ਭਾਈ ਰਾਜੋਆਣਾ ਦੀ ਰਿਹਾਈ ਲਈ ਸ਼੍ਰੋਮਣੀ ਕਮੇਟੀ ਦਾ ਵਫ਼ਦ ਜਲਦ ਮਿਲੇਗਾ ਗ੍ਰਹਿ ਮੰਤਰੀ ਨੂੰ : ਐਡਵੋਕੇਟ ਧਾਮੀ

ਅੰਮ੍ਰਿਤਸਰ, 18 ਦਸੰਬਰ(ਵਿਸ਼ਵ ਵਾਰਤਾ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਧਰਮ ਪ੍ਰਚਾਰ ਕਮੇਟੀ ਦੀ ਮੀਟਿੰਗ ਨੇ ਭਾਰਤ ਸਰਕਾਰ ਤੋਂ ਭਾਈ ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕੀਤੀ ਹੈ।
ਐਡਵੋਕੇਟ ਧਾਮੀ ਨੇ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਚੜ੍ਹਾਵੇ ਦੇ ਪੈਕਟਾਂ ਅੰਦਰ ਸਿਗਰਟ ਦੇ ਇਸ਼ਤਿਹਾਰ ਛਾਪਣ ਦੀ ਸਖ਼ਤ ਨਿਖੇਧੀ ਕੀਤੀ ਹੈ।ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਭਾਰਤ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਸੀ ਪਰ ਸਰਕਾਰ ਨੇ ਅੱਜ ਤੱਕ ਆਪਣੇ ਫੈਸਲੇ ਨੂੰ ਲਾਗੂ ਨਹੀਂ ਕੀਤਾ।
ਉਨ੍ਹਾਂ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਵਿੱਚ ਤਬਦੀਲੀ ਲਈ ਸਤੰਬਰ 2020 ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕੀਤੀ ਗਈ ਸੀ। ਸਰਕਾਰ ਦੀ ਢਿੱਲ ਕਾਰਨ ਸੁਪਰੀਮ ਕੋਰਟ ਨੇ ਜਨਵਰੀ 2021 ਵਿੱਚ ਦੋ ਹਫ਼ਤਿਆਂ ਦਾ ਸਮਾਂ ਦਿੱਤਾ ਸੀ, ਜਦੋਂ ਕਿ ਫਰਵਰੀ 2021 ਵਿੱਚ ਸਰਕਾਰ ਨੇ ਛੇ ਹਫ਼ਤਿਆਂ ਦਾ ਸਮਾਂ ਹੋਰ ਮੰਗਿਆ ਸੀ।ਉਨ੍ਹਾਂ ਕਿਹਾ ਕਿ ਕਰੀਬ ਇੱਕ ਸਾਲ ਬੀਤ ਜਾਣ ਦੇ ਬਾਵਜੂਦ ਸਰਕਾਰ ਅਜੇ ਤੱਕ ਕੋਈ ਫੈਸਲਾ ਨਹੀਂ ਲੈ ਸਕੀ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਪਹਿਲਾਂ ਵੀ ਗ੍ਰਹਿ ਮੰਤਰੀ ਨੂੰ ਪੱਤਰ ਲਿਖੇ ਜਾ ਚੁੱਕੇ ਹਨ ਅਤੇ ਹੁਣ ਉਨ੍ਹਾਂ ਮੁੜ ਪੱਤਰ ਲਿਖ ਕੇ ਵਫ਼ਦ ਵਜੋਂ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗਿਆ ਹੈ।ਐਡਵੋਕੇਟ ਧਾਮੀ ਨੇ ਦੱਸਿਆ ਕਿ ਗ੍ਰਹਿ ਮੰਤਰੀ ਨਾਲ ਮੀਟਿੰਗ ਦੌਰਾਨ ਸਿੱਖ ਕੈਦੀਆਂ ਦੀ ਰਿਹਾਈ ਦੇ ਨਾਲ-ਨਾਲ ਹੋਰ ਸਿੱਖ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।






















