ਬੰਦ ਦੇ ਮੱਦੇਨਜ਼ਰ ਐਸ.ਪੀਜ਼, ਡੀ.ਐਸ.ਪੀਜ਼, ਥਾਣਾ ਮੁਖੀਆਂ ਸਮੇਤ 1100 ਤੋਂ ਵੱਧ ਮੁਲਾਜ਼ਮ ਫੀਲਡ ’ਚ ਤਾਇਨਾਤ : ਨਵਜੋਤ ਸਿੰਘ ਮਾਹਲ

ਹੁਸ਼ਿਆਰਪੁਰ, 8 ਦਸੰਬਰ (ਵਿਸ਼ਵ ਵਾਰਤਾ) ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਅੱਜ ਸ਼ਹਿਰ ਅੰਦਰ ਅਤੇ ਲਾਗਲੇ ਖੇਤਰਾਂ ਵਿੱਚ ਧਰਨੇ ਵਾਲੀਆਂ ਥਾਵਾਂ ’ਤੇ ਜਾ ਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਸਾਰਿਆਂ ਨੂੰ ਅਮਨ-ਕਾਨੂੰਨ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਅੱਜ ਸਵੇਰੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਬਾਹਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ‘ਭਾਰਤ ਬੰਦ’ ਦੇ ਸੱਦੇ ਦੇ ਮੱਦੇਨਜ਼ਰ ਲੋੜੀਂਦੇ ਦਿਸ਼ਾ-ਨਿਰਦੇਸ਼ ਦੇਣ ਉਪਰੰਤ ਐਸ.ਐਸ.ਪੀ. ਨੇ ਸਥਾਨਕ ਚੰਡੀਗੜ੍ਹ ਬਾਈਪਾਸ, ਟਾਂਡਾ ਬਾਈਪਾਸ, ਫਗਵਾੜਾ ਬਾਈਪਾਸ, ਪ੍ਰਪਾਤ ਚੌਕ, ਜਲੰਧਰ ਬਾਈਪਾਸ, ਦਸੂਹਾ ਬਾਈਪਾਸ ਆਦਿ ਖੇਤਰਾਂ ਦਾ ਨਿੱਜੀ ਤੌਰ ’ਤੇ ਦੌਰਾ ਕਰਦਿਆਂ ਅਮਨ-ਕਾਨੂੰਨ ਦੀ ਸਥਿਤੀ ਦਾ ਜਾਇਜ਼ਾ ਲਿਆ।
ਐਸ.ਪੀ. (ਡੀ) ਰਵਿੰਦਰਪਾਲ ਸਿੰਘ ਸੰਧੂ ਸਮੇਤ ਵੱਖ-ਵੱਖ ਥਾਵਾਂ ’ਤੇ ਪੁੱਜੇ ਐਸ.ਐਸ.ਪੀ. ਨਵਜੋਤ ਸਿੰਘ ਮਾਹਲ ਨੇ ਪ੍ਰਦਰਸ਼ਕਾਰੀ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਜਿਥੇ ਕਿਸਾਨਾਂ ਨੂੰ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨ ਦੀ ਅਪੀਲ ਕੀਤੀ ਉਥੇ ਨਾਲ ਹੀ ਤਾਕੀਦ ਕੀਤੀ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਬਣਾ ਕੇ ਰੱਖਿਆ ਜਾਵੇ। ਸਥਾਨਕ ਚੰਡੀਗੜ੍ਹ ਬਾਈਪਾਸ ’ਤੇ ਕਿਸਾਨ ਆਗੂਆਂ ਨੇ ਐਸ.ਐਸ.ਪੀ. ਨੂੰ ਦੱਸਿਆ ਕਿ ਉਨ੍ਹਾਂ ਦਾ ਪ੍ਰਦਰਸ਼ਨ ਪੂਰਨ ਸ਼ਾਂਤਮਈ ਚੱਲ ਰਿਹਾ ਹੈ ਅਤੇ ਕਿਸੇ ਵੀ ਕਿਸਮ ਦੀ ਐਮਰਜੈਂਸੀ ਨਾਲ ਸਬੰਧਤ ਆਵਾਜਾਈ ਨੂੰ ਬੇਰੋਕ ਯਕੀਨੀ ਬਣਾਇਆ ਜਾ ਰਿਹਾ ਹੈ।
ਵੱਖ-ਵੱਖ ਥਾਵਾਂ ਦਾ ਦੌਰਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੰਦ ਮੁਕੰਮਲ ਸ਼ਾਂਤਮਈ ਚੱਲ ਰਿਹਾ ਹੈ ਅਤੇ ਜ਼ਿਲ੍ਹਾ ਪੁਲਿਸ ਵਲੋਂ 1100 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਤਾਇਨਾਤੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਐਸ.ਪੀਜ਼ ਅਤੇ ਡੀ.ਐਸ.ਪੀਜ਼ ਸਮੇਤ ਸਾਰੇ ਐਸ.ਐਚ.ਓਜ਼ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਫੀਲਡ ਵਿੱਚ ਡਿਊਟੀ ਨਿਭਾਅ ਰਹੇ ਹਨ।






















