ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਗੰਨਾ ਉਤਪਾਦਕ ਕਿਸਾਨਾਂ ਨੂੰ ਪੰਜਾਬ ਸਰਕਾਰ 360 ਰੁਪਏ ਪ੍ਰਤੀ ਕੁਇੰਟਲ ਰੇਟ ਪੂਰਾ ਦੇਣ ਦੀ ਮੰਗ ਅਤੇ ਠੇਕਾ ਮੁਲਾਜ਼ਮਾਂ ਦੇ ਸੰਘਰਸ਼ਾਂ ਦੀ ਹਮਾਇਤ

ਚੰਡੀਗੜ੍ਹ, 29 ਨਵੰਬਰ (ਵਿਸ਼ਵ ਵਾਰਤਾ ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਗੰਨਾ ਉਤਪਾਦਕਾਂ ਕਿਸਾਨਾਂ ਨੂੰ ਪੰਜਾਬ ਸਰਕਾਰ ਦੁਆਰਾ ਐਲਾਨਿਆ 360 ਰੁਪਏ ਪ੍ਰਤੀ ਕੁਇੰਟਲ ਦਾ ਐੱਮ ਐੱਸ ਪੀ ਖੰਡ ਮਿੱਲਾਂ ਵੱਲੋਂ ਪੂਰਾ ਦੇਣ ਦੀ ਜ਼ੋਰਦਾਰ ਮੰਗ ਕੀਤੀ ਗਈ ਹੈ। ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਮੀਤ ਪ੍ਰਧਾਨ ਰੂਪ ਸਿੰਘ ਛੰਨਾਂ ਵੱਲੋਂ ਅੱਜ ਇੱਥੇ ਜਾਰੀ ਕੀਤੇ ਗਏ ਸਾਂਝੇ ਪ੍ਰੈੱਸ ਬਿਆਨ ਰਾਹੀਂ ਦੱਸਿਆ ਗਿਆ ਕਿ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਦੁਆਰਾ ਕੀਤਾ ਗਿਆ ਵਾਧਾ ਦੇਣ ਤੋਂ ਇਨਕਾਰੀ ਮਿੱਲਾਂ ਦੇ ਮਾਲਕਾਂ ਵਿਰੁੱਧ ਜਥੇਬੰਦਕ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਡਟਵੀਂ ਹਮਾਇਤ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।
ਬਿਆਨ ਜਾਰੀ ਰਖਦਿਆਂ ਕਿਸਾਨ ਆਗੂਆਂ ਨੇ ਵੱਖ-ਵੱਖ ਵਰਗਾਂ ਦੇ ਠੇਕਾ ਕਾਮਿਆਂ ਵੱਲੋਂ ਪੱਕੇ ਰੁਜ਼ਗਾਰ ਵਰਗੀਆਂ ਹੱਕੀ ਮੰਗਾਂ ਲਈ ਲਗਾਤਾਰ ਕੀਤੇ ਜਾ ਰਹੇ ਸੰਘਰਸ਼ਾਂ ਦੀ ਡਟਵੀਂ ਹਮਾਇਤ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸਲ ਵਿੱਚ ਨਿਗੂਣੀਆਂ ਤਨਖਾਹਾਂ ‘ਤੇ ਠੇਕਾ ਭਰਤੀ ਸੰਸਾਰ ਵਪਾਰ ਸੰਸਥਾ ਦੀਆਂ ਨਿੱਜੀਕਰਨ, ਵਪਾਰੀਕਰਨ ਤੇ ਸੰਸਾਰੀਕਰਨ ਵਾਲੀਆਂ ਸਾਮਰਾਜੀ ਕਾਰਪੋਰੇਟ ਪੱਖੀ ਨੀਤੀਆਂ ਨੂੰ ਪੰਜਾਬ ਦੀ ਕਾਂਗਰਸ ਸਰਕਾਰ ਦੁਆਰਾ ਮੜ੍ਹੇ ਜਾਣ ਦਾ ਨਤੀਜਾ ਹੀ ਹੈ। ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ ਬੀਬੀਵਾਲਾ ਚੌਕ ਬਠਿੰਡਾ ਅਤੇ ਲਾਢੂਵਾਲ ਸਤਲੁਜ ਪੁਲ ਲੁਧਿਆਣਾ ਵਿਖੇ ਕੱਲ੍ਹ 30 ਨਵੰਬਰ ਤੋਂ 24 ਘੰਟੇ ਲਈ ਕੀਤੇ ਜਾ ਰਹੇ ਸੜਕ ਜਾਮ ਵਿੱਚ ਹਮਾਇਤੀ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਪੰਜਾਬ; ਐੱਨ ਐੱਸ ਕਿਊ ਐਫ ਅਧਿਆਪਕਾਂ ਅਤੇ ਹੋਰ ਠੇਕਾ ਕਾਮਿਆਂ ਦੇ ਲੰਬੇ ਸਿਰੜੀ ਸੰਘਰਸ਼ਾਂ ਨਾਲ ਵੀ ਇੱਕਜੁਟਤਾ ਹੋਰ ਮਜ਼ਬੂਤ ਕੀਤੀ ਜਾਵੇਗੀ। ਕਿਸਾਨ ਆਗੂਆਂ ਮੁਤਾਬਕ ਇਹ ਸਮੇਂ ਦੀ ਲੋੜ ਹੈ ਕਿਉਂਕਿ ਕੇਂਦਰੀ ਭਾਜਪਾ ਹਕੂਮਤ ਸਮੇਤ ਦੇਸ਼ ਦੇ ਹੋਰ ਸੱਤਾਧਾਰੀ ਵੀ ਇਨ੍ਹਾਂ ਸਾਮਰਾਜੀ ਨੀਤੀਆਂ ਨੂੰ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਹੋਰ ਸਾਰੇ ਕਿਰਤੀਆਂ ਉੱਤੇ ਇਨ੍ਹਾਂ ਹੀ ਨੀਤੀਆਂ ਦੀ ਬਦੌਲਤ ਮਾਰੂ ਕਾਨੂੰਨ ਮੜ੍ਹੇ ਜਾ ਰਹੇ ਹਨ। ਕਾਲੇ ਖੇਤੀ ਕਾਨੂੰਨ ਅਤੇ ਲੇਬਰ ਕੋਡ ਕਾਨੂੰਨ ਆਦਿ ਸਭ ਸਾਮਰਾਜੀ ਕਾਰਪੋਰੇਟਾਂ ਦੀ ਸੇਵਾ ਵਿੱਚ ਹੀ ਬਣਾਏ ਗਏ ਹਨ। ਜਥੇਬੰਦੀ ਦੀ ਨੀਤੀ ਤਾਂ ਇੱਕਜੁਟ ਸਾਂਝੇ ਵਿਸ਼ਾਲ ਸੰਘਰਸ਼ਾਂ ਰਾਹੀਂ ਇਨ੍ਹਾਂ ਸਾਮਰਾਜੀ ਨੀਤੀਆਂ ਨੂੰ ਮੁਕੰਮਲ ਭਾਂਜ ਦੇਣ ਦੀ ਹੈ।






















