ਭਗਵੰਤ ਮਾਨ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਅੱਗੇ ਗੋਡੇ ਨਹੀਂ ਟੇਕਣ ਦੇਵੇਗੀ- ਐਮ ਐਲ ਏ ਕੁਲਜੀਤ ਸਿੰਘ ਰੰਧਾਵਾ
ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ‘ਤੇ ਡੇਰਾਬੱਸੀ ਦੇ ਤ੍ਰਿਵੇਦੀ ਕੈਂਪ ਵਿਖੇ ਪ੍ਰਸ਼ਾਸਨ ਨੇ ਜਾਗਰੂਕਤਾ ਕੈਂਪ ਲਗਾਇਆ
ਐਸ ਏ ਐਸ ਨਗਰ/ਡੇਰਾਬੱਸੀ, 26 ਜੂਨ(ਸਤੀਸ਼ ਕੁਮਾਰ ਪੱਪੀ)- ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਅੱਗੇ ਗੋਡੇ ਨਹੀਂ ਟੇਕਣ ਦੇਵੇਗੀ। ਆਪਣੇ ਇਲਾਕੇ ਵਿੱਚ ਨਸ਼ਾ ਤਸਕਰੀ ਵਿੱਚ ਲੱਗੀਆਂ ਵੱਡੀਆਂ ਮੱਛੀਆਂ ਦੀ ਸੂਚਨਾ ਦੇਣ ਵਾਲੇ ਨੂੰ ਨਗਦ ਇਨਾਮ ਦੇਣ ਦਾ ਐਲਾਨ ਕਰਦਿਆਂ ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਆਪਣੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਕੇ ਉਨ੍ਹਾਂ ਨੂੰ ਗੁੰਮਰਾਹ ਕਰਨ ਵਾਲੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਲਈ ਹਮੇਸ਼ਾਂ ਤਤਪਰ ਰਹਿਣਗੇ।
ਡੇਰਾਬੱਸੀ ਦੇ ਤ੍ਰਿਵੇਦੀ ਕੈਂਪ ਵਿਖੇ ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਦੀ ਅਗਵਾਈ ਵਿੱਚ ਸਥਾਨਕ ਪ੍ਰਸ਼ਾਸਨ ਵੱਲੋਂ ਨਸ਼ਾਖੋਰੀ ਅਤੇ ਨਾਜਾਇਜ਼ ਤਸਕਰੀ ਵਿਰੁੱਧ ਅੰਤਰਰਾਸ਼ਟਰੀ ਦਿਵਸ ਤੇ ਲਗਾਏ ਗਏ ਜਾਗਰੂਕਤਾ ਕੈਂਪ ਨੂੰ ਸੰਬੋਧਨ ਕਰਦਿਆਂ, ਹਲਕਾ ਡੇਰਾਬੱਸੀ ਦੇ ਵਿਧਾਇਕ ਨੇ ਕਿਹਾ ਕਿ ਸੂਬਾ ਸਰਕਾਰ ਰਾਜ ਨੂੰ ਰੰਗਲੇ ਪੰਜਾਬ ਵਿੱਚ ਬਦਲ ਕੇ ਪੰਜਾਬ ਦੀ ਨੌਜਵਾਨੀ ਲਈ ਬਿਹਤਰ ਭਵਿੱਖ ਦੀ ਇੱਛਾ ਰੱਖਦੀ ਹੈ ਅਤੇ ਅਸੀਂ ਇਸ ਗੱਲ ਸੀ ਕਤਈ ਇਜਾਜ਼ਤ ਨਹੀਂ ਦੇ ਸਕਦੇ ਕਿ ਕੋਈ ਵੀ ਵਿਅਕਤੀ ਸਾਡੇ ਨੌਜਵਾਨਾਂ ਨੂੰ ਨਸ਼ੇ ਦੀ ਚਾਟ ਤੇ ਲਾ ਕੇ ਹਨ੍ਹੇਰੇ ਭਵਿੱਖ ਵੱਲ ਧੱਕੇ।
ਉਨ੍ਹਾਂ ਸਥਾਨਕ ਐਸ.ਐਚ.ਓ ਨੂੰ ਹਦਾਇਤ ਕੀਤੀ ਕਿ ਇਲਾਕੇ ਵਿੱਚ ਨਸ਼ਿਆਂ ਦਾ ਧੰਦਾ ਕਰਨ ਵਾਲੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸ਼ਿਕੰਜਾ ਕੱਸਿਆ ਜਾਵੇ। ਡੇਰਾਬੱਸੀ ਦੇ ਵਿਧਾਇਕ ਨੇ ਐਸ.ਐਮ.ਓ ਡਾ.ਧਰਮਿੰਦਰ ਅਤੇ ਮਨੋਰੋਗ ਮਾਹਿਰ ਪੂਜਾ ਗਰਗ ਨੂੰ ਬਨੂੜ ਅਤੇ ਅੰਟਾਲਾ ਦੇ ਓਟ ਕੇਂਦਰਾਂ ਵਿੱਚ ਨਸ਼ਿਆਂ ਦੇ ਸ਼ਿਕਾਰ ਲੋਕਾਂ ਦੀ ਕਾਉਂਸਲਿੰਗ ਕਰਨ ਅਤੇ ਨਸ਼ਾ ਛੁਡਾਉਣ ਲਈ ਵੀ ਅਪੀਲ ਕੀਤੀ ਤਾਂ ਜੋ ਇਸ ਇਲਾਕੇ ਵਿੱਚੋਂ ਨਸ਼ਿਆਂ ਦੇ ਪ੍ਰਭਾਵ ਨੂੰ ਖਤਮ ਕੀਤਾ ਜਾ ਸਕੇ।
ਐਸ.ਡੀ.ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ ਨੇ ਵਿਧਾਇਕ ਨੂੰ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਕਾਰਵਾਈ ਤੇਜ਼ ਕਰਨ ਦੇ ਨਾਲ-ਨਾਲ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਤੋਂ ਬਚਾਉਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਐਸ ਐਸ ਪੀ ਸੰਦੀਪ ਗਰਗ ਵੱਲੋਂ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਲਈ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਪਤਾ ਗੁਪਤ ਰੱਖਿਆ ਜਾਵੇਗਾ।
ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਮੁੜ ਵਸੇਬੇ ਲਈ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਹੁਨਰ ਸਿਖਲਾਈ ਵੀ ਦਿੱਤੀ ਜਾਵੇਗੀ।