜੱਲੂਪੁਰ ਖਹਿਰਾ ਵਿੱਚ ਰਹਿ ਰਿਹਾ ਹੈ। ਹੋਰ ਪ੍ਰਾਪਤ ਜਾਣਕਾਰੀ ਅਨੁਸਾਰ ਖਹਿਰਾ ਨੂੰ 8 ਹਫ਼ਤਿਆਂ ਲਈ ਪੈਰੋਲ ਦਿੱਤੀ ਗਈ ਹੈ। ਅੱਠ ਸਾਲ ਪਹਿਲਾਂ 2015 ਵਿੱਚ ਉਸ ਨੂੰ ਕਰਨਾਟਕ ਤੋਂ ਅੰਮ੍ਰਿਤਸਰ ਜੇਲ੍ਹ ਵਿੱਚ ਤਬਦੀਲ ਕਰ ਦਿੱਤਾ ਗਿਆ ਸੀ। ਖਹਿਰਾ ਨੇ ਨੇ 1988-1989 ਵਿੱਚ ਪਹਿਲਾਂ ਦਿੱਲੀ ਅਤੇ ਬਾਅਦ ਵਿੱਚ ਕਰਨਾਟਕ ਦੇ ਬਿਦਰ ਸ਼ਹਿਰ ਵਿੱਚ ਧਮਾਕੇ ਕੀਤੇ ਸਨ।
ਪੁਲਿਸ ਨੇ ਉਸਨੂੰ 6 ਦਸੰਬਰ 1990 ਨੂੰ ਗ੍ਰਿਫਤਾਰ ਕਰ ਲਿਆ ਸੀ। 15 ਦਸੰਬਰ 1991 ਨੂੰ ਅਦਾਲਤ ਨੇ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਕਰਨਾਟਕ ਵਿੱਚ ਬੰਬ ਧਮਾਕਿਆਂ ਦੇ ਮਾਮਲੇ ਵਿੱਚ ਉਥੋਂ ਦੀ ਅਦਾਲਤ ਵੱਲੋਂ ਉਸ ਨੂੰ ਆਖਰੀ ਸਾਹ ਤੱਕ ਉਮਰ ਕੈਦ ਦੀ ਸਜ਼ਾ ਵੀ ਸੁਣਾਈ ਗਈ ਸੀ। ਦਿੱਲੀ ਵਿੱਚ ਉਮਰ ਕੈਦ ਦੀ ਸਜ਼ਾ ਪੂਰੀ ਹੋਣ ਤੋਂ ਬਾਅਦ ਕਰਨਾਟਕ ਸਰਕਾਰ ਨੇ ਉਸ ਨੂੰ ਆਪਣੇ ਸੂਬੇ ਵਿੱਚ ਤਬਦੀਲ ਕਰ ਦਿੱਤਾ ਸੀ। ਹੁਣ ਖਹਿਰਾ ਕਰੀਬ 32 ਸਾਲਾਂ ਬਾਅਦ ਜੇਲ੍ਹ ਤੋਂ ਬਾਹਰ ਆਇਆ ਹੈ।